
ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਤੇ ਬਾਰ੍ਹਵੀਂ ਵਿੱਚ ਦਾਖ਼ਲੇ ਲਈ ਸ਼ਡਿਊਲ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2022-23 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਕੂਲ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਅਕਾਦਮਿਕ ਸਾਲ 2022-23 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਆਨ-ਲਾਈਨ ਪ੍ਰਕਿਰਿਆ ਰਾਹੀਂ ਹੀ ਆਪਣਾ ਦਾਖ਼ਲਾ ਫ਼ਾਰਮ ਅਤੇ ਦਾਖ਼ਲਾ ਫ਼ੀਸ ਭਰ ਸਕਦੇ ਹਨ। ਚਾਹਵਾਨ ਵਿਦਿਆਰਥੀਆਂ ਨੂੰ ਵੈੱਬਸਾਈਟ ’ਤੇ ਮੌਜੂਦ ‘ਓਪਨ ਸਕੂਲ’ ਲਿੰਕ ’ਤੇ ਕਲਿੱਕ ਕਰਕੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਲਾਜ਼ਮੀ ਕਰਨੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਓਪਨ ਸਕੂਲ ਦੇ ਇਨ੍ਹਾਂ ਕੋਰਸਾਂ ਲਈ 31 ਅਗਸਤ 2022 ਤੱਕ ਬਿਨਾਂ ਕਿਸੇ ਲੇਟ ਫ਼ੀਸ ਦੇ ਦਾਖ਼ਲਾ ਲਿਆ ਜਾ ਸਕਦਾ ਹੈ।
ਬੋਰਡ ਮੁਖੀ ਨੇ ਦੱਸਿਆ ਕਿ ਸਬੰਧਤ ਵਿਦਿਆਰਥੀਆਂ ਨੇ ਪੰਜਾਬ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਦਸਵੀਂ ਅਤੇ ਬਾਰ੍ਹਵੀਂ ਕੋਰਸਾਂ ਦੇ ਦਾਖ਼ਲੇ ਲਈ ਪ੍ਰਾਸਪੈਕਟਸ ਵੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਕਰ ਦਾਖ਼ਲੇ ਦੀਆਂ ਮਿਤੀਆਂ ਵਿੱਚ ਕੋਈ ਫ਼ੇਰ-ਬਦਲ ਕੀਤਾ ਜਾਂਦਾ ਹੈ ਤਾਂ ਇਸ ਸਬੰਧੀ ਸਿੱਖਿਆ ਬੋਰਡ ਦੀ ਵੈੱਬਸਾਈਟ ਅਤੇ ਵੱਖ-ਵੱਖ ਅਖ਼ਬਾਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ। ਇਨ੍ਹਾਂ ਕੋਰਸਾਂ ਸਬੰਧੀ ਸਕੂਲੀ ਪਾਠਕ੍ਰਮ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਵੈੱਬਸਾਈਟ ’ਤੇ ਉਪਲਬਧ ਕਰਵਾਇਆ ਗਿਆ ਹੈ। ਜਿਸ ਨੂੰ ਵਿਦਿਆਰਥੀ ਡਾਊਨਲੋਡ ਕਰ ਸਕਦੇ ਹਨ।