
ਵਜ਼ੀਫ਼ਾ ਸਕੀਮ: ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਜਾਰੀ
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਕੂਲ ਮੁਖੀਆਂ ਨੂੰ ਲਿਖਿਆ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਲਈ ਰਾਜ ਦੇ ਸਮੂਹ ਸਕੂਲ ਮੁਖੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਹ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਇਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਸਕੀਮਾਂ ਦੇ ਹੇਠ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਪਰ ਇਹ ਵਜ਼ੀਫ਼ਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਸਿੱਧਾ ਜਾਂਦਾ ਹੈ। ਇਸ ਕਰਕੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਲਾਜ਼ਮੀ ਹੈ। ਇਸ ਸਬੰਧੀ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦਾ ਜ਼ੀਰੋ ਬੈਲੈਂਸ ਨਾਲ ਬੈਂਕ ਖਾਤਾ ਖੁਲ੍ਹਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਨਾ ਆਵੇ।