
ਵਜ਼ੀਫ਼ਾ ਘੁਟਾਲਾ: ਯੂਥ ਅਕਾਲੀ ਦਲ ਵੱਲੋਂ ਡੀਸੀ ਦਫ਼ਤਰ ਬਾਹਰ ਮੁਜ਼ਾਹਰਾ, ਮੰਤਰੀ ਦਾ ਪੁਤਲਾ ਸਾੜਿਆ
ਕਾਲੀਆਂ ਝੰਡੀਆਂ ਦਿਖਾ ਕੇ ਧਰਮਸੋਤ ਦੇ ਸਾਰੇ ਸਮਾਗਮਾਂ ਦਾ ਵਿਰੋਧ ਕਰੇਗਾ ਯੂਥ ਅਕਾਲੀ ਦਲ: ਬੰਟੀ ਰੋਮਾਣਾ
ਮੁੱਖ ਮੰਤਰੀ ਨੇ ਬਦਨਾਮੀ ਦੇ ਡਰੋਂ ਸਾਥੀ ਕੈਬਨਿਟ ਮੰਤਰੀ ਨੂੰ ਬਚਾਉਣ ਲਈ ਮੁੱਖ ਸਕੱਤਰ ਨੂੰ ਜਾਂਚ ਸੌਂਪੀ: ਬੈਦਵਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਪੰਜਾਬ ਵਿੱਚ ਦਲਿਤ ਵਰਗ ਦੇ ਬੱਚਿਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਸਕੀਮ ਵਿੱਚ ਕਥਿਤ ਬਹੁ-ਕਰੋੜੀ ਘੁਟਾਲੇ ਦੇ ਮਾਮਲੇ ਨੂੰ ਸਿਆਸਤ ਭਖ ਗਈ ਹੈ। ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਅੱਜ ਮੁਹਾਲੀ ਦੇ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਮਸੋਤ ਜਿੱਥੇ ਵੀ ਕਿਸੇ ਸਮਾਰੋਹ ਵਿੱਚ ਸ਼ਾਮਲ ਹੋਣ ਜਾਣਗੇ ਤਾਂ ਉੱਥੇ ਅਕਾਲੀ ਦਲ ਦੇ ਵਰਕਰ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਖ਼ਿਲਾਫ਼ ਵਿਖਾਵਾ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਵਜ਼ੀਫ਼ਾ ਸਕੀਮ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੰਗਲ ਵਿੱਚ ਬੈਠੇ ਹਨ। ਜ਼ਹਿਰੀਲੀ ਸ਼ਰਾਬ ਕਾਰਨ ਹੁਣ ਤੱਕ 150 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਧਰਮਸੋਤ ਅਤੇ ਹੋਰ ਦਾਗੀ ਮੰਤਰੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ।
ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਆਸ ਨਹੀਂ ਕੀਤੀ ਜਾ ਸਕਦੀ ਹੈ ਕਿਉਂਕਿ ਮੁੱਖ ਮੰਤਰੀ ਖ਼ੁਦ ਸਰਕਾਰ ਦੀ ਬਦਨਾਮੀ ਦੇ ਡਰੋਂ ਆਪਣੇ ਸਾਥੀ ਕੈਬਨਿਟ ਮੰਤਰੀ ਨੂੰ ਬਚਾਉਣ ਲਈ ਹਰ ਹੀਲਾ ਵਰਤ ਰਹੇ ਹਨ। ਇਹੀ ਕਾਰਨ ਹੈ ਕਿ ਸਰਕਾਰ ਨੇ ਵਜ਼ੀਫ਼ਾ ਸਕੀਮ ਘੁਟਾਲੇ ਦੀ ਜਾਂਚ ਕਿਸੇ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਦੀ ਬਜਾਏ ਮੁੱਖ ਸਕੱਤਰ ਨੂੰ ਦਿੱਤੀ ਗਈ ਹੈ। ਨੌਜਵਾਨਾਂ ਨੇ ਮੰਗ ਕੀਤੀ ਕਿ ਕਥਿਤ ਦਾਗੀ ਮੰਤਰੀ ਧਰਮਸੋਤ ਨੂੰ ਤੁਰੰਤ ਪੰਜਾਬ ਕੈਬਨਿਟ ’ਚੋਂ ਲਾਂਭੇ ਕਰਕੇ ਨਿਰਪੱਖ ਜਾਂਚ ਕਰਵਾਈ ਜਾਵੇ ਕਿਉਂਕਿ ਮੰਤਰੀ ਦੇ ਵਜ਼ਾਰਤ ਵਿੱਚ ਹੁੰਦਿਆਂ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੰਤਰੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਵੇ ਤਾਂ ਜੋ ਸਚਾਈ ਸਾਹਮਣੇ ਆ ਸਕੇ।
ਬੁਲਾਰਿਆਂ ਨੇ ਕਿਹਾ ਕਿ ਸਰਕਾਰ ਲੱਖਾਂ ਦਲਿਤ ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਦਲਿਤ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਅਤੇ ਭ੍ਰਿਸ਼ਟਾਚਾਰੀ ਨਿਜ਼ਾਮ ਖ਼ਿਲਾਫ਼ ਅਕਾਲੀ ਦਲ ਜਲਦੀ ਹੀ ਜਨ ਅੰਦੋਲਨ ਸ਼ੁਰੂ ਕਰੇਗਾ ਅਤੇ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਸਤਿੰਦਰ ਸਿੰਘ ਗਿੱਲ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ, ਹਰਜਿੰਦਰ ਸਿੰਘ ਬਲੌਂਗੀ, ਹਰਵਿੰਦਰ ਸਿੰਘ ਸੋਹਾਣਾ, ਬਲਜੀਤ ਸਿੰਘ ਦੈੜੀ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਬਿਕਰਮਜੀਤ ਸਿੰਘ ਗੀਗੇਮਾਜਰਾ, ਕੈਪਟਨ ਰਮਨਦੀਪ ਸਿੰਘ ਬਾਵਾ, ਜਸਵੀਰ ਸਿੰਘ ਜੱਸੀ ਕੁਰੜਾ, ਬਲਵਿੰਦਰ ਸਿੰਘ ਲਖਨੌਰ, ਗੁਰਪ੍ਰਤਾਪ ਸਿੰਘ ਬੜੀ, ਰਵਿੰਦਰ ਸਿੰਘ ਭਾਂਖਰਪੁਰ, ਕਰਮਜੀਤ ਸਿੰਘ ਬੈਦਵਾਨ ਅਤੇ ਹਰਸ਼ ਸਰਵਾਰਾ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।