ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਬੈਂਸ

ਸਿੱਖਿਆ ਮੰਤਰੀ ਨੇ ਫਿਨਲੈਂਡ ਯੂਨੀਵਰਸਿਟੀ ਦੇ ਮਾਹਰਾਂ ਨਾਲ ਮੁਹਾਲੀ ਦੇ ਸਕੂਲ ਆਫ਼ ਐਮੀਨੈਂਸ ਦਾ ਦੌਰਾ

ਨਬਜ਼-ਏ-ਪੰਜਾਬ, ਮੁਹਾਲੀ, 22 ਜਨਵਰੀ:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਰਾਂ ਨਾਲ ਮੁਹਾਲੀ ਦੇ ਸਕੂਲ ਆਫ਼ ਐਮੀਨੈਂਸ ਫੇਜ਼-11 ਦਾ ਦੌਰਾ ਕੀਤਾ ਅਤੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਦੇ ਦੂਜੇ ਬੈਚ ਦੀ ਸਿਖਲਾਈ ਲਈ ਯੂਨੀਵਰਸਿਟੀ ਆਫ਼ ਤੁਰਕੂ ਨਾਲ ਪਹਿਲਾਂ ਹੀ ਇੱਕ ਸਮਝੌਤਾ ਪੱਤਰ ’ਤੇ ਹਸਤਾਖ਼ਰ ਕੀਤੇ ਜਾ ਚੁੱਕੇ ਹਨ। ਤਿੰਨ ਹਫ਼ਤਿਆਂ ਦੇ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਹਿਲੇ ਹਫ਼ਤੇ ਪੰਜਾਬ ਵਿੱਚ ਹੀ ਸਿਖਲਾਈ ਦਿੱਤੀ ਜਾਵੇਗੀ, ਅਗਲੇ ਦੋ ਹਫ਼ਤੇ ਫਿਨਲੈਂਡ ਵਿੱਚ ਸਿਖਲਾਈ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਹਰਜੋਤ ਬੈਂਸ ਨੇ ਫਿਨਲੈਂਡ ਦੇ ਮਾਹਰਾਂ ਏਰੀ ਕਿਓਸਕੀ, ਜੋਇਲ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਾਇਟੋ-ਸਿੰਜੋਈ ਦਾ ਨਿੱਘਾ ਸਵਾਗਤ ਕੀਤਾ। ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸਹਿਯੋਗ ਅਤੇ ਮੁਹਾਰਤ ਲਈ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀ ਭੂਮਿਕਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਫਿਨਲੈਂਡ ਦੇ ਮਾਹਰਾਂ ਦੀ ਮੌਜੂਦਗੀ ਪੰਜਾਬ ਅਤੇ ਫਿਨਲੈਂਡ ਦਰਮਿਆਨ ਵਿੱਦਿਅਕ ਮਿਆਰਾਂ ਨੂੰ ਸੁਧਾਰਨ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੂਝ ਅਤੇ ਮਾਰਗ-ਦਰਸ਼ਨ, ਸਿਖਲਾਈ ਪਾਠਕ੍ਰਮ ਤਿਆਰ ਕਰਨ ਅਤੇ ਗਿਆਨ ਦੇ ਸਫਲ ਆਦਾਨ-ਪ੍ਰਦਾਨ ਨੂੰ ਯਕੀਨੀ ਬਣਾਉਣ ਵਿੱਚ ਲਾਹੇਵੰਦ ਸਾਬਤ ਹੋਵੇਗੀ।
ਹਰਜੋਤ ਬੈਂਸ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਪ੍ਰਾਇਮਰੀ ਸਕੂਲ ਅਧਿਆਪਨ ਤਕਨੀਕਾਂ ਨਾਲ ਲੈਸ ਕਰਨਾ ਹੈ। ਇਹ ਪਹਿਲ ਅਧਿਆਪਕਾਂ ਨੂੰ ਹੁਨਰ ਅਤੇ ਅਧਿਆਪਨ ਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਮਦਦ ਕਰੇਗੀ ਜੋ ਉਨ੍ਹਾਂ ਦੇ ਅਧਿਆਪਨ ਤਜਰਬਿਆਂ ਨੂੰ ਹੋਰ ਨਿਖਾਰਨ ਦੇ ਨਾਲ-ਨਾਲ ਕਲਾਸ-ਰੂਮ ਵਿੱਚ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਹੋਵੇਗੀ।
ਇਸ ਮੌਕੇ ਨੈਸ਼ਨਲ ਐਵਾਰਡੀ ਆਰਟ ਐਂਡ ਕਰਾਫ਼ਟ ਅਧਿਆਪਕ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਆਪਣੇ ਕਲਾਤਮਕ ਹੁਨਰ ਦਾ ਪ੍ਰਗਟਾਵਾ ਕਰਦਿਆਂ ਮਹਿਮਾਨਾਂ ਤੋਂ ਇਸ ਯੂਰਪੀਅਨ ਮੁਲਕ ਦੇ ਨਕਸ਼ੇ ਵਿੱਚ ਫਿਨਲੈਂਡ ਦੇ ਝੰਡੇ ਦੀ ਲਾਈਵ ਪੇਂਟਿੰਗ ਤਿਆਰ ਕਰਵਾਈ। ਫਿਨਲੈਂਡ ਦੇ ਮਾਹਰ ਵਿਦਿਆਰਥੀਆਂ ਦੇ ਕਲਾ ਅਤੇ ਕਰਾਫ਼ਟ ਹੁਨਰ ਤੋਂ ਕਾਫ਼ੀ ਪ੍ਰਭਾਵਿਤ ਹੋਏ। ਮੰਤਰੀ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਪੇਂਟਿੰਗਾਂ ਨਾਲ ਮਾਹਰਾਂ ਦੇ ਸਮੂਹ ਦਾ ਸਨਮਾਨ ਕੀਤਾ। ਇਸ ਮੌਕੇ ਡੀਪੀਆਈ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲ ਲਵਿਸ਼ ਚਾਵਲਾ ਅਤੇ ਵਿਭਾਗ ਦੇ ਹੋਰ ਅਧਿਕਾਰੀ ਅਤੇ ਅਧਿਆਪਕ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ ਮਿਲਕਫੈੱਡ ਤੇ ਮਿਲਕ ਪਲਾਂ…