nabaz-e-punjab.com

ਡੀਸੀ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਨੇੜੇ ਧਾਰਾ 144 ਲਾਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪ੍ਰੀਖਿਆ ਕੇਂਦਰਾਂ ਦੇ ਨੇੜੇ ਧਾਰਾ 144 ਲਾਗੂ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਪ੍ਰੀਖਿਆਵਾਂ ਵਾਲੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਕਿਸਮ ਦਾ ਇਕੱਠ ਹੋਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ ’ਤੇ ਲਾਗੂ ਨਹੀਂਂ ਹੋਵੇਗਾ। ਇਹ ਪਾਬੰਦੀ ਦੇ ਹੁਕਮ 12 ਮਾਰਚ 2018 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਪੁਲੀਸ ਮੁਖੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਇਸ ਹੁਕਮ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਵੱਲੋਂ ਬੀਤੀ 26 ਫਰਵਰੀ ਨੂੰ ਡਿਪਟੀ ਕਮਿਸ਼ਨਰ ਨੂੰ ਸਰਕਾਰੀ ਪੱਤਰ ਲਿਖਿਆ ਗਿਆ ਸੀ ਕਿ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ 28 ਫਰਵਰੀ ਤੋਂ 12 ਮਾਰਚ ਤੱਕ ਜ਼ਿਲ੍ਹਾ/ਤਹਿਸੀਲ ਪੱਧਰ ’ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਆਮ ਦੇਖਣ ਵਿੱਚ ਆਇਆ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਅਣਚਾਹੇ ਵਿਅਕਤੀ ਇਕੱਠੇ ਹੋ ਜਾਂਦੇ ਹਨ ਜੋ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚ ਕੇ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ। ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…