
ਲਾਰੈਂਸ ਪਬਲਿਕ ਸਕੂਲ ਮੁਹਾਲੀ ਵਿੱਚ ਸਾਇੰਸ ਮੇਲਾ ਕਰਵਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਲਾਰੈਂਸ ਪਬਲਿਕ ਸਕੂਲ ਸੈਕਟਰ-51 ਮੁਹਾਲੀ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਵੀਨਾ ਮਲਹੋਤਰਾ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਦੀਪ ਜਗਾ ਕੇ ਸਮਾਗਮ ਦਾ ਸ਼ੁੱਭ ਆਰੰਭ ਕੀਤਾ। ਇਸ ਮੌਕੇ ਸਕੂਲ ਦੇ ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਛੋਟੇ ਬੱਚਿਆਂ ਵੱਲੋਂ ਵੈਲਕਮ ਗੀਤ ਗਾਇਆ ਗਿਆ। ਇਸ ਦੌਰਾਨ ਸਕੂਲੀ ਬੱਚਿਆਂ ਨੇ ਪੌਸ਼ਟਿਕ ਭੋਜਨ ਅਤੇ ਸਵੱਛ ਭਾਰਤ ਅਭਿਆਨ ਸਬੰਧੀ ਨਾਟਕ ਪੇਸ਼ ਕੀਤੇ ਅਤੇ ਵਾਤਾਵਰਨ ਪ੍ਰਦੂਸ਼ਣ ਸਬੰਧੀ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਰਿਪਲਾਂਟੇਸ਼ਨ ਸਬੰਧੀ ਹਾਈਡ੍ਰੀਲਕ ਮਸ਼ੀਨ ਸਬੰਧੀ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੇ ਇਸਰੋ ਅਤੇ ਬੋਨਸੀ ਦੀਆਂ ਕਿਸਮਾਂ ਦੇ ਮਾਡਲਾਂ ਨੂੰ ਪੇਸ਼ ਕੀਤਾ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਯੋਗਾ ਕੇਂਦਰ ਅਤੇ ਫੂਡ ਕੋਰਟ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਨੇ ਕਿਹਾ ਕਿ ਅਜਿਹੇ ਆਯੋਜਨਾਂ ਨਾਲ ਸਕੂਲੀ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਵਧਦੀ ਹੈ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਸ਼ਕਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਾਡੇ ਬੱਚੇ ਦੇਸ਼ ਦਾ ਭਵਿੱਖ ਹਨ। ਸਮਾਜਿਕ ਪਰਿਵਰਤਨ ਲਈ ਨੌਜਵਾਨ ਪੀੜ੍ਹੀ ਅਹਿਮ ਰੋਲ ਨਿਭਾ ਸਕਦੀ ਹੈ। ਇਸ ਲਈ ਬੱਚਿਆਂ ਨੂੰ ਸਕੂਲ ਪੱਧਰ ’ਤੇ ਮਿਆਰੀ ਸਿੱਖਿਆ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਦਾ ਪਾਠ ਪੜ੍ਹਾਇਆ ਜਾਣਾ ਵੀ ਜ਼ਰੂਰੀ ਹੈ।