ਜ਼ਿਲ੍ਹਾ ਮੁਹਾਲੀ ਦੇ ਵੱਖ ਵੱਖ ਪ੍ਰੈਸ ਕਲੱਬਾਂ ਵੱਲੋਂ ਸੀਨੀਅਰ ਪੱਤਰਕਾਰ ਕੇਜੇ ਸਿੰਘ ਤੇ ਉਸ ਦੀ ਮਾਂ ਦੇ ਕਤਲ ਦੀ ਨਿਖੇਧੀ

ਜ਼ਿਲ੍ਹਾ ਪ੍ਰੈਸ ਕਲੱਬ ਵੱਲੋਂ ਸਰਕਾਰ ਨੂੰ ਪੱਤਰਕਾਰਾਂ ਦੀ ਸੁਰੱਖਿਆ ਦੀ ਗੁਹਾਰ, ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਸਤੰਬਰ:
ਪਿੱਛਲੇ ਕੁੱਝ ਸਮੇਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਮੀਡੀਆ ਕਰਮੀਆਂ ਨੂੰ ਸਿੱਧੇ ਤੌਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਹਿਲਾਂ ਡੇਰਾ ਸਿਰਸਾ ਮੁਖੀ ਦੀਆਂ ਕਰਤੂਤਾਂ ਦਾ ਪਰਦਾਫਾਸ ਕਰਨ ਵਾਲੇ ਪੱਤਰਕਾਰ ਛੱਤਰਪਤੀ ਦੀ ਸ਼ਰ੍ਹੇਆਮ ਹੱਤਿਆ ਕੀਤੀ ਗਈ ਸੀ। ਇਹ ਕੇਸ ਪੰਚਕੂਲਾ ਦੀ ਸੀਬੀਆਈ ਅਦਾਲਤ ਵਿੱਚ ਚਲ ਰਿਹਾ ਹੈ। ਇਸੇ ਤਰ੍ਹਾਂ ਕੁੱਝ ਦਿਨ ਪਹਿਲਾਂ ਹੀ ਸੀਨੀਅਰ ਮਹਿਲਾ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਕੀਤੀ ਗਈ। ਫਿਰ ਤ੍ਰਿਪੁਰਾ ਵਿੱਚ ਪੱਤਰਕਾਰ ਸਾਤਨੂੰ ਭੋਮਿਕਾ ਦਾ ਅਗਵਾ ਕਰਕੇ ਕਤਲ ਕੀਤਾ ਗਿਆ ਅਤੇ ਬੀਤੀ 25 ਅਗਸਤ ਨੂੰ ਡੇਰਾ ਮੁਖੀ ਕੇਸ ਦੀ ਸੁਣਵਾਈ ਦੌਰਾਨ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ਦੇ ਵਾਹਨ ਤੱਕ ਸਾੜ ਦਿੱਤੇ ਗਏ। ਹੁਣ ਅੱਜ ਮੁਹਾਲੀ ਵਿੱਚ ਰਹਿੰਦੇ ਸੀਨੀਅਰ ਪੱਤਰਕਾਰ ਕੇਜੇ ਸਿੰਘ ਅਤੇ ਉਨ੍ਹਾਂ ਦੀ ਬਜ਼ੁਰਗ ਦੀ ਮਾਂ ਗੁਰਚਰਨ ਕੌਰ ਦੀ ਬੜੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ। ਇਨ੍ਹਾਂ ਸਾਰੀਆਂ ਘਟਨਾਵਾਂ ’ਤੇ ਝਾਤ ਮਾਰਨ ਤੋਂ ਪਤਾ ਲਗਦਾ ਹੈ ਕਿ ਅਜੋਕੇ ਸਮੇਂ ਵਿੱਚ ਮੀਡੀਆ ਕਰਮੀ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਹਨ।
ਉਧਰ, ਪੱਤਰਕਾਰਾਂ ’ਤੇ ਲਗਾਤਾਰ ਹੋ ਰਹੇ ਕਾਤਲਾਨਾਂ ਹਮਲਿਆਂ ਅਤੇ ਹੱਤਿਆਵਾਂ ਦੀ ਵਾਰਦਾਤਾਂ ਨੂੰ ਲੈ ਕੇ ਪੱਤਰਕਾਰ ਭਾਈਚਾਰੇ ਵਿੱਚ ਸਰਕਾਰਾਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਭੰਵਰਾ, ਜ਼ਿਲ੍ਹਾ ਪ੍ਰੈਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਅਤੇ ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਵਿੰਦਰ ਸਿੰਘ ਚੌਹਾਨ ਨੇ ਸੀਨੀਅਰ ਪੱਤਰਕਾਰ ਕੇਜੇ ਸਿੰਘ ਅਤੇ ਉਸ ਦੀ ਮਾਂ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀਅ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾ ਕੇ ਤੁਰੰਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਸ੍ਰੀ ਧੜਾਕ ਨੇ ਕਿਹਾ ਕਿ ਇਸ ਤੋਂ ਪਹਿਲਾਂ ਆਈਟੀ ਸਿਟੀ ਮੁਹਾਲੀ ਵਿੱਚ ਮਰਹੂਮ ਪੱਤਰਕਾਰ ਰਾਮ ਕੁਮਾਰ ਗੁਪਤਾ ਦੇ ਫੇਜ਼-4 ਵਿੱਚ ਰਹਿੰਦੇ ਬਜ਼ੁਰਗ ਮਾਤਾ ਪਿਤਾ ਦੀ ਬੜੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ। ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਲੁੱਟ ਖੋਹ ਦੇ ਪੱਧਰ ’ਤੇ ਜਾਂਚ ਨਾ ਕਰਕੇ ਇਸ ਅੰਨ੍ਹੇ ਕਤਲ ਦੀ ਗੁੱਥੀ ਵਿੱਚ ਸ਼ਾਮਲ ਕਾਤਲਾਂ ਦਾ ਚਿਹਰਾ ਬੇ-ਨਕਾਬ ਕੀਤਾ ਜਾਵੇ।
ਉਧਰ, ਮੁਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਬੈਨੀਪਾਲ, ਪ੍ਰੈਸ ਕਲੱਬ ਡੇਰਾਬੱਸੀ ਦੇ ਪ੍ਰਧਾਨ ਹਰਜੀਤ ਸਿੰਘ ਲੱਕੀ ਨੇ ਕਿਹਾ ਕਿ ਪੱਤਰਕਾਰਾਂ ’ਤੇ ਹੋਰ ਰਹੇ ਹਮਲਿਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪੱਤਰਕਾਰ ਲੋਕਾਂ ਦੀ ਆਵਾਜ਼ ਬਣਦੇ ਹਨ ਅਤੇ ਹਰ ਵੇਲੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਸਮਾਜ ਦੇ ਮੁੱਦਿਆਂ ਨੂੰ ਚੁੱਕਦੇ ਹਨ ’ਤੇ ਹਮਲੇ ਹੋਣਾ ਨਾ-ਬਰਦਾਸ਼ਤ ਕਰਨ ਯੋਗ ਕਾਰਵਾਈ ਹੈ। ਜਿਹੜੇ ਲੋਕ ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਹਨ। ਉਨ੍ਹਾਂ ਦੀ ਪਛਾਣ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…