nabaz-e-punjab.com

ਵਜ਼ੀਫ਼ਾ ਘੁਟਾਲਾ: ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ, ਪਰਵਿੰਦਰ ਸੋਹਾਣਾ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ

ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕਰਕੇ ਕੈਪਟਨ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟਿਆਂ: ਬੈਦਵਾਨ

ਯੂਥ ਅਕਾਲੀ ਦਲ ਦੇ ਵਰਕਰਾਂ ਨੇ ਬੁੱਧਵਾਰ ਨੂੰ ਡੀਸੀ ਦਫ਼ਤਰ ਦੇ ਬਾਹਰ ਦਿੱਤਾ ਸੀ ਵਿਸ਼ਾਲ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਪੰਜਾਬ ਵਿੱਚ ਦਲਿਤ ਵਰਗ ਦੇ ਬੱਚਿਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਸਕੀਮ ਵਿੱਚ ਕਥਿਤ ਬਹੁ-ਕਰੋੜੀ ਘੁਟਾਲੇ ਦੇ ਮਾਮਲੇ ਨੂੰ ਸਿਆਸਤ ਭਖ ਗਈ ਹੈ। ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਸੋਹਾਣਾ ਦੀ ਅਗਵਾਈ ਹੇਠ ਬੀਤੇ ਦਿਨੀਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਦੇ ਮੱਦੇਨਜ਼ਰ ਸੋਹਾਣਾ ਪੁਲੀਸ ਵੱਲੋਂ ਅਕਾਲੀ ਆਗੂਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰੋਸ ਵਿਖਾਵੇ ਦੌਰਾਨ ਅਕਾਲੀਆਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਵੀ ਸਾੜਦਿਆਂ ਹੁਕਮਰਾਨਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਸੀ।
ਜਾਣਕਾਰੀ ਅਨੁਸਾਰ ਸੋਹਾਣਾ ਥਾਣੇ ਵਿੱਚ ਦਰਜ ਐਫ਼ਆਈਆਰ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ, ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਤਨਵੀਰ ਸਿੰਘ ਪੂਨੀਆ, ਕਿਮੀ ਪੂਨੀਆ, ਹਰਦਮ ਸਿੰਘ ਜਾਸਧਨਾ, ਬਲਵਿੰਦਰ ਸਿੰਘ ਸਮੇਤ 50 ਤੋਂ ਵੱਧ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਉਧਰ, ਪੁਲੀਸ ਦੀ ਇਸ ਕਾਰਵਾਈ ਨੂੰ ਮੰਦਭਾਗਾ ਦੱਸਦਿਆਂ ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਵਜ਼ੀਫ਼ਾ ਘੁਟਾਲੇ ਸਬੰਧੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੇ ਯੂਥ ਅਕਾਲੀ ਆਗੂਆਂ ਦੇ ਖ਼ਿਲਾਫ਼ ਕਰੋਨਾ ਦੀ ਆੜ ਵਿੱਚ ਝੂਠੇ ਕੇਸ ਦਰਜ ਕਰਕੇ ਕੈਪਟਨ ਸਰਕਾਰ ਵੱਲੋਂ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਜਦੋਂਕਿ ਦੂਜੇ ਪਾਸੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖ਼ੁਦ ਰੋਜ਼ਾਨਾ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਮੌਕੇ ਲੋਕਾਂ ਦੀ ਭੀੜ ਇਕੱਠੀ ਕਰਕੇ ਸ਼ਰ੍ਹੇਆਮ ਨਿਯਮਾਂ ਦੀ ਧੱਜੀਆਂ ਉੱਡਾ ਰਹੇ ਹਨ। ਇਨ੍ਹਾਂ ਸਮਾਗਮਾਂ ਵਿੱਚ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਦੇ ਨਿਯਮਾਂ ਦੀ ਘੋਰ ਉਲੰਘਣਾ ਹੋ ਰਹੀ ਹੈ ਪ੍ਰੰਤੂ ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਨੇ ਆਪਣੀਆਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ ਅਤੇ ਸਿਰਫ਼ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਯੂਥ ਆਗੂ ਨੇ ਕਿਹਾ ਕਿ ਘੁਟਾਲੇ ਵਿਰੁੱਧ ਲੋਕਹਿਤ ਵਿੱਚ ਰੋਸ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਲੋਕਤੰਤਰਿਕ ਹੱਕ ਹੈ। ਪ੍ਰੰਤੂ ਕਰੋਨਾ ਮਹਾਮਾਰੀ ਦੀ ਆੜ ਵਿੱਚ ਪੰਜਾਬ ਸਰਕਾਰ ਨੇ ਇਨਸਾਫ਼ ਪਸੰਦ ਲੋਕਾਂ ਅਤੇ ਸੰਘਰਸ਼ਸ਼ੀਲ ਵਿਅਕਤੀਆਂ ਦੀ ਜ਼ੁਬਾਨ ਬੰਦ ਕਰਨ ਲਈ ਉਨ੍ਹਾਂ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨ ਵਰਗ ’ਤੇ ਜਿੰਨਾ ਮਰਜ਼ੀ ਧੱਕਾ ਕਰ ਲਵੇ, ਉਹ ਜਨਹਿੱਤ ਵਿੱਚ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਜਨ ਸੰਪਰਕ ਮੁਹਿੰਮ ਸ਼ੁਰੂ ਕਰਕੇ ਸਰਕਾਰ ਦੀਆਂ ਲੋਕ ਮਾਰੂ ਅਤੇ ਭ੍ਰਿਸ਼ਟਾਚਾਰੀ ਨੀਤੀਆਂ ਖ਼ਿਲਾਫ਼ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਦਾ ਹੋਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…