
ਵਜ਼ੀਫ਼ਾ ਘੁਟਾਲਾ: ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ-ਹੜਤਾਲ ਸ਼ੁਰੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਵਜ਼ੀਫ਼ਾ ਘਪਲੇ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਉਨ੍ਹਾਂ ਨੂੰ ਪੰਜਾਬ ਕੈਬਨਿਟ ’ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-3\5 ਲਾਲ ਬੱਤੀ ਪੁਆਇੰਟ ’ਤੇ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕੀਤੀ ਗਈ। ਅੱਜ ਪਹਿਲੇ ਦਿਨ ਜਸਬੀਰ ਸਿੰਘ ਸਮੇਤ ਆਪ ਦੇ ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ, ਮੈਡੀਕਲ ਸੈਲ ਦੇ ਜ਼ਿਲ੍ਹਾ ਪ੍ਰਧਾਨ ਡਾ. ਚਿਰਾਜਦੀਪ ਸਿੰਘ ਆਹਲੂਵਾਲੀਆ ਅਤੇ ਅਨੂ ਬੱਬਰ ਤੇ ਗੁਰਮੇਲ ਸਿੰਘ ਸਨੇਟਾ ਭੁੱਖ-ਹੜਤਾਲ ’ਤੇ ਬੈਠੇ। ਧਰਨਾ ਪ੍ਰਦਰਸ਼ਨ ਨੂੰ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਸੀਨੀਅਰ ਆਗੂ ਵਿਨੀਤ ਵਰਮਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਪੰਨੂ ਅਤੇ ਐਡਵੋਕੇਟ ਅਮਰਦੀਪ ਕੌਰ ਅਤੇ ਐਸਸੀ ਵਿੰਗ ਦੀ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਮਟੌਰ ਨੇ ਵੀ ਸੰਬੋਧਨ ਕੀਤਾ।
ਆਪ ਆਗੂਆਂ ਨੇ ਕਿਹਾ ਕਿ ਝੂਠ ਦੇ ਸਹਾਰੇ ਚੱਲ ਰਹੀ ਕੈਪਟਨ ਸਰਕਾਰ ਨੇ ਦਲਿਤ ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਹੈ। ਵਜ਼ੀਫ਼ਾ ਘੁਟਾਲੇ ਕਾਰਨ ਲੱਖਾਂ ਗਰੀਬ ਬੱਚਿਆਂ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਜਿਹੜੇ ਬੱਚੇ ਡਿਗਰੀਆਂ ਕਰ ਚੁੱਕੇ ਹਨ, ਉਨ੍ਹਾਂ ’ਚੋਂ ਜ਼ਿਆਦਾਤਰ ਦਲਿਤ ਬੱਚਿਆਂ ਦੀਆਂ ਡਿਗਰੀਆਂ ਕਾਲਜ ਪ੍ਰਬੰਧਕਾਂ ਨੇ ਰੋਕ ਲਈਆਂ ਹਨ ਅਤੇ ਹੁਣ ਨਵੇਂ ਸੈਸ਼ਨ ਵਿੱਚ ਗਰੀਬ ਬੱਚਿਆਂ ਨੂੰ ਮੁਫ਼ਤ ਐਜੂਕੇਸ਼ਨ ਲਈ ਦਾਖ਼ਲੇ ਨਹੀਂ ਦਿੱਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕੈਬਨਿਟ ਮੰਤਰੀ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਇਸ ਮੌਕੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਕੌਰ, ਦਿਨੇਸ਼ ਸ਼ਰਮਾ, ਅਮਰਜੀਤ ਸਿੰਘ, ਸ਼ੁਭਾਸ਼ ਸ਼ਰਮਾ, ਪ੍ਰਤੀ ਸ਼ਰਮਾ, ਪ੍ਰਭਜੋਤ ਦਾਊਂ, ਬੋਬਲ ਪ੍ਰੀਤ, ਗੁਰਪ੍ਰੀਤ ਸਿੰਘ, ਗੱਜਣ ਸਿੰਘ, ਕਰਮਜੀਤ ਚੌਹਾਨ ਹਾਜ਼ਰ ਸਨ।