ਸੀਨੀਅਰ ਅਕਾਲੀ ਆਗੂ ਗੁਰਮੁੱਖ ਸਿੰਘ ਸੋਹਲ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਅਕਾਲੀ ਦਲ (ਬੀਸੀ ਸੈਲ) ਦੇ ਜ਼ਿਲ੍ਹਾ ਪ੍ਰਧਾਨ ਵਜੋਂ ਕਈ ਸਾਲਾਂ ਤੋਂ ਸੇਵਾ ਨਿਭਾ ਰਹੇ ਸਨ ਗੁਰਮੁੱਖ ਸੋਹਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਤੋਂ ਬਾਅਦ ਇਕ ਝਟਕਾ ਲੱਗ ਰਿਹਾ ਹੈ। ਸੀਨੀਅਰ ਆਗੂ ਪਾਰਟੀ ਛੱਡ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਗੁਰਮੁੱਖ ਸਿੰਘ ਸੋਹਲ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬੀਸੀ ਸੈੱਲ) ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਸ੍ਰੀ ਸੋਹਲ ਨੇ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਤੋਂ ਬਾਅਦ ਸਿਆਸੀ ਸਰਗਰਮੀ ਨਹੀਂ ਦਿਖਾਈ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਲਾਕ ਸਮਿਤੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਮੌਲੀ ਬੈਦਵਾਨ ਵੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸੀ। ਅਵਤਾਰ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਹੁਣ ਵਫ਼ਾਦਾਰ ਵਰਕਰਾਂ ਦੀ ਪੁੱਛ ਪ੍ਰਤੀਤ ਨਹੀਂ ਰਹੀ ਹੈ ਬਲਕਿ ਚਾਪਲੂਸਾਂ ਅਤੇ ਦਗਾਬਾਜ਼ ਆਗੂਆਂ ਦਾ ਬੋਲਬਾਲਾ ਹੈ। ਜਿਸ ਕਾਰਨ ਉਨ੍ਹਾਂ ਨੂੰ ਅਕਾਲੀ ਦਲ ਛੱਡਣ ਲਈ ਮਜਬੂਰ ਹੋਣਾ ਪਿਆ ਹੈ।
ਉਧਰ, ਗੁਰਮੁੱਖ ਸਿੰਘ ਸੋਹਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਕਿਹਾ ਹੈ ਕਿ ਉਹ ਨਿੱਜੀ ਕਾਰਨਾਂ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਪਾਰਟੀ ਦੀਆਂ ਜ਼ਿੰਮੇਵਾਰੀ ਤੋਂ ਖ਼ੁਦ ਨੂੰ ਮੁਕਤ ਕਰ ਰਹੇ ਹਨ। ਗੁਰਮੁੱਖ ਸੋਹਲ ਵੱਲੋਂ ਭਾਵੇਂ ਆਪਣੇ ਅਸਤੀਫ਼ੇ ਦਾ ਕਾਰਨ ਨਿੱਜੀ ਕਾਰਨ ਦੱਸਿਆ ਗਿਆ ਹੈ ਪ੍ਰੰਤੂ ਸੂਤਰ ਦੱਸਦੇ ਹਨ ਕਿ ਉਹ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਤੋਂ ਕਾਫ਼ੀ ਨਿਰਾਸ਼ ਅਤੇ ਨਾਰਾਜ਼ ਚੱਲ ਰਹੇ ਸਨ। ਭਰੋਸੇਯੋਗ ਸੂਤਰਾਂ ਦੀ ਜਾਣਕਾਰੀ ਅਨੁਸਾਰ ਗੁਰਮੁੱਖ ਸੋਹਲ ਆਉਣ ਵਾਲੇ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਸਕਦੇ ਹਨ।

Check Also

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਪੰਜਾ…