
ਡੀਆਈਜੀ ਭੁੱਲਰ ਦੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਦੌਰਾਨ 20 ਸ਼ੱਕੀ ਨੌਜਵਾਨ ਹਿਰਾਸਤ ’ਚ ਲਏ
ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਦੀ ਘੇਰਾਬੰਦੀ ਕਰਕੇ ਕੀਤੀ ਤਲਾਸ਼ੀ
18 ਗਰਾਮ ਅਫ਼ੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਗਦੀ ਬਰਾਮਦ
ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀਆਂ ਨੇ ਪੰਜਾਬ ਪੁਲੀਸ ਦੇ ਇਸ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ:
ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਸੂਬੇ ਵਿੱਚ ਦਿਨ ਪ੍ਰਤੀ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਵੀਰਵਾਰ ਨੂੰ ਤਿੰਨ ਗੁਆਂਢੀ ਜ਼ਿਲ੍ਹਿਆਂ ਦੀ ਪੁਲੀਸ ਨੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੱੁਲਰ ਦੀ ਅਗਵਾਈ ਹੇਠ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਵਿੱਢੀ ਗਈ। ਇਸ ਵਿਸ਼ੇਸ਼ ਟੀਮ ਵਿੱਚ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ, ਫਤਹਿਗੜ੍ਹ ਸਾਹਿਬ ਦੇ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਅਤੇ ਰੂਪਨਗਰ ਦੇ ਐੱਸਐੱਸਪੀ ਸੰਦੀਪ ਗਰਗ, ਐਸਪੀ ਨਵਰੀਤ ਸਿੰਘ ਵਿਰਕ, ਰਾਜਪਾਲ ਸਿੰਘ ਹੁੰਦਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਸੁਖਵਿੰਦਰ ਸਿੰਘ ਸਮੇਤ ਸਮੂਹ ਥਾਣਿਆਂ ਦੇ ਐਸਐਚਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪੁਲੀਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਮੁਹਾਲੀ ਦੇ ਸੈਕਟਰ-70 ਹੋਮਲੈਂਡ ਸੁਸਾਇਟੀ ਸਮੇਤ ਈਡਨ ਕੋਰਟ ਅਤੇ ਜਲਵਾਯੂ ਵਿਹਾਰ ਵਿੱਚ ਛਾਪੇਮਾਰੀ ਕਰਕੇ 20 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਤੋਂ ਇਲਾਵਾ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ 10 ਵਾਹਨਾਂ ਨੂੰ ਵੀ ਜ਼ਬਤ ਕੀਤਾ ਹੈ। ਇਸ ਕਾਰਵਾਈ ਦੌਰਾਨ 18 ਗਰਾਮ ਅਫ਼ੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਨਗਦੀ ਬਾਰੇ ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਗਿਆ ਹੈ।
ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਤੋਂ ਉਕਤ ਸੁਸਾਇਟੀਆਂ ਰਹਿ ਰਹੇ ਹਨ ਅਤੇ ਕਈਆਂ ਨੇ ਤਾਂ ਫਲੈਟਾਂ ਨੂੰ ਕਿਰਾਏ ’ਤੇ ਲੈ ਕੇ ਅੱਗੇ ਕਿਰਾਏ ’ਤੇ ਚਾੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰੇਕ ਸੁਸਾਇਟੀ ਦੀ ਐਸਐਸਪੀ ਦੀ ਅਗਵਾਈ ਹੇਠ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਛਾਪੇਮਾਰੀ ਦੌਰਾਨ ਬਰਾਮਦ ਹਥਿਆਰਾਂ, ਨਸ਼ੀਲੇ ਪਦਾਰਥ ਅਤੇ ਨਗਦੀ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਧਰ, ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀਆਂ ਨੇ ਵੀ ਪੰਜਾਬ ਪੁਲੀਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਕਾਰਵਾਈ ਨਿਰੰਤਰ ਜਾਰੀ ਰੱਖੀ ਜਾਵੇ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡੀਐਸਪੀ ਸੁਖਨਾਜ ਸਿੰਘ ਅਤੇ ਮਟੌਰ ਥਾਣਾ ਦੇ ਐਸਐਚਓ ਨਵੀਨਪਾਲ ਸਿੰਘ ਲਹਿਲ ਦੀ ਅਗਵਾਈ ਹੇਠ ਹੋਮਲੈਂਡ ਸੁਸਾਇਟੀ ਦੀ ਅਚਨਚੇਤ ਚੈਕਿੰਗ ਦੌਰਾਨ 5 ਵਿਅਕਤੀਆਂ ਨੂੰ ਆਨਲਾਈਨ ਸੱਟਾ ਖੇਡਦੇ ਹੋਏ ਕਾਬੂ ਕੀਤਾ ਗਿਆ ਹੈ। ਇਹ ਉਹ ਫਲੈਟ ਹੈ, ਜੋ ਵਿਧਾਨ ਸਭਾ ਚੋਣਾਂ ਦੇ ਐਨ ਪਹਿਲਾਂ ਸਾਬਕਾ ਮੁੱਖ ਮੰਤਰੀ ਦੇ ਇੱਕ ਰਿਸਤੇਦਾਰ ਕੋਲੋਂ 10 ਕਰੋੜ ਰੁਪਏ ਫੜੇ ਗਏ ਸੀ। ਮੁਹਾਲੀ ਦੀਆਂ ਸੁਸਾਇਟੀਆਂ ਵਿੱਚ ਜ਼ਿਆਦਾਤਰ ਕਿਰਾਏਦਾਰ ਪੁਲੀਸ ਵੈਰੀਫਿਕੇਸ਼ਨ ਤੋਂ ਬਿਨਾਂ ਰਹਿ ਰਹੇ ਹਨ ਪ੍ਰੰਤੂ ਵੋਟਾਂ ਦੀ ਰਾਜਨੀਤੀ ਅਤੇ ਸਿਆਸੀ ਦਬਾਅ ਕਾਰਨ ਪੁਲੀਸ ਆਪਣੇ ਹੱਥ ਪਿੱਛੇ ਖਿੱਚ ਲੈਂਦੀ ਸੀ ਪ੍ਰੰਤੂ ਹੁਣ ਆਪ ਸਰਕਾਰ ਨੇ ਜੁਰਮ ਨੂੰ ਠੱਲ੍ਹ ਪਾਉਣ ਲਈ ਪੁਲੀਸ ਨੂੰ ਬਿਨਾਂ ਕਿਸੇ ਦਬਾਅ ਤੋਂ ਕਾਰਵਾਈ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਜਿਸ ਦੇ ਚੰਗੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।