ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਰੋਸ ਪ੍ਰਦਰਸ਼ਨ ਕਰੇਗਾ ਸਾਂਝਾ ਅਧਿਆਪਕ ਮੋਰਚਾ
ਬੇਰੁਜ਼ਗਾਰ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ
ਨਬਜ਼-ਏ-ਪੰਜਾਬ, ਮੁਹਾਲੀ, 4 ਦਸੰਬਰ:
ਸਾਂਝਾ ਅਧਿਆਪਕ ਮੋਰਚਾ ਵੱਲੋਂ ਅਧਿਆਪਕਾਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਧਰਨੇ ਨੂੰ ਸਫਲ ਬਣਾਉਣ ਲਈ ਅਧਿਆਪਕਾਂ ਦੀ ਲਾਮਬੰਦੀ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਸੁਰਿੰਦਰ ਕੰਬੋਜ ਦੀ ਪ੍ਰਧਾਨਗੀ ਹੇਠ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਵਰਚੁਅਲ ਮੀਟਿੰਗ ਹੋਈ। ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਕਨਵੀਨਰਾਂ ਅਤੇ ਕੋ-ਕਨਵੀਨਰਾਂ ਨੇ 6 ਦਸੰਬਰ ਦੇ ਧਰਨਾ ਪ੍ਰਦਰਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਸੁਰਿੰਦਰ ਕੰਬੋਜ, ਕੁਲਦੀਪ ਸਿੰਘ ਦੌੜਕਾ ਅਤੇ ਐਨਡੀ ਤਿਵਾੜੀ ਨੇ ਬੀਤੇ ਕੱਲ੍ਹ ਰੁਜ਼ਗਾਰ ਮਗਦੇ ਬੇਰੁਜ਼ਗਾਰ ਅਧਿਆਪਕਾਂ ’ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਕਿਸੇ ਨੂੰ ਇਨਸਾਫ਼ ਲੈਣ ਲਈ ਧਰਨੇ ਨਹੀਂ ਲਗਾਉਣੇ ਪੈਣਗੇ ਪਰ ਜਿਸ ਦਿਨ ਤੋਂ ਭਗਵੰਤ ਮਾਨ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ, ਉਸ ਦਿਨ ਤੋਂ ਹੀ ਧਰਨੇ ਜਾਰੀ ਹਨ ਅਤੇ ਮੁਹਾਲੀ ਪੀੜਤ ਲੋਕਾਂ ਅਤੇ ਮੁਲਾਜ਼ਮ ਵਰਗ ਦੇ ਧਰਨਿਆਂ ਦੀ ਰਾਜਧਾਨੀ ਬਣ ਕੇ ਰਹਿ ਗਿਆ ਹੈ।
ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਹੋਈਆਂ ਮੀਟਿੰਗਾਂ ਦੇ ਫ਼ੈਸਲੇ ਲਾਗੂ ਨਾ ਕਰਨ ਅਤੇ ਅਧਿਆਪਕਾਂ ’ਤੇ ਨਵੇਂ ਹਮਲਿਆਂ ਦੇ ਵਿਰੋਧ ਵਿੱਚ 6 ਦਸੰਬਰ ਨੂੰ ਸਿੱਖਿਆ ਮੰਤਰੀ ਵਿਰੁੱਧ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਨੀਤੀ 2020 ਰੱਦ ਕਰਨ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫ਼ਟ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ਼ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਪੀਟੀਆਈਜ਼/ਆਰਟ ਐਂਡ ਕਰਾਫ਼ਟ ਟੀਚਰਜ਼ ਦੀ ਤਨਖ਼ਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਅਸਾਮੀਆਂ ਦਿਖਾ ਕੇ ਮੁੜ ਸਟੇਸ਼ਨ ਚੋਣ ਕਰਵਾਉਣ ਦੀ ਮੰਗ ਕੀਤੀ।