ਖੇਤਾਂ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਣਨੀਤੀ ਘੜਨ ਲਈ ਸਿਰਜੋੜ ਕੇ ਬੈਠੇ ਉੱਚ ਅਧਿਕਾਰੀ

ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦਾ ਇੱਕ ਵੀ ਮਾਮਲਾ ਸਹਿਣਯੋਗ ਨਹੀਂ, ਡੀਸੀ ਨੇ ਸਿਵਲ ਤੇ ਪੁਲੀਸ ਨੂੰ ਸਖ਼ਤੀ ਨਾਲ ਕਿਹਾ

ਐਸਡੀਐਮਜ਼ ਨੂੰ ਕਿਸਾਨਾਂ ਨੂੰ ਬੇਲਰ ਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਉਪਲਬਧ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਣਨੀਤੀ ਘੜਨ ਲਈ ਅੱਜ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਨੂੰ ਸਿਰਜੋੜ ਕੇ ਬੈਠਣਾ ਪਿਆ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਐੱਸਐੱਸਪੀ ਦੀਪਕ ਪਾਰਿਕ ਨਾਲ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਝੋਨੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੋਂ ਰੋਕਣ ਅਤੇ ਸਮਝਾਉਣ ਲਈ ਅਗਾਊਂ ਵਿਉਂਤਬੰਦੀ ਕਰਨ ਲਈ ਕਿਹਾ।
ਡੀਸੀ ਆਸ਼ਿਕਾ ਜੈਨ ਨੇ ਪਿਛਲੇ ਸਾਲ ਦੇ 133 ਕੇਸਾਂ ਨੂੰ ਇਸ ਵਾਰ ਜ਼ੀਰੋ ’ਤੇ ਲਿਆਉਣ ਲਈ ਤਾਇਨਾਤ ਕੀਤੇ ਪੁਲੀਸ ਅਤੇ ਸਿਵਲ ਅਫ਼ਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ 1.25 ਲੱਖ ਮੀਟਰਿਕ ਟਨ ਝੋਨੇ ਦੀ ਪਰਾਲੀ ਦੇ ਉਤਪਾਦਨ ਦੇ ਮੁਕਾਬਲੇ ਸਾਡੇ ਕੋਲ ਉਪਲਬਧ ਉਦਯੋਗਿਕ ਬਾਇਲਰਾਂ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੀ 2 ਲੱਖ ਮੀਟਰਿਕ ਟਨ ਖਪਤ ਕਰਨ ਦੀ ਸਮਰੱਥਾ ਹੈ।
ਇਸ ਦੇ ਬਾਵਜੂਦ ਸਾਨੂੰ ਹਰ ਸਾਲ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।
ਡੀਸੀ ਨੇ ਐਸਡੀਐਮਜ਼ ਨੂੰ ਕਿਹਾ ਕਿ ਹਰੇਕ ਪਿੰਡ ਲਈ ਨੋਡਲ ਅਫ਼ਸਰ ਅਤੇ 15 ਪਿੰਡਾਂ ਦਾ ਇੱਕ ਕਲੱਸਟਰ ਅਫ਼ਸਰ ਤਾਇਨਾਤ ਕਰਨ ਤਾਂ ਜੋ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਉਪਲਬਧ ਮਸ਼ੀਨਰੀ ਨਾਲ ਉਨ੍ਹਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਉਨ੍ਹਾਂ ’ਤੇ ਵਧੇਰੇ ਧਿਆਨ ਦਿੱਤਾ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਸਾੜੇ ਬਿਨਾਂ ਪ੍ਰਬੰਧਨ ਕਰਨ ਦਾ ਵਿਕਲਪ ਦਿੱਤਾ ਜਾਵੇ।
ਉਨ੍ਹਾਂ ਐੱਸਐੱਸਪੀ ਦੀਪਕ ਪਾਰਿਕ ਨੂੰ ਅਪੀਲ ਕੀਤੀ ਕਿ ਉਹ ਐਸਐਚਓਜ਼ ਦੀ ਮਦਦ ਨਾਲ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਅਤੇ ਲੋਕਾਂ ਨੂੰ ਸੁਪਰੀਮ ਕੋਰਟ ਅਤੇ ਐਨਜੀਟੀ ਵੱਲੋਂ ਜਾਰੀ ਸਖ਼ਤ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਤੋਂ ਸੁਚੇਤ ਕਰਨ। ਜੇਕਰ ਕੋਈ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਐੱਸਐੱਸਪੀ ਦੀਪਕ ਪਾਰਿਕ ਨੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਸਮੇਤ ਸਮੂਹ ਡੀਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਸੁਪਰੀਮ ਕੋਰਟ ਅਤੇ ਐਨਜੀਟੀ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ’ਤੇ ਲਿਆਉਣਾ ਯਕੀਨੀ ਬਣਾਉਣ। ਉਨ੍ਹਾਂ ਡੀਐਸਪੀਜ਼ ਨੂੰ ਕਿਹਾ ਕਿ ਉਹ ਮੁਹਾਲੀ ਜ਼ਿਲ੍ਹੇ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਬਣਾਉਣ ਲਈ ਆਪੋ-ਆਪਣੇ ਖੇਤਰਾਂ ਦੇ ਸਿਵਲ ਅਧਿਕਾਰੀਆਂ ਦਾ ਸਹਿਯੋਗ ਕਰਨ।
ਮੀਟਿੰਗ ਵਿੱਚ ਏਡੀਸੀ (ਜ) ਵਿਰਾਜ ਐਸ ਤਿੜਕੇ, ਏਡੀਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ, ਐਸਡੀਐਮ ਦੀਪਾਂਕਰ ਗਰਗ, ਐਸਡੀਐਮ ਡੇਰਾਬੱਸੀ ਡਾ. ਹਿਮਾਂਸ਼ੂ ਗੁਪਤਾ ਅਤੇ ਐਸਡੀਐਮ ਖਰੜ ਗੁਰਮੰਦਰ ਸਿੰਘ, ਐਸਪੀ (ਦਿਹਾਤੀ) ਮਨਪ੍ਰੀਤ ਸਿੰਘ, ਡੀਐਸਪੀ ਜ਼ੀਰਕਪੁਰ ਜਸਪਿੰਦਰ ਸਿੰਘ, ਏਐਸਪੀ ਡੇਰਾਬੱਸੀ ਜੈਅੰਤ ਪੁਰੀ, ਡੀਐਸਪੀ (ਐਚ) ਰਾਜੇਸ਼ ਹਸਤੀਰ, ਐਸਐਚਓ ਬਨੂੜ ਗੁਰਸੇਵਕ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਬੀਰ ਸਿੰਘ ਢਿੱਲੋਂ, ਕਾਰਜਕਾਰੀ ਇੰਜੀਨੀਅਰ ਰਣਤੇਜ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…