Share on Facebook Share on Twitter Share on Google+ Share on Pinterest Share on Linkedin ਮੁਲਤਾਨੀ ਕੇਸ: ਹੁਣ ਹਾਈ ਕੋਰਟ ਦੇ ਸੀਨੀਅਰ ਵਕੀਲ ਸਰਤੇਜ ਨਰੂਲਾ ਕਰਨਗੇ ਕੇਸ ਦੀ ਪੈਰਵੀ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਹੈ ਅਪਰਾਧਿਕ ਮਾਮਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ: ਮੁਹਾਲੀ ਦੇ ਮਟੌਰ ਥਾਣੇ ਵਿੱਚ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਪੈਰਵੀ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਸਰਤੇਜ ਸਿੰਘ ਨਰੂਲਾ ਕਰਨਗੇ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਦੇ ਸਕੱਤਰ ਅਰੁਣ ਸੇਖੜੀ ਨੇ ਇਕ ਹੁਕਮ ਜਾਰੀ ਕਰਕੇ ਸਰਤੇਜ ਸਿੰਘ ਨਰੂਲਾ ਨੂੰ ਸਾਬਕਾ ਡੀਜੀਪੀ ਮਾਮਲੇ ਵਿੱਚ ਮੁਹਾਲੀ ਅਦਾਲਤ ਵਿੱਚ ਚੱਲ ਰਹੇ ਅਪਰਾਧਿਕ ਕੇਸ ਦੀ ਪੈਰਵੀ ਕਰਨ ਲਈ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨਾਲ ਜ਼ਿਲ੍ਹਾ ਅਦਾਲਤ ਮੁਹਾਲੀ ਦੇ ਸੀਨੀਅਰ ਸਰਕਾਰੀ ਵਕੀਲ ਸੰਜੀਵ ਬੱਤਰਾ ਵੀ ਸਹਿਯੋਗ ਕਰਨਗੇ। ਉਂਜ ਸ੍ਰੀ ਬੱਤਰਾ ਨੇ ਇਨ੍ਹਾਂ ਤਾਜ਼ਾ ਹੁਕਮਾਂ ਬਾਰੇ ਅਨਜਾਣਤਾ ਪ੍ਰਗਟਾਉਂਦਿਆਂ ਕਿਹਾ ਕਿ ਹਾਲੇ ਤੱਕ ਮੁਹਾਲੀ ਅਦਾਲਤ ਵਿੱਚ ਇਨ੍ਹਾਂ ਹੁਕਮਾਂ ਦੀ ਕਾਪੀ ਨਹੀਂ ਪਹੁੰਚੀ ਹੈ ਅਤੇ ਸੋਮਵਾਰ ਨੂੰ ਅਦਾਲਤਾਂ ਖੁੱਲ੍ਹਣ ’ਤੇ ਸਰਕਾਰੀ ਪੱਤਰ ਪ੍ਰਾਪਤ ਹੋਣ ਬਾਰੇ ਕੁੱਝ ਦੱਸਿਆ ਜਾ ਸਕਦਾ ਹੈ, ਪ੍ਰੰਤੂ ਪੰਜਾਬੀ ਟ੍ਰਿਬਿਊਨ ਕੋਲ ਇਨ੍ਹਾਂ ਤਾਜ਼ਾ ਹੁਕਮਾਂ ਦੀ ਕਾਪੀ ਮੌਜੂਦ ਹੈ। ਜਿਨ੍ਹਾਂ ਵਿੱਚ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਸਿਫ਼ਾਰਸ਼ ਦਾ ਹਵਾਲਾ ਦਿੱਤਾ ਗਿਆ ਹੈ। ਸਰਕਾਰੀ ਪੱਤਰ ਦਾ ਉਤਾਰਾ ਡਾਇਰੈਕਟਰ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ, ਡੀਜੀਪੀ ਪੰਜਾਬ, ਸਮੂਹ ਜ਼ਿਲ੍ਹਾ ਮੈਜਿਸਟਰੇਟਾਂ ਅਤੇ ਸਮੂਹ ਜ਼ਿਲ੍ਹਾ ਅਟਾਰਨੀਜ਼ ਨੂੰ ਵੀ ਭੇਜਿਆ ਗਿਆ ਹੈ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ’ਤੇ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਮੁਹਾਲੀ ਸਥਿਤ ਉਨ੍ਹਾਂ ਦੇ ਘਰੋਂ ਅਗਵਾ ਕਰ ਕੇ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦਾ ਦੋਸ਼ ਹੈ। ਇਸ ਸਬੰਧੀ ਪੀੜਤ ਪਰਿਵਾਰ ਦੇ ਮੈਂਬਰ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ’ਤੇ ਮਟੌਰ ਥਾਣੇ ਵਿੱਚ ਧਾਰਾ 364 (ਕਤਲ ਦੇ ਇਰਾਦੇ ਨਾਲ ਅਗਵਾ ਕਰਨਾ), 201 (ਸਬੂਤਾਂ ਨੂੰ ਗਾਇਬ ਕਰਨਾ), 344 (ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣਾ) 330 (ਦਬਾਅ ਬਣਾ ਕੇ ਇਕਬਾਲੀਆ ਬਿਆਨ ਲੈਣਾ) ਅਤੇ 120-ਬੀ (ਅਪਰਾਧਿਕ ਸਾਜ਼ਿਸ਼ ਰਚਨਾ) ਤਹਿਤ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਚਾਰ ਹੋਰ ਮੁਲਜ਼ਮਾਂ ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੌਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹ ਚਾਰੇ ਮੁਲਜ਼ਮ ਯੂਟੀ ਪੁਲੀਸ ’ਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ ਅਤੇ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ। ਸਾਬਕਾ ਡੀਜੀਪੀ ਸੈਣੀ ਸਮੇਤ ਉਕਤ ਸਾਰੇ ਮੁਲਜ਼ਮ ਇਸ ਸਮੇਂ ਜ਼ਮਾਨਤ ’ਤੇ ਹਨ। ਉਧਰ, ਹੁਣ ਪੀੜਤ ਪਰਿਵਾਰ ਦਾ ਨਿਆਂ-ਪ੍ਰਣਾਲੀ ਤੋਂ ਭਰੋਸਾ ਉੱਠਣਾ ਸ਼ੁਰੂ ਹੋ ਗਿਆ ਹੈ। ਸ਼ਿਕਾਇਤਕਰਤਾ ਪਲਵਿੰਦਰ ਸਿੰਘ ਮੁਲਤਾਨੀ ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਪਿਛਲੇ ਦਿਨੀਂ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸਾਬਕਾ ਡੀਜੀਪੀ ਸੈਣੀ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰਕੇ 15 ਜੂਨ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਿਉਂਕਿ ਅਦਾਲਤ ਆਪਣਾ ਫੈਸਲਾ ਸੁਣਾਉਣ ਤੋਂ ਪਹਿਲਾਂ ਸੈਣੀ ਦੀ ਟਿੱਪਣੀ ਲੈਣਾ ਚਾਹੁੰਦੀ ਹੈ, ਕਿ ਜੇਕਰ ਇਸ ਕੇਸ ਦੀ ਸੁਣਵਾਈ ਕਿਸੇ ਦੂਜੀ ਅਦਾਲਤ ਵਿੱਚ ਤਬਦੀਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਤਾਂ ਨਹੀਂ ਹੈ? ਇਸ ਦਿਨ ਨਵੇਂ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਵੀ ਇਸ ਕੇਸ ਵਿੱਚ ਪਹਿਲੀ ਪੇਸ਼ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ