
ਤੱਕੜੀ ਅਤੇ ਪੰਜੇ ਨੇ ਪੰਜਾਬ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ, ਸਿਰਫ ਲੁੱਟਣ ਦਾ ਕੰਮ ਕੀਤਾ : ਅਨਮੋਲ ਗਗਨ ਮਾਨ
ਖਰੜ ‘ਚ ‘ਆਪ’ ਉਮੀਦਵਾਰਾਂ ਦੇ ਹੱਕ ਵਿਚ ਕੀਤੀ ਰੈਲੀ
ਕਾਂਗਰਸੀ ਤੇ ਅਕਾਲੀਆਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕੀਤਾ, ਰੁਜ਼ਗਾਰ ਲਈ ਵਿਦੇਸ਼ਾਂ ‘ਚ ਜਾ ਰਹੇ ਨੇ ਨੌਜਵਾਨ
ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉੱਤੇ ਪੰਜਾਬ ਵਿੱਚ ਲਾਗੂ ਹੋਵੇਗਾ ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਮਾਡਲ
ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਫਰਵਰੀ 2021
ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਵੱਲੋਂ ਅੱਜ ਖਰੜ ਵਿੱਚ ਨਗਰ ਕੌਂਸਲ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਕੀਤੀ ਗਈ। ਵਾਰਡ ਨੰਬਰ 26 ਤੋਂ ਉਮੀਦਵਾਰ ਮਨਜੀਤ ਸਿੰਘ ਅਤੇ ਵਾਰਡ ਨੰਬਰ 27 ਤੋਂ ਉਮੀਦਵਾਰ ਜੁਝਾਰ ਸਿੰਘ ਦੇ ਹੱਕ ਵਿਚ ਬੋਲਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੇ ਕਾਂਗਰਸੀ ਅਤੇ ਅਕਾਲੀਆਂ ਨੂੰ ਮੌਕਾ ਦਿੱਤਾ, ਪ੍ਰੰਤੂ ਤੱਕੜੀ ਅਤੇ ਪੰਜੇ ਨੇ ਲੁੱਟਣ ਦੀ ਬਜਾਏ ਹੋਰ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾਂਦੇ ਟੈਕਸ ਦੇ ਪੈਸੇ ਨਾਲ ਸੱਤਾਧਾਰੀਆਂ ਨੇ ਆਪਣੀਆਂ ਜੇਬਾਂ ਭਰੀਆਂ ਹਨ, ਜਨਤਕ ਅਦਾਰਿਆਂ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਹੀ ਪ੍ਰਬੰਧ ਨਾ ਹੋਣ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਸਹੀ ਇਲਾਜ ਨਹੀਂ ਮਿਲ ਰਿਹਾ। ਸ਼ਹਿਰਾਂ ਵਿੱਚ ਪੀਣ ਵਾਲੇ ਸਾਫ ਪਾਣੀ ਨੂੰ ਲੋਕ ਤਰਸ ਰਹੇ ਹਨ ਅਤੇ ਪਈ ਗੰਦਗੀ ਕਾਰਨ ਹਮੇਸ਼ਾ ਹੀ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਹੈ ਜਿਸ ਦੇ ਰਾਜ ਵਿਚ ਲੋਕ ਇਲਾਜ ਲਈ ਸਰਕਾਰੀ ਹਸਪਤਾਲਾਂ ਨੂੰ ਪਹਿਲ ਦਿੰਦੇ ਹਨ, ਲੋਕਾਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਆਪਣੇ ਬੱਚੇ ਹਟਾਕੇ ਸਰਕਾਰੀ ਸਕੂਲਾਂ ਵਿਚ ਲਗਾ ਰਹੇ ਹਨ ਅਤੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ। ਇਹ ਤਾਂ ਹੀ ਸੰਭਵ ਹੋਇਆ ਜੇਕਰ ਆਮ ਆਦਮੀ ਪਾਰਟੀ ਦੀ ਇਕ ਚੰਗੀ ਨੀਅਤ ਸੀ, ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕੀਤਾ ਅਤੇ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਉੱਤੇ ਲਗਾਇਆ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਨੀਤੀਆਂ ਕਰਕੇ ਹੀ ਅੱਜ ਪੰਜਾਬ ਨੂੰ ਤਬਾਹੀ ਦੇ ਕੰਢੇ ਉਤੇ ਲਿਆ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਨ੍ਹਾਂ ਰਿਵਾਇਤੀ ਪਾਰਟੀਆਂ ਕਾਰਨ ਹੀ ਅੱਜ ਸਾਡੇ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਕਰਕੇ ਹੀ ਨਸ਼ੇ ਦੀ ਦਲਦਲ ਵਿਚ ਫਸ ਰਹੇ ਹਨ। ਉਨ੍ਹਾਂ ਕਿਹਾ ਕਿ ਉਸ ਸਮੇਂ ਬਹੁਤ ਦੁੱਖ ਹੁੰਦਾ ਹੈ ਜਦੋਂ ਨੌਜਵਾਨਾਂ ਨੂੰ ਰੁਜ਼ਾਗਰ ਨਾ ਮਿਲਣ ਕਾਰਨ ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ਾਂ ਵਿਚ ਜਾ ਰਹੇ ਹਨ। ਜੇਕਰ ਇਨ੍ਹਾਂ ਕਾਂਗਰਸੀਆਂ ਅਤੇ ਅਕਾਲੀਆਂ ਦੀ ਨੀਅਤ ਸਾਫ ਹੁੰਦੀ, ਲੋਕਾਂ ਲਈ ਕੰਮ ਕਰਦੇ ਤਾਂ ਅੱਜ ਸਾਡੀਆਂ ਮਾਵਾਂ ਦੇ ਪੁੱਤ, ਭੈਣਾਂ ਦੇ ਭਰਾ ਬੇਗਾਨੀ ਧਰਤੀ ਉਤੇ ਰੁਜ਼ਗਾਰ ਲਈ ਨਾ ਜਾਂਦੇ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਹੀ ਇਕ ਉਮੀਦ ਹੈ, ਜੋ ਪੰਜਾਬ ਨੂੰ ਮੁੜ ਤੋਂ ਲੀਹ ਉਤੇ ਲਿਆ ਸਕਦੀ ਹੈ। ਪੰਜਾਬ ਦੇ ਲੋਕ 2022 ਵਿਚ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ਉੱਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਲਾ ਮਾਡਲ ਪੰਜਾਬ ਵਿਚ ਲਾਗੂ ਕੀਤਾ ਜਾਵੇਗਾ। ਜਿੱਥੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਵਧੀਆ ਇਲਾਜ ਮਿਲੇਗਾ ਅਤੇ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਮਿਲੇਗੀ।
ਉਨ੍ਹਾਂ ਕਿਹਾ ਕਿ ਹੁਣ ਲੋਕਾਂ ਕੋਲ ਮੌਕਾ ਹੈ ਕਿ ਲੋਕਤੰਤਰ ਦੀ ਮੁਢਲੀ ਇਕਾਈ ਨਗਰ ਕੌਂਸਲ ਵਿਚ ਇਮਾਨਦਾਰੀ, ਲੋਕ ਦੀ ਸੇਵਾ ਕਰਨ ਵਾਲੇ ਉਮੀਦਵਾਰਾਂ ਨੂੰ ਜਿਤਾਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਲਈ ਕੰਮ ਕਰਦੀ ਹੋਏ ਤੁਹਾਡੇ ਨਾਲ ਖੜ੍ਹੀ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕ 14 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਜਿਤਾਉਣ।