
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ‘ਸੁਤੰਤਰਤਾ ਦਿਵਸ’ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਛੋਟੇ ਬੱਚਿਆਂ ਤੋਂ ਲੈ ਕੇ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਬੱਚਿਆਂ ਨੇ ਤਿਰੰਗਾ ਝੰਡਾ ਬਣਾਇਆ, ਤਿੰਨ ਰੰਗਾਂ ਦੇ ਭੋਜਨ ਦਾ ਵਿਸ਼ੇਸ਼ ਟਿਫ਼ਨ ਤਿਆਰ ਸਮੇਤ ਰਾਸ਼ਟਰੀ ਗੀਤ ਦਾ ਗਾਇਨ ਕੀਤਾ। ਵਿਦਿਆਰਥੀਆਂ ਨੇ ਆਜ਼ਾਦੀ ਨਾਲ ਸਬੰਧਤ ਦੇਸ਼ ਭਗਤੀ ਦੇ ਗੀਤ, ਨਾਚ, ਨਾਟਕ, ਭਾਸ਼ਣ ਤੇ ਕਵਿਤਾਵਾਂ ਦੀ ਪੇਸ਼ਕਾਰੀ ਨਾਲ ਉਨ੍ਹਾਂ ਸਾਰੇ ਦੇਸ਼ ਭਗਤਾਂ ਦੀ ਯਾਦ ਨੂੰ ਤਾਜ਼ਾ ਕੀਤਾ, ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦ ਕਰਾਉਣ ਵਿੱਚ ਵਡਮੁੱਲਾ ਯੋਗਦਾਨ ਦਿੱਤਾ। ਬੱਚੇ ਵੱਖ-ਵੱਖ ਦੇਸ਼ ਭਗਤਾਂ ਦੇ ਰੂਪ ਵਿੱਚ ਪੁਸ਼ਾਕਾਂ ਵਿੱਚ ਸੁੰਦਰ ਨਜ਼ਰ ਆ ਰਹੇ ਸਨ।

ਇਸ ਮੌਕੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਅਤੇ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣ ਕੇ ਆਪਣੇ ਕਰਤੱਵਾਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਜਿਵੇਂ ਕਿ ਭ੍ਰਿਸ਼ਟਾਚਾਰ, ਰਿਸ਼ਵਤਖ਼ੋਰੀ, ਗਰੀਬੀ, ਨਸ਼ਿਆਂ ਅਤੇ ਭਰੁਣ-ਹੱਤਿਆ ਆਦਿ ਬੁਰਾਈਆਂ ਤੋਂ ਦੇਸ਼ ਨੂੰ ਮੁਕਤ ਕਰਾਉਣਾ ਚਾਹੀਦਾ ਹੈ।