nabaz-e-punjab.com

ਅੱਤ ਦੀ ਗਰਮੀ ਕਾਰਨ ਪੰਜਾਬ ਵਿੱਚ 15 ਤੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਆਨਲਾਈਨ ਹੋਵੇਗੀ ਪੜ੍ਹਾਈ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਅਪਰੈਲ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਤ ਦੀ ਗਰਮੀ ਦੇ ਚੱਲਦਿਆਂ ਲਗਾਤਾਰ ਤਾਪਮਾਨ ਵਧਣ ਦੇ ਮੱਦੇਨਜ਼ਰ ਜਿੱਥੇ ਵਿਦਿਆਰਥੀਆਂ ਦੇ ਹਿੱਤ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਉੱਥੇ, ਗਰਮੀ ਰੁੱਤ ਦੀਆਂ 15 ਮਈ ਤੋਂ ਛੁੱਟੀਆਂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਅੱਜ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ\ਐਲੀਮੈਂਟਰੀ) ਅਤੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਲਿਖਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਲਗਾਤਾਰ ਤਾਪਮਾਨ ਵਧਣ ਕਾਰਨ 2 ਮਈ ਤੋਂ 14 ਮਈ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਦੇ ਚੱਲਦਿਆਂ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਅਤੇ ਐਲੀਮੈਂਟਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਲੱਗਣਗੇ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਗਰਮੀ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਪ੍ਰਮੁੱਖ ਸਕੱਤਰ ਦੇ ਤਾਜ਼ਾ ਹੁਕਮਾਂ ਤਹਿਤ 15 ਮਈ ਤੋਂ 30 ਜੂਨ ਤੱਕ ਸ਼ਰਤਾਂ ਦੇ ਆਧਾਰ ’ਤੇ ਸਮੂਹ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਸ਼ਰਤ ਅਨੁਸਾਰ ਵਿਦਿਆਰਥੀਆਂ ਦੇ ਭਵਿੱਖ ਅਤੇ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ।
ਇਸ ਸਬੰਧੀ ਉੱਚ ਅਧਿਕਾਰੀਆਂ ਨੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਆਨਲਾਈਨ ਕਲਾਸਾਂ ਲਾਉਣ ਸਬੰਧੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਰੋਨਾ ਮਹਾਮਾਰੀ ਦੀ ਸੰਭਾਵੀ ਚੌਥੀ ਲਹਿਰ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮੁਕੰਮਲ ਕੋਵਿਡ ਟੀਕਾਕਰਨ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਛੁੱਟੀਆਂ ਹੋਣ ਤੱਕ ਸਾਰੇ ਬੱਚਿਆਂ ਦਾ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਸ ਸਬੰਧੀ ਸਕੂਲਾਂ ਵਿੱਚ ਟੀਕਾਕਰਨ ਕੈਂਪ ਲਾਏ ਜਾਣਗੇ ਅਤੇ ਮਾਪਿਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇਗਾ। ਉਂਜ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਤੋਂ ਹੀ ਛੋਟੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।

Load More Related Articles

Check Also

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ ਨਬਜ਼-ਏ-…