
ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ’ਚ ਸੁਧਾਰ, ਫੋਰਟਿਸ ’ਚੋਂ ਛੁੱਟੀ ਮਿਲੀ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਤੇਜਿੰਦਰਪਾਲ ਸਿੱਧੂ ਤੇ ਹੋਰਨਾਂ ਆਗੂਆਂ ਨੇ ਕੀਤੀ ਮੁਲਾਕਾਤ
ਨਬਜ਼-ਏ-ਪੰਜਾਬ, ਮੁਹਾਲੀ, 1 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ਵਿੱਚ ਸੁਧਾਰ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ’ਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਬੀਤੀ 26 ਮਾਰਚ ਨੂੰ ਵੱਡੇ ਢੀਂਡਸਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਪਰਿਵਾਰ ਵੱਲੋਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਅਕਾਲੀ ਆਗੂ ਢੀਂਡਸਾ ਨੂੰ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ।
ਮੁਹਾਲੀ ਦੇ ਸਾਬਕਾ ਡਿਪਟੀ ਕਮਿਸ਼ਨਰ ਅਤੇ ਅਕਾਲੀ ਆਗੂ ਦੇ ਜਵਾਈ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਢੀਂਡਸਾ ਸਾਹਿਬ ਦੀ ਸਿਹਤ ਵਿੱਚ ਸੁਧਾਰ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ ਅਤੇ ਉਹ ਚੰਡੀਗੜ੍ਹ ਸਥਿਤ ਆਪਣੇ ਘਰ ਪਹੁੰਚ ਗਏ ਹਨ। ਅੱਜ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਾਰਟੀ ਦੇ ਸੀਨੀਅਰ ਆਗੂ ਤੇਜਿੰਦਰਪਾਲ ਸਿੰਘ ਸੰਧੂ ਅਤੇ ਹੋਰਨਾਂ ਆਗੂਆਂ ਨੇ ਢੀਂਡਸਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਖ਼ਬਰ-ਸਾਰ ਪੁੱਛੀ। ਆਗੂਆਂ ਨੇ ਢੀਂਡਸਾ ਸਾਹਿਬ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਵੀ ਕੀਤੀ।
ਜਾਣਕਾਰੀ ਅਨੁਸਾਰ ਬੀਤੀ 26 ਮਾਰਚ ਨੂੰ ਸੁਖਦੇਵ ਸਿੰਘ ਢੀਂਡਸਾ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਸੀ। ਉਨ੍ਹਾਂ ਨੂੰ ਛਾਤੀ ਵਿੱਚ ਇਨਫੈਕਸ਼ਨ ਹੋਣ ਕਾਰਨ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਉਨ੍ਹਾਂ ਦੇ ਸਪੁੱਤਰ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਵੱਲੋਂ ਉਨ੍ਹਾਂ (ਵੱਡੇ ਢੀਂਡਸਾ) ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਕੈਪਟਨ ਸਿੱਧੂ ਨੇ ਦੱਸਿਆ ਕਿ ਅਕਾਲੀ ਆਗੂ ਦੀ ਸਿਹਤ ਹੁਣ ਕਾਫ਼ੀ ਠੀਕ ਹੈ। ਉਂਜ ਬੀਮਾਰੀ ਕਾਰਨ ਕਈ ਹਸਪਤਾਲ ਵਿੱਚ ਦਾਖ਼ਲ ਰਹਿਣ ਕਾਰਨ ਉਨ੍ਹਾਂ ਨੂੰ ਕਮਜ਼ੋਰੀ ਆ ਗਈ ਹੈ।