ਸੋਮਵਾਰ ਨੂੰ ਖੁੱਲ੍ਹਣਗੇ ਸਕੂਲ, ਸਕੂਲਾਂ ’ਚੋਂ ਪਾਣੀ ਕੱਢਣ ਤੇ ਸਫ਼ਾਈ ਦੇ ਕੰਮ ’ਚ ਜੁਟਿਆ ਜ਼ਿਲ੍ਹਾ ਪ੍ਰਸ਼ਾਸਨ

ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਕੀਤੀ ਜਾ ਰਹੀ ਹੈ ਫੌਗਿੰਗ, ਖੜੇ ਪਾਣੀ ਵਿੱਚ ਕੈਮੀਕਲ ਦਾ ਛਿੜਕਾਅ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 16 ਜੁਲਾਈ:
ਪੰਜਾਬ ਵਿੱਚ ਭਲਕੇ 17 ਜੁਲਾਈ ਨੂੰ ਸਮੂਹ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ, ਏਡਿਡ ਅਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੁੱਲ੍ਹਣਗੇ। ਭਾਰੀ ਬਾਰਸ਼ ਹੋਣ ਕਾਰਨ ਬਹੁਤ ਸਾਰੇ ਸਕੂਲਾਂ ਵਿੱਚ ਪਾਣੀ ਖੜ੍ਹਾ ਹੈ ਅਤੇ ਕਈ ਪਿੰਡਾਂ ਵਿੱਚ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿੱਚ ਪਾਣੀ ਖੜ੍ਹਨ ਕਾਰਨ ਗੰਦਗੀ ਫੈਲੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਦੇ ਸਰਕਾਰੀ ਸਕੂਲਾਂ ’ਚੋਂ ਮੀਂਹ ਦਾ ਪਾਣੀ ਬਾਹਰ ਕੱਢਣ ਅਤੇ ਸਫ਼ਾਈ ਕਾਰਜਾਂ ਵਿੱਚ ਜੁੱਟ ਗਿਆ ਹੈ ਤਾਂ ਜੋ ਸੋਮਵਾਰ ਨੂੰ ਸਕੂਲ ਜਾਣ ਸਮੇਂ ਵਿਦਿਆਰਥੀਆਂ ਤੇ ਸਟਾਫ਼ ਨੂੰ ਕੋਈ ਮੁਸ਼ਕਲ ਨਾ ਆਵੇ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਨੇ ਅੱਜ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵਿਦਿਆਰਥੀਆਂ ਦੇ ਸਵਾਗਤ ਲਈ ਮੁਹਾਲੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਕਾਰਜਸ਼ੀਲ ਬਣਾਉਣ ਲਈ ਹੋਰ ਵੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੁਹਾਲੀ ਦੇ ਏਡੀਸੀ (ਪੇਂਡੂ ਵਿਕਾਸ) ਅਮਿਤ ਬੈਂਬੀ ਦੀ ਅਗਵਾਈ ਹੇਠ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿੱਖਿਆ ਵਿਭਾਗ ਨੇ ਸਾਂਝੇ ਤੌਰ ’ਤੇ ਸਕੂਲਾਂ ਦੀ ਚਾਰਦੀਵਾਰੀ ’ਚੋਂ ਬਰਸਾਤੀ ਪਾਣੀ ਦੀ ਨਿਕਾਸੀ ਕੀਤੀ ਅਤੇ ਸਫ਼ਾਈ ਲਈ ਸਰਗਰਮੀ ਨਾਲ ਕੰਮ ਕੀਤਾ ਹੈ। ਤਾਂ ਜੋ ਭਲਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡੀਸੀ ਨੇ ਕਿਹਾ ਕਿ ਭਾਵੇਂ ਹੁਣ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਸਥਾਪਿਤ ਕੀਤੇ ਗਏ ਹੜ੍ਹ ਕੰਟਰੋਲ ਰੂਮਾਂ ’ਤੇ ਮਦਦ ਦੀਆਂ ਕਾਲਾਂ ਵਾਰ-ਵਾਰ ਘੰਟੀਆਂ ਵੀ ਨਹੀਂ ਵੱਜ ਰਹੀਆਂ ਹਨ ਪ੍ਰੰਤੂ ਫਿਰ ਵੀ ਹੜ੍ਹਾਂ ਕਰਨ ਪੈਦਾ ਹੋਈ ਸਥਿਤੀ ਨੂੰ ਪਹਿਲਾਂ ਵਾਂਗ ਆਮ ਕਰਨ ਲਈ ਆਪਣਾ ਫਰਜ਼ ਪੁਰੀ ਤਨਦੇਹੀ ਨਾਲ ਨਿਭਾ ਰਹੇ ਹਾਂ। ਕਿਉਂਕਿ ਹਾਲੇ ਵੀ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਸਿਰ ’ਤੇ ਹਨ। ਸੜਕਾਂ ਦਾ ਸੰਪਰਕ ਜੋੜਨਾ, ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣਾ, ਪਸ਼ੂਆਂ ਨੂੰ ਮੌਸਮੀ ਬਿਮਾਰੀਆਂ ਹਾਈਪੋਥਰਮੀਆ ਅਤੇ ਅੌਫ ਫੀਡ ਤੋਂ ਬਚਾਉਣ ਦਾ ਕੰਮ ਜਾਰੀ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਪ੍ਰੀਤ ਸਿੰਘ ਦੀ ਦੇਖ-ਰੇਖ ਵਿੱਚ ਵਿਭਾਗ ਦੀਆਂ ਟੀਮਾਂ ਵੱਲੋਂ ਐਤਵਾਰ ਨੂੰ ਪਿੰਡ ਰੁੜਕਾ, ਬਾਕਰਪੁਰ, ਕੁਰੜੀ, ਕੰਬਾਲਾ ਅਤੇ ਸੋਹਾਣਾ ਵੀ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਵਿਭਾਗ ਕੋਲ ਮੌਕੇ ’ਤੇ ਨਮੂਨਿਆਂ ਦਾ ਵਿਸ਼ਲੇਸ਼ਣ ਕਰਨ ਲਈ ਇੱਕ ਮੋਬਾਈਲ ਵਾਟਰ ਟੈਸਟਿੰਗ ਲੈਬ ਵੀ ਹੈ। ਇਸ ਤੋਂ ਇਲਾਵਾ ਸਾਰੀਆਂ ਜਲ ਸਪਲਾਈ ਸਕੀਮਾਂ ਨੂੰ ਵੀ ਚਾਲੂ ਕਰ ਦਿੱਤਾ ਗਿਆ ਹੈ ਅਤੇ ਪਾਣੀ ਵਿੱਚ ਕਲੋਰੀਨੇਸ਼ਨ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬਲੌਂਗੀ ਵਿੱਚ ਪੇਚਸ਼ ਦੇ ਮਰੀਜ਼ ਹੋਣ ਕਾਰਨ ਪਾਣੀ ਦੀ ਸਪਲਾਈ ਨੂੰ ਫਿਲਹਾਲ ਆਰਜ਼ੀ ਤੌਰ ’ਤੇ ਬੰਦ ਕੀਤੀ ਗਈ ਹੈ।
ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਮੁਹਾਲੀ ਨਗਰ ਨਿਗਮ ਅਤੇ ਗਮਾਡਾ ਅਥਾਰਟੀ ਵੱਲੋਂ ਆਪੋ ਆਪਣੇ ਅਧੀਨ ਆਉਂਦੇ ਖੇਤਰਾਂ ਵਿੱਚ ਫੌਗਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵੱਲੋਂ ਵੀ ਲਗਾਤਾਰ ਫੌਗਿੰਗ ਕਰਨ ਸਮੇਤ ਮੱਛਰਾਂ ਦੇ ਲਾਰਵੇ ਨੂੰ ਰੋਕਣ ਲਈ ਖੜ੍ਹੇ ਪਾਣੀ ਵਿੱਚ ਕੈਮੀਕਲ ਪਾ ਕੇ ਬਚਾਅ ਕਾਰਜ ਕੀਤੇ ਜਾ ਰਹੇ ਹਨ।

Load More Related Articles

Check Also

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ 2500 ’ਚੋਂ ਸਿਰਫ਼ 800 ਅਧਿਆਪਕ ਹੀ ਕਰ ਸ…