
ਮੁਹਾਲੀ ਦੇ ਨਵੇਂ ਐਸਐਸਪੀ ਸਤਿੰਦਰ ਸਿੰਘ ਨੇ ਅਹੁਦਾ ਸੰਭਾਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ:
ਸੀਨੀਅਰ ਪੀਪੀਅਸ ਅਧਿਕਾਰੀ ਸਤਿੰਦਰ ਸਿੰਘ ਨੇ ਬੁੱਧਵਾਰ ਨੂੰ ਦੇਰ ਸ਼ਾਮ ਮੁਹਾਲੀ ਦੇ ਨਵੇਂ ਐਸਐਸਪੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜਲੰਧਰ (ਦਿਹਾਤੀ) ਦੇ ਐਸਐਸਪੀ ਵਜੋਂ ਤਾਇਨਾਤ ਸਨ। ਉਹ ਖੰਨਾ, ਕਪੂਰਥਲਾ ਅਤੇ ਨਵਾਂ ਸ਼ਹਿਰ ਜ਼ਿਲ੍ਹਿਆਂ ਦੇ ਐਸਐਸਪੀ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਉਹ ਸਾਲ 1990 ਵਿੱਚ ਪੰਜਾਬ ਪੁਲੀਸ ਵਿੱਚ ਬਤੌਰ ਇੰਸਪੈਕਟਰ ਭਰਤੀ ਹੋਏ ਸਨ। ਮੁਹਾਲੀ ਦੇ ਪਹਿਲੇ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਨੂੰ ਹਾਲ ਹੀ ਵਿੱਚ ਚੰਡੀਗੜ੍ਹ ਦਾ ਐਸਐਸਪੀ ਲਗਾਇਆ ਗਿਆ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਬੀਤੇ ਦਿਨੀਂ ਹੁਕਮ ਜਾਰੀ ਕੀਤੇ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਨਵੇਂ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਮੁਹਾਲੀ ਜ਼ਿਲ੍ਹੇ ਦੇ ਸਾਰੇ ਐਸਪੀ, ਡੀਐਸਪੀਜ਼ ਅਤੇ ਥਾਣਾ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਮੁਹਾਲੀ ਜ਼ਿਲ੍ਹੇ ਬਾਰੇ ਬੀਡਬੈਕ ਹਾਸਲ ਕੀਤੀ। ਖ਼ਬਰ ਲਿਖੇ ਜਾਣ ਤੱਕ ਐਸਐਸਪੀ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸੀ।