ਸਵੈ-ਰੁਜ਼ਗਾਰ ਸਕੀਮ: ‘ਆਪ’ ਵਿਧਾਇਕ ਲੋੜਵੰਦ ਅੌਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਪੰਜਾਬ ਸਰਕਾਰ ਪੰਜਾਬ ਦੇ ਯੁਵਕਾਂ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ਜੋਰ ਵਰਗਾਂ ਨੂੰ ਰੁਜ਼ਗਾਰ ਦੇਣ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਇਹ ਗੱਲ ਅੱਜ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਕਾਰ ਦੀ ਸਵੈ-ਰੁਜ਼ਗਾਰ ਸਕੀਮ ਤਹਿਤ ਅਨੁਸੂਚਿਤ ਜਾਤੀ ਦੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡਣ ਸਮੇਂ ਆਖੀ। ਇਸ ਤੋਂ ਇਲਾਵਾ ਇਸ ਮੌਕੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪੰਜਾਬ ਦੇ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੈਰਿਟ ਦੇ ਅਧਾਰ ’ਤੇ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਅੌਰਤਾਂ ਦੇ ਸਸ਼ਕਤੀਕਰਨ ਕਰਨ ਲਈ ਉਨ੍ਹਾਂ ਪਾਸ ਸਵੈ ਰੁਜ਼ਗਾਰ ਦਾ ਹੋਣਾ ਜਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ।
ਇਸ ਮੌਕੇ ਆਸ਼ੀਸ਼ ਕਥੂਰੀਆ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਅਤਿੰਦਰਪਾਲ ਸਿੰਘ, ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਅਕਬਿੰਦਰ ਸਿੰਘ ਗੋਸਲ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ ਅਤੇ ਸਿਲਾਈ ਮਸ਼ੀਨਾ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।