ਬੀਜ ਘੁਟਾਲਾ: ਅਕਾਲੀ ਦਲ ਨੇ ਪ੍ਰਾਈਵੇਟ ਕੰਪਨੀ ਅਤੇ ਰਾਜਸੀ ਆਗੂਆਂ ਖ਼ਿਲਾਫ਼ ਕਾਰਵਾਈ ਮੰਗੀ

ਅਕਾਲੀ ਵਿਧਾਇਕ ਐਨਕੇ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਨੇ ਏਡੀਸੀ ਨੂੰ ਦਿੱਤੀ ਲਿਖਤੀ ਸ਼ਿਕਾਇਤ

ਐਨਕੇ ਸ਼ਰਮਾ ਮਾਮਲੇ ਦੀ ਸੀਬੀਆਈ ਜਾਂ ਮੌਜੂਦਾ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਸ਼੍ਰੋਮਣੀ ਅਕਾਲੀ ਦਲ (ਬ) ਨੇ ਬਹੁ-ਕਰੋੜੀ ਬੀਜ ਘੁਟਾਲੇ ਦੇ ਮਾਮਲੇ ਵਿੱਚ ਮੋਤੀਆਂ ਵਾਲੀਆਂ ਸਰਕਾਰ ਨੂੰ ਘੇਰ ਲਿਆ ਹੈ। ਅੱਜ ਅਕਾਲੀ ਵਿਧਾਇਕ ਐਨਕੇ ਸ਼ਰਮਾ, ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਨੇ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਲਿਖਤੀ ਸ਼ਿਕਾਇਤ ਦੇ ਕੇ ਬੀਜ ਘੁਟਾਲੇ ਮਾਮਲੇ ਦੀ ਸੀਬੀਆਈ ਜਾਂ ਮੌਜੂਦਾ ਸੀਨੀਅਰ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਨਕੇ ਸ਼ਰਮਾ ਨੇ ਕਿਹਾ ਕਿ ਇਹ ਗੋਰਖਧੰਦਾ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਸੰਭਵ ਨਹੀਂ ਹੈ। ਇਸ ਸਮੁੱਚੇ ਦੀ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਖੇਤੀਬਾੜੀ ਵਿਭਾਗ ਵੱਲੋਂ ਪੀਆਰ-128 ਅਤੇ ਪੀਆਰ-129 ਦੇ ਨਕਲੀ ਬੀਜਾਂ ਦੀ ਵਿਕਰੀ ਅਤੇ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਦਰਜ ਕਰਵਾਈ ਐਫ਼ਆਈਆਰ ਦੇ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਅਜੇ ਤਾਈਂ ਨਕਲੀ ਬੀਜ ਬਣਾਉਣ ਵਾਲੀ ਕੰਪਨੀ ਅਤੇ ਹੋਰ ਜ਼ਿੰਮੇਵਾਰ ਰਾਜਸੀ ਆਗੂਆਂ ਨੂੰ ਫੜ ਕੇ ਹਵਾਲਾਤ ਵਿੱਚ ਬੰਦ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨਾਲ ਠੱਗੀਆਂ ਮਾਰਨ ਵਾਲੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਸਮੁੱਚੇ ਮਾਮਲੇ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ ਅਤੇ ਸਬੰਧਤ ਵਿਅਕਤੀਆਂ ਵੱਲੋਂ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਮਹਿੰਗੇ ਭਾਅ ’ਤੇ ਨਕਲੀ ਬੀਜ ਵੇਚਣ ਦਾ ਦੋਸ਼ ਲਗਾਉਂਦਿਆਂ ਪੰਜਾਬ ਦੇ ਇਕ ਕੈਬਨਿਟ ਮੰਤਰੀ ਦੀ ਸ਼ੱਕੀ ਭੂਮਿਕਾ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਸਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਰਾਜਪਾਲ ਨੂੰ ਵੀ ਮੰਗ ਪੱਤਰ ਦਿੱਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ, ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ, ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਰਣਧੀਰ ਸਿੰਘ ਧੀਰਾ, ਸੀਨੀਅਰ ਯੂਥ ਆਗੂ ਅਸ਼ਵਨੀ ਕੁਮਾਰ ਸ਼ਰਮਾ, ਪਰਮਜੀਤ ਸਿੰਘ ਕਾਹਲੋਂ ਅਤੇ ਹੋਰ ਆਗੂ ਹਾਜ਼ਰ ਸਨ।
(ਬਾਕਸ ਆਈਟਮ)
ਮੁਹਾਲੀ ਦੀ ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਦਾਅਵਾ ਕੀਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਿਸੇ ਕਿਸਾਨ ਨੂੰ ਨਕਲੀ ਬੀਜ ਨਹੀਂ ਵੇਚਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੋਂ ਹਾਲ ਹੀ ਵਿੱਚ ਸਰਵੇ ਅਤੇ ਜਾਂਚ ਕਰਵਾਈ ਗਈ ਹੈ ਅਤੇ ਖੇਤੀਬਾੜੀ ਵਿਭਾਗ ਦੀ ਜਾਂਚ ਮੁਤਾਬਕ ਮੁਹਾਲੀ ਜ਼ਿਲ੍ਹੇ ਵਿੱਚ ਨਕਲੀ ਬੀਜ ਨਹੀਂ ਵੇਚਿਆ ਗਿਆ ਹੈ। ਲੇਕਿਨ ਹੁਣ ਸ਼ਿਕਾਇਤ ਮਿਲਣ ਤੋਂ ਬਾਅਦ ਸਮੁੱਚੇ ਮਾਮਲੇ ਦੀ ਮੁੜ ਜਾਂਚ ਕਰਵਾਈ ਜਾਵੇਗੀ ਅਤੇ ਰਿਪੋਰਟ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਦੀ ਸਿਫਾਰਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਧਾਇਕ ਦੀ ਸ਼ਿਕਾਇਤ ਨੂੰ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …