ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਸ਼ਡਿਊਲ ਜਾਰੀ
14 ਤੇ 15 ਫਰਵਰੀ ਨੂੰ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਲਈ ਲਾਏ ਜਾਣਗੇ ਸਪੈਸ਼ਲ ਕੈਂਪ: ਸੋਨਮ ਚੌਧਰੀ
ਨਬਜ਼-ਏ-ਪੰਜਾਬ, ਮੁਹਾਲੀ, 8 ਫਰਵਰੀ:
ਮੁਹਾਲੀ ਪ੍ਰਸ਼ਾਸਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ-2025 ਦੇ ਮੱਦੇਨਜ਼ਰ ਵੋਟਰ ਸੂਚੀਆਂ ਤਿਆਰ ਕਰਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਤਾਜ਼ਾ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਂਦੇ ਹੋਏ ਵੋਟਰ ਸੂਚੀਆਂ ਤਿਆਰ ਕਰਨ ਲਈ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਕੰਮ ਪਹਿਲ ਦੇ ਆਧਾਰ ’ਤੇ ਸਬੰਧਤ ਪਿੰਡ ਦੇ ਪੰਚਾਇਤ ਸਕੱਤਰਾਂ ਰਾਹੀਂ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।
ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ 14 ਫਰਵਰੀ ਅਤੇ 15 ਫਰਵਰੀ ਨੂੰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਕੈਂਪ ਲਗਾਏ ਜਾਣਗੇ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਕੋਲੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਆਮ ਚੋਣਾਂ-2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਲਈ ਜਾਰੀ ਪ੍ਰੋਗਰਾਮ ਅਨੁਸਾਰ ‘ਡਰਾਫ਼ਟ ਵੋਟਰ ਰੋਲ’ ਦੀ ਪ੍ਰਕਾਸ਼ਨਾਂ 10 ਫਰਵਰੀ ਨੂੰ ਦਾਅਵੇ/ਇਤਰਾਜ਼ ਦਰਜ ਕਰਵਾਉਣ ਦੀ 11 ਫਰਵਰੀ ਤੋਂ 18 ਫਰਵਰੀ ਤੱਕ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 27 ਫਰਵਰੀ ਤੱਕ ਕਰ ਦਿੱਤਾ ਜਾਵੇਗਾ ਜਦੋਂਕਿ ਵੋਟਰ ਸੂਚੀ ਦੀ ਅੰਤਿਮ (ਫਾਈਨਲ) ਪ੍ਰਕਾਸ਼ਨਾਂ 3 ਮਾਰਚ ਨੂੰ ਕੀਤੀ ਜਾਵੇਗੀ।