ਸਕੂਲ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਵੜੀ, ਬੱਚਿਆਂ ਦਾ ਬਚਾਅ
ਨਬਜ਼-ਏ-ਪੰਜਾਬ, ਮੁਹਾਲੀ, 1 ਮਾਰਚ:
ਇੱਥੋਂ ਦੇ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਦੀ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਵਿੱਚ ਕਰੀਬ ਤਿੰਨ ਦਰਜਨ ਸਕੂਲੀ ਬੱਚੇ ਸਵਾਰ ਸਨ, ਜਿਨ੍ਹਾਂ ’ਚੋਂ ਕੁੱਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦੋਂਕਿ ਬਾਕੀਆਂ ਦਾ ਬਚਾਅ ਰਿਹਾ। ਜਾਣਕਾਰੀ ਅਨੁਸਾਰ ਇਹ ਸਕੂਲ ਬੱਸ ਮੌਜਪੁਰ ਤੋਂ ਸੈਦਪੁਰ ਵੱਲ ਆ ਰਹੀ ਸੀ ਜਦੋਂ ਲਿੰਕ ਸੜਕ ਦੇ ਮੋੜ ’ਤੇ ਬੱਸ ਚਾਲਕ ਤੋਂ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਵੜੀ। ਲੇਕਿਨ ਦੌਰਾਨ ਵੱਡਾ ਦੁਖਾਂਤ ਵਾਪਰਨ ਤੋਂ ਪੂਰੀ ਤਰ੍ਹਾਂ ਬਚਾਅ ਰਿਹਾ।
ਸੂਚਨਾ ਮਿਲਦੇ ਹੀ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਬੱਸ ’ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਡੀਐਸਪੀ ਬੱਲ ਨੇ ਦੱਸਿਆ ਕਿ ਜਦੋਂ ਇਸ ਹਾਦਸੇ ਦੀ ਜਾਣਕਾਰੀ ਮਿਲੀ ਤਾਂ ਉਹ ਘਟਨਾ ਵਾਲੀ ਥਾਂ ਦੇ ਨੇੜੇ ਤੇੜੇ ਹੀ ਸੀ। ਉਨ੍ਹਾਂ ਬੱਸ ਚਾਲਕ ਦੇ ਹਵਾਲੇ ਨਾਲ ਦੱਸਿਆ ਕਿ ਚਾਲਕ ਨੇ ਮੋੜ ’ਤੇ ਬੱਸ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਬੱਸ ਖੇਤਾਂ ਵਿੱਚ ਜਾ ਵੜੀ। ਚਾਲਕ ਨੇ ਬੜੀ ਮੁਸ਼ਕਲ ਨਾਲ ਬੱਸ ਨੂੰ ਸੰਭਾਲਿਆ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਕੁੱਝ ਕੁ ਬੱਚਿਆਂ ਨੂੰ ਹੀ ਮਾਮੂਲੀ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ ਪੁਲੀਸ ਵੱਲੋਂ ਉਨ੍ਹਾਂ ਦੇ ਘਰ ਪਹੁੰਚਾਇਆ ਗਿਆ ਅਤੇ ਜਿਹੜੇ ਬੱਚੇ ਠੀਕ ਸਨ, ਉਨ੍ਹਾਂ ਨੂੰ ਸਕੂਲ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੱਸ ਦੀ ਮਕੈਨੀਕਲ ਜਾਂਚ ਕਰਵਾਈ ਜਾਵੇਗੀ ਅਤੇ ਜਾਂਚ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਪ੍ਰਬੰਧਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀਆਂ ਸਕੂਲ ਬੱਸਾਂ ਦੀ ਨਿਯਮਤ ਜਾਂਚ ਕਰਵਾਉਣ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।