Nabaz-e-punjab.com

ਸੈਕਟਰ-79 ਸਮਾਗਮ ਵਿੱਚ ਬਜ਼ੁਰਗਾਂ ਤੇ ਹੋਣਹਾਰ ਸਕੂਲੀ ਬੱਚਿਆਂ ਦਾ ਸਨਮਾਨ

ਅਜੋਕੇ ਯੁੱਗ ਵਿੱਚ ਬਜ਼ੁਰਗਾਂ ਨੂੰ ਬਿਰਧ ਆਸ਼ਰਮਾਂ ਵਿੱਚ ਰੁਲਦੇ ਦੇਖ ਕੇ ਦਿਲ ਕੰਬ ਉੱਠਦੈ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਸੋਸ਼ਲ ਵੈਲਫੇਅਰ ਅਤੇ ਡਿਵੈਲਪਮੈਂਟ ਐਸੋਸੀਏਸ਼ਨ ਸੈਕਟਰ-79 ਦੇ ਪ੍ਰਧਾਨ ਹਰਦਿਆਲ ਸਿੰਘ ਬਡਬਰ ਦੀ ਅਗਵਾਈ ਹੇਠ ਆਯੋਜਿਤ ਧਾਰਮਿਕ ਸਮਾਗਮ ਵਿੱਚ 75 ਸਾਲ ਦੀ ਉਮਰ ਦੇ ਬਜ਼ੁਰਗਾਂ ਸਮੇਤ ਸਾਲਾਨਾ ਪ੍ਰੀਖਿਆਵਾਂ ਵਿੱਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਿਨ੍ਹਾਂ ਨੇ ਬਜ਼ੁਰਗਾਂ ਅਤੇ ਹੋਣਹਾਰ ਸਕੂਲੀ ਬੱਚਿਆਂ ਨੂੰ ਵਿਸ਼ੇਸ਼ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਖੁੱਲ੍ਹੇ ਪੰਡਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਸੇਵਾਮੁਕਤ ਪ੍ਰਿੰਸੀਪਲ ਦੇਸ ਰਾਜ ਦੀ ਸੰਗੀਤ ਮੰਡਲੀ ਨੇ ਸਰੋਤਿਆਂ ਨੂੰ ਸਮਾਜਿਕ ਅਤੇ ਦੇਸ਼ ਭਗਤੀ ਦੇ ਗੀਤ ਗਾ ਕੇ ਨਿਹਾਲ ਕੀਤਾ ਜਦੋਂਕਿ ਨੈਸ਼ਨਲ ਵੰਡਲ ਸਮਾਰਟ ਸਕੂਲ ਸੈਕਟਰ-79 ਦੇ ਬੱਚਿਆਂ ਨੇ ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਨਾਲ ਖੂਬ ਰੰਗ ਬੰਨ੍ਹਿਆ।
ਇਸ ਮੌਕੇ ਸਿਹਤ ਮੰਤਰੀ ਸ੍ਰੀ ਸਿੱਧੂ ਨੇ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਸੰਸਥਾਵਾਂ ਨੂੰ ਅਜਿਹੇ ਪ੍ਰੋਗਰਾਮ ਉਲੀਕਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਬਜ਼ੁਰਗ ਸਾਡੇ ਦੇਸ਼ ਦਾ ਅਨਮੋਲ ਸਰਮਾਇਆ ਹਨ, ਉੱਥੇ ਨੌਜਵਾਨ ਦੇਸ਼ ਦਾ ਭਵਿੱਖ ਹਨ। ਇਹ ਦੋਵੇਂ ਅਵਸਥਾ ਬਹੁਤ ਹੀ ਲਾਡ ਪਿਆਰ ਵਾਲੀਆਂ ਹੁੰਦੀਆਂ ਹਨ। ਉਨ੍ਹਾਂ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਬੁਢਾਪੇ ਵਿੱਚ ਆਪਣੇ ਬਜ਼ੁਰਗਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਅਜੋਕੇ ਯੁੱਗ ਵਿੱਚ ਬਜ਼ੁਰਗਾਂ ਨੂੰ ਬਿਰਧ ਆਸ਼ਰਮਾਂ ਵਿੱਚ ਰੁਲਦੇ ਦੇਖ ਕੇ ਦਿਲ ਕੰਬ ਉੱਠਦਾ ਹੈ। ਮੰਤਰੀ ਨੇ ਐਸੋਸੀਏਸ਼ਨ ਨੂੰ ਸਮਾਜ ਸੇਵੀ ਕਾਰਜਾਂ ਲਈ 51 ਹਜ਼ਾਰ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਪ੍ਰਧਾਨ ਹਰਦਿਆਲ ਚੰਦ ਬਡਬਰ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੈਕਟਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਦੱਸਿਆ ਅਤੇ 40 ਮਹੱਤਵਪੂਰਨ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਪਏ ਖੱਡਿਆਂ ਨੂੰ ਭਰਨ, ਪਾਰਕਾਂ ਦੀ ਸਾਭ-ਸੰਭਾਲ, ਸਫ਼ਾਈ, ਸਟਰੀਟ-ਲਾਈਟਾਂ, ਬਰਸਾਤੀ ਪਾਣੀ ਅਤੇ ਗਲੀ ਵਿੱਚ ਮੇਨ-ਹੋਲ ਬੰਦ ਕਰਵਾਉਣ ਦੀ ਮੰਗ ਕੀਤੀ। ਮੰਤਰੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਇਆ ਜਾਵੇਗਾ।
ਇਸ ਮੌਕੇ ਸਿਹਤ ਮੰਤਰੀ ਵੱਲੋਂ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਰਘਬੀਰ ਸਿੰਘ ਸੰਧੂ, ਸੈਕਟਰ-76 ਤੋਂ 80 ਵੈਲਫੇਅਰ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ, ਜਨਰਲ ਸਕੱਤਰ ਰਣਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਸਰਦੂਲ ਸਿੰਘ ਨੂੰ ਅਲਾਟੀਆਂ ਨੂੰ ਪਲਾਟ ਅਲਾਟ ਕਰਵਾਉਣ ਵਿੱਚ ਪਾਏ ਯੋਗਦਾਨ ਬਦਲੇ ਸਨਮਾਨਿਤ ਕੀਤਾ ਗਿਆ। ਸਟੇਜ ਦੀ ਕਾਰਵਾਈ ਸਕੱਤਰ ਲਖਬੀਰ ਸਿੰਘ ਕੰਗ ਅਤੇ ਅਮਰੀਕ ਸਿੰਘ ਨੇ ਬਾਖ਼ੂਬੀ ਨਿਭਾਈ। ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਸਕੱਤਰ ਲਖਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ, ਮੀਤ ਪ੍ਰਧਾਨ ਹਰਮੇਸ ਲਾਲ ਭੋਗਲ, ਸਹਾਇਕ ਸਕੱਤਰ ਮੋਹਨ ਸਿੰਘ ਮਾਵੀ, ਕੈਸ਼ੀਅਰ ਸਵਰਨਜੀਤ ਸਿੰਘ, ਮੀਤ ਕੈਸ਼ੀਅਰ ਕ੍ਰਿਸ਼ਨ ਲਾਲ, ਜਸਦੀਪ ਸਿੰਘ ਗਿੱਲ, ਸੰਜੀਵ ਸੋਹਲ, ਮੁਹੰਮਦ ਸੁਹੇਲ, ਅਧਿਆਤਕ ਪ੍ਰਕਾਸ਼, ਸੁਰੇਸ਼ ਸ਼ਰਮਾ, ਕੰਵਰਜੀਤ ਸਿੰਘ ਅੌਲਖ, ਦਵਿੰਦਰ ਸਿੰਘ, ਅਵਤਾਰ ਸਿੰਘ, ਬਲਵਿੰਦਰ ਕੌਰ, ਮਹਿੰਦਰ ਕੌਰ, ਹਰਜੀਤ ਸਿੰਘ ਭੋਲੂ, ਕ੍ਰਿਸ਼ਨ ਗੋਇਲ ਸਰਪੰਚ ਮੌਲੀ ਬੈਦਵਾਲ, ਲੀਲਾ ਦੇਵੀ ਤੇ ਜਸਵੰਤ ਕੌਰ ਨੇ ਪੂਰਾ ਸਹਿਯੋਗ ਦਿੱਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…