
ਸੈਕਟਰ-76 ਤੋਂ 80 ਦੇ ਵਿਕਾਸ ਦੀ ਆਸ ਬੱਝੀ, 60 ਲੱਖ ਦੇ ਵਰਕ ਆਰਡਰ ਜਾਰੀ
ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਵਿਕਾਸ ਮਤਿਆਂ ’ਤੇ ਚਰਚਾ, ਕੁਆਲਿਟੀ ’ਤੇ ਜ਼ੋਰ
ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਨਵੇਂ ਸੈਕਟਰਾਂ ਵਿੱਚ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ: ਮੇਅਰ ਜੀਤੀ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਇੱਥੋਂ ਦੇ ਸੈਕਟਰ-76 ਤੋਂ 80 ਦੇ ਵਸਨੀਕਾਂ ਨੂੰ ਵਿਕਾਸ ਅਤੇ ਮੁੱਢਲੀਆਂ ਸਹੂਲਤਾਂ ਮਿਲਣ ਦੀ ਦੀ ਆਸ ਬੱਝ ਗਈ ਹੈ। ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਇਨ੍ਹਾਂ ਸੈਕਟਰਾਂ ਦੇ ਵੱਖ-ਵੱਖ ਵਿਕਾਸ ਕੰਮਾਂ ਲਈ 60 ਲੱਖ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ ਜਦੋਂਕਿ ਤਿੰਨ ਕਰੋੜ ਤੋਂ ਵੱਧ ਰਾਸ਼ੀ ਦੇ ਹੋਰ ਨਵੇਂ ਵਿਕਾਸ ਮਤਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ, ਮੈਂਬਰ ਜਸਬੀਰ ਸਿੰਘ ਮਣਕੂ, ਅਨੁਰਾਧਾ ਆਨੰਦ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਜੀਤ ਸਿੰਘ ਢਿੱਲੋਂ, ਐਸਈ ਸੰਜੇ ਗਰਗ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਪਹਿਲਾਂ ਇਹ ਸਾਰੇ ਸੈਕਟਰ ਗਮਾਡਾ ਅਧੀਨ ਸਨ। ਜਿਸ ਕਾਰਨ ਬੁਨਿਆਦੀ ਢਾਂਚੇ ਪੱਖੋਂ ਕਾਫ਼ੀ ਪਛੜੇ ਹੋਏ ਸੀ। ਲੇਕਿਨ ਇਸ ਖੇਤਰ ਨੂੰ ਨਗਰ ਨਿਗਮ ਅਧੀਨ ਲੈਣ ਤੋਂ ਬਾਅਦ ਇੱਥੇ ਜੰਗੀ ਪੱਧਰ ’ਤੇ ਵਿਕਾਸ ਸ਼ੁਰੂ ਕਰਵਾਏ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ’ਤੇ ਪ੍ਰੀਮਿਕਸ ਅਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਅਤੇ ਪੇਵਰ ਬਲਾਕ ਕੰਮਾਂ ’ਤੇ ਲਈ 60 ਲੱਖ ਰੁਪਏ ਖ਼ਰਚੇ ਜਾਣਗੇ ਜਦੋਂਕਿ ਤਿੰਨ ਕਰੋੜ ਦੇ ਨਵੇਂ ਮਤੇ ਪੇਸ਼ ਕੀਤੇ ਗਏ ਹਨ।
ਜੀਤੀ ਸਿੱਧੂ ਨੇ ਕਿਹਾ ਕਿ ਸਨਅਤੀ ਏਰੀਆ ਅਤੇ ਰਿਹਾਇਸ਼ੀ ਖੇਤਰ ਸੈਕਟਰ-74 ਦੇ ਵਿਕਾਸ ਨੂੰ ਵੀ ਤਰਜ਼ੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਇਲਾਕਿਆਂ ਵਿੱਚ ਸਾਫ਼-ਸਫ਼ਾਈ ਅਤੇ ਪਾਰਕਾਂ ਦੇ ਰੱਖ-ਰਖਾਓ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ ਜਦੋਂਕਿ ਸੜਕਾਂ ਦਾ ਕੰਮ ਵੀ ਛੇਤੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।