ਸਹਿਜਧਾਰੀ ਸਿੱਖ ਪਾਰਟੀ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ, ਆਪ ਤੇ ਕਿਸਾਨ ਮੋਰਚਾ ਨਾਲ ਨਹੀਂ ਗਲੀ ਦਾਲ

ਸਹਿਜਧਾਰੀ ਸਿੱਖ ਪਾਰਟੀ ਨੇ ਭਾਜਪਾ ਗੱਠਜੋੜ ਦੇ ਹੱਕ ਵਿੱਚ 30 ਉਮੀਦਵਾਰ ਵਾਪਸ ਲਏ

ਪੰਜਾਬ ਵਿੱਚ 1.20 ਕਰੋੜ ਸਹਿਜਧਾਰੀ ਸਿੱਖਾਂ ਦੀ ਆਬਾਦੀ ਬਦਲੇਗੀ ਸਿਆਸੀ ਸਮੀਕਰਨ: ਡਾ. ਰਾਣੂ

ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਹੰਗ ਅਸੰਬਲੀ ਤੋਂ ਬਚਾਉਣ ਦੀ ਲੋੜ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਸਹਿਜਧਾਰੀ ਸਿੱਖ ਪਾਰਟੀ ਨੇ ਆਪਣੀ ਚੁੱਪੀ ਤੋੜਦਿਆਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂ ਨੇ ਦੱਸਿਆ ਕਿ ਸਹਿਜਧਾਰੀ ਸਿੱਖ ਪਾਰਟੀ ਨੇ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ 30 ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਇਨ੍ਹਾਂ ਸਾਰੇ ਉਮੀਦਵਾਰਾਂ ਨੂੰ ਭਾਜਪਾ ਦੇ ਹੱਕ ਵਿੱਚ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਜਨੀਤਕ ਅਸਥਿਰਤਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੰਜਾਬ ਸਰਹੱਦੀ ਸੂਬਾ ਹੈ, ਜਿਸ ਦੀ ਵਾਗਡੋਰ ਗੈਰ ਜ਼ਿੰਮੇਵਾਰ ਆਗੂਆਂ ਦੇ ਹੱਥ ਦੇਣੀ ਦੇਸ਼ ਹਿੱਤ ਵਿੱਚ ਨਹੀਂ ਹੈ। ਜਿਸ ਕਾਰਨ ਸਹਿਜਧਾਰੀ ਸਿੱਖ ਪਾਰਟੀ ਨੇ ਆਪਣੇ 30 ਉਮੀਦਵਾਰ ਚੋਣਾਂ ’ਚੋਂ ਵਾਪਸ ਲਏ ਹਨ ਅਤੇ ਅੱਜ ਕੇਂਦਰੀ ਵਿਦੇਸ਼ ਮੰਤਰੀ ਅਤੇ ਪੰਜਾਬ ਪ੍ਰਭਾਰੀ ਸ੍ਰੀਮਤੀ ਮੀਨਾਕਸ਼ੀ ਲੇਖੀ ਦੀ ਮੌਜੂਦਗੀ ਵਿੱਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਥੇਬੰਦੀ ਦੀ ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਨਾਲ ਵੀ ਰਲੇਵਾਂ ਕਰਨ ਦੀ ਗੱਲ ਚੱਲੀ ਸੀ ਪਰ ਕਿਸੇ ਕਾਰਨ ਇਨ੍ਹਾਂ ਦੋਵਾਂ ਨਾਲ ਗੱਲ ਕਿਸੇ ਕੰਢੇ ਨਹੀਂ ਲੱਗੀ।
ਡਾ. ਰਾਣੂ ਨੇ ਕਿਹਾ ਕੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਦੇਖਦੇ ਹੋਏ ਵੋਟਾਂ ਨੂੰ ਵਿਭਾਜਿਤ ਕਰਨ ਦੀ ਰਾਜਨੀਤੀ ਨਹੀ ਕਰਾਂਗੇ ਅਤੇ ਹੰਗ ਅਸੰਬਲੀ ਪੰਜਾਬ ਲਈ ਬਹੁਤ ਹੀ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ 1.20 ਕਰੋੜ ਸਹਿਜਧਾਰੀ ਸਿੱਖਾਂ ਦੀ ਆਬਾਦੀ ਹੈ, ਜੋ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸੂਬੇ ਵਿੱਚ ਸਿਆਸੀ ਸਮੀਕਰਨ ਬਦਲਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਪੰਜਾਬ ਦੇ ਸੂਝਵਾਨ ਵੋਟਰਾਂ ਖਾਸ ਕਰਕੇ ਨੌਜਵਾਨਾਂ ਅਤੇ ਅੌਰਤਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਭਾਜਪਾ ਦੇ ਹੱਕ ਵਿੱਚ ਫਤਵਾ ਦਿੱਤਾ ਜਾਵੇ। ਕਿਉਂਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਅਤੇ ਜੇਕਰ ਪੰਜਾਬ ਵਿੱਚ ਵੀ ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੀ ਤਰੱਕੀ ਹੋਵੇਗੀ।

Load More Related Articles

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…