ਭਾਜਪਾ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਦਿੱਤਾ ਵਿਸ਼ਾਲ ਧਰਨਾ

ਧਰਨਾਕਾਰੀਆਂ ਨੇ ਕਿਹਾ ਸੂਬਾ ਪ੍ਰਧਾਨ ’ਤੇ ਕਾਂਗਰਸ ਸਰਕਾਰ ਦੀ ਸਹਿ ’ਤੇ ਹੋਇਆ ਹਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਉੱਪਰ ਪਠਾਨਕੋਟ ਜਾਣ ਸਮੇਂ ਟੋਲ ਪਲਾਜ਼ਾ ਉੱਤੇ ਹੋਏ ਹਮਲੇ ਅਤੇ ਉਨ੍ਹਾਂ ਦੀ ਗੱਡੀ ਦੀ ਭੰਨ-ਤੋੜ ਕੀਤੇ ਜਾਣ ਦੇ ਰੋਸ ਵਜੋਂ ਭਾਜਪਾ ਆਗੂਆਂ ਅਤੇ ਵਰਕਰ ਸੜਕਾਂ ’ਤੇ ਉਤਰ ਆਏ ਹਨ। ਮੁਹਾਲੀ ਵਿੱਚ ਮੰਗਲਵਾਰ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਤੇ ਮਲਵਿੰਦਰ ਸਿੰਘ ਕੰਗ, ਭਾਜਪਾ ਯੁਵਾ ਮੋਰਚਾ ਦਾ ਸੂਬਾ ਪ੍ਰਧਾਨ ਭਾਨੂ ਪ੍ਰਤਾਪ, ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਅਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਕੰਵਲ ਸਿੰਘ ਸੈਣੀ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਦੀ ਸ਼ਹਿ ’ਤੇ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਉੱਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਹਰਮਨਪਿਆਰਤਾ ਤੋਂ ਬੁਖਲਾਏ ਵਿਰੋਧੀ ਹੁਣ ਸ਼ਰ੍ਹੇਆਮ ਗੁੰਡਾਗਰਦੀ ’ਤੇ ਉਤਰ ਆਏ ਹਨ। ਬੁਲਾਰਿਆਂ ਨੇ ਇਕਸੁਰ ਵਿੱਚ ਕਿਹਾ ਕਿ ਕਾਂਗਰਸ ਸਰਕਾਰ ਦੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਪ੍ਰਧਾਨ ’ਤੇ ਹਮਲਾ ਕਰਨ ਵਾਲੇ ਗੁੰਡਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਕੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਵਰਕਰਾਂ ਵੱਲੋਂ ਸੂਬੇ ਭਰ ਵਿੱਚ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਅਰੁਣ ਸ਼ਰਮਾ, ਐਨਕੇ ਵਰਮਾ, ਜਨਰਲ ਸਕੱਤਰ ਨਰਿੰਦਰ ਰਾਣਾ, ਸਾਬਕਾ ਕੌਂਸਲਰ ਅਸ਼ੋਕ ਝਾਅ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਕੌਰ, ਭਾਜਪਾ ਮੁਹਾਲੀ ਮੰਡਲ-1 ਦੇ ਪ੍ਰਧਾਨ ਅਨਿਲ ਗੁੱਡੂ, ਮੰਡਲ-2 ਦੇ ਪ੍ਰਧਾਨ ਮਦਨ ਗੋਇਲ, ਸੋਹਨ ਸਿੰਘ, ਸਵਰਨ ਸਿੰਘ, ਕੇਵਲ ਕ੍ਰਿਸ਼ਨ, ਆਰਕੇ ਗੁਪਤਾ, ਨੀਤੂ ਖੁਰਾਣਾ, ਪ੍ਰਵੇਸ ਸ਼ਰਮਾ, ਸੁਨੀਤਾ ਠਾਕੁਰ, ਮੁਕੇਸ਼ ਗਾਂਧੀ, ਰਾਜੀਵ ਸ਼ਰਮਾ, ਜੱਗੀ ਅੌਜਲਾ ਸਮੇਤ ਵੱਡੀ ਗਿਣਤੀ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।

Load More Related Articles

Check Also

ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ, ਨਾਅਰੇਬਾਜ਼ੀ

ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ, ਨਾਅਰੇਬਾਜ਼ੀ ਕੈਬਨਿਟ-ਸਬ ਕਮੇ…