
ਅੰਗਹੀਣਾਂ ਨਾਲ ਧਰਨੇ ’ਤੇ ਬੈਠੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ
ਅੰਗਹੀਣਾਂ ਦੇ ਕੋਟੇ ਅਨੁਸਾਰ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਮੁੱਖ ਮੰਤਰੀ ਚੰਨੀ ਨੂੰ ਲਗਾਈ ਗੁਹਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਇੱਥੋਂ ਦੇ ਸੈਕਟਰ-69 ਦੇ ਸਾਬਕਾ ਕੌਂਸਲਰ ਅਤੇ ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਨੇ ਪੁੱਡਾ ਗਰਾਉਂਡ ਵਿੱਚ ਲੜੀਵਾਰ ਧਰਨੇ ’ਤੇ ਬੈਠੇ ਅੰਗਹੀਣਾਂ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਅੰਗਹੀਣ ਵਿਅਕਤੀਆਂ ਨੂੰ ਉਨ੍ਹਾਂ ਦੇ ਕੋਟੇ ਮੁਤਾਬਕ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਅੰਗਹੀਣ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ ਵੀ ਹੋਰਨਾਂ ਵਾਂਗ ਬਰਾਬਰ ਅਧਿਕਾਰ ਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲਈ ਇਹ ਨਮੋਸ਼ੀ ਵਾਲੀ ਗੱਲ ਹੈ ਕਿ ਅੰਗਹੀਣ ਵਿਅਕਤੀਆਂ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਪ੍ਰੰਤੂ ਹੁਣ ਤੱਕ ਕਿਸੇ ਮੰਤਰੀ, ਆਗੂਆਂ ਜਾਂ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਚਾਰ ਫੀਸਦੀ ਕੋਟਾ ਰਾਖਵਾਂ ਹੋਣ ਦੇ ਬਾਵਜੂਦ ਅੰਗਹੀਣਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ।
ਲੜੀਵਾਰ ਧਰਨੇ ’ਤੇ ਬੈਠੇ ਅੰਗਹੀਣ ਵਿਅਕਤੀਆਂ ਨੇ ਦੋਸ਼ ਲਾਇਆ ਕਿ ਜਦੋਂ ਵੀ ਉਨ੍ਹਾਂ ਲਈ ਨੌਕਰੀਆਂ ਕੱਢੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਦੀ ਬਾਕਾਇਦਾ ਇੰਟਰਵਿਊ ਲਈ ਜਾਂਦੀ ਹੈ ਪਰ ਨੌਕਰੀ ਸਿਫ਼ਾਰਸ਼ੀ ਉਮੀਦਵਾਰਾਂ ਦਿੱਤੀ ਜਾਂਦੀ ਹੈ, ਜਿਨ੍ਹਾਂ ’ਚੋਂ ਕਈ ਵਿਅਕਤੀ ਸਰੀਰਕ ਪੱਖੋਂ ਫਿੱਟ ਹੁੰਦੇ ਹਨ। ਉਨ੍ਹਾਂ ਕਿ ਚਾਰ ਫੀਸਦੀ ਕੋਟੇ ਵਾਲੀ ਨੀਤੀ ਹੋਣ ਦੇ ਬਾਵਜੂਦ ਜੇਕਰ ਅੰਗਹੀਣ ਆਪਣੇ ਬਣਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ। ਜਦੋਂਕਿ ਕਈ ਵਿਅਕਤੀ ਅੰਗਹੀਣਤਾ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਲੈ ਜਾਂਦੇ ਹਨ। ਸ੍ਰੀ ਧਨੋਆ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਆਪਣਾ ਨੁਮਾਇੰਦਾ ਭੇਜ ਕੇ ਧਰਨਾਕਾਰੀ ਅੰਗਹੀਣਾਂ ਦੀ ਗੱਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਯੋਗ ਕਾਰਵਾਈ ਕੀਤੀ ਜਾਵੇ।