ਸਤਿੰਦਰ ਗਿੱਲ ਨੇ ਮਜੀਠੀਆ ਵੱਲੋਂ ਜਥੇਦਾਰਾਂ ਬਾਰੇ ਲਏ ਸਟੈਂਡ ਨਾਲ ਸਹਿਮਤੀ ਜਤਾਈ
ਨਬਜ਼-ਏ-ਪੰਜਾਬ, ਮੁਹਾਲੀ, 10 ਮਾਰਚ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਲਾਂਭੇ ਕਰਨ ਤੋਂ ਸਿਆਸਤ ਭਖ ਗਈ ਹੈ ਅਤੇ ਜਥੇਦਾਰਾਂ ਦੇ ਹੱਕ ਵਿੱਚ ਅਸਤੀਫ਼ਾ ਦੇਣ ਅਤੇ ਤਾਜ਼ਾ ਫ਼ੈਸਲੇ ਗਲਤ ਦੱਸਣ ਵਾਲੇ ਆਗੂਆਂ ਦੀ ਕਤਾਰ ਲੰਮੀ ਹੁੰਦੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਜਥੇਦਾਰਾਂ ਬਾਰੇ ਲਏ ਸਟੈਂਡ ਨਾਲ ਸਹਿਮਤੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਮਜੀਠੀਆ ਦੀ ਰਾਇ ਨਾਲ ਪੂਰਨ ਤੌਰ ’ਤੇ ਸਹਿਮਤ ਹਨ। ਅੱਜ ਇੱਥੇ ਸਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਜਥੇਦਾਰ ਸਾਹਿਬਾਨਾਂ ਨੂੰ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਨੂੰ ਗਲਤ ਦੱਸਿਆ ਹੈ। ਮਜੀਠੀਆ ਨੇ ਅੰਤਰਿੰਗ ਕਮੇਟੀ ਦੇ ਫ਼ੈਸਲੇ ਨਾਲ ਅਸਹਿਮਤੀ ਜਤਾਉਂਦਿਆਂ ਕਿਹਾ ਹੈ ਕਿ ਕਮੇਟੀ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਦੇ ਮਨ ਨੂੰ ਡੂੰਘੀ ਠੇਸ ਪਹੁੰਚੀ ਹੈ। ਮਜੀਠੀਆ ਨੇ ਕਿਹਾ ਕਿ ਜਥੇਦਾਰ ਨੂੰ ਜਿਸ ਤਰੀਕੇ ਨਾਲ ਹਟਾਇਆ ਗਿਆ ਹੈ, ਉਸ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ, ਜੋ ਪੰਥ ਦੇ ਹਿੱਤ ਵਿੱਚ ਨਹੀਂ ਹੈ।