nabaz-e-punjab.com

ਮੁਹਾਲੀ ਜ਼ਿਲ੍ਹੇ ਵਿੱਚ 7 ਸੇਵਾ ਕੇਂਦਰਾਂ ਵਿੱਚ ਮੁੜ ਸ਼ੁਰੂ ਹੋਣਗੀਆਂ ਸੇਵਾਵਾਂ

ਪਹਿਲੇ ਪੜਾਅ ਵਿੱਚ ਪੰਜਾਬ ਸਰਕਾਰ ਵੱਲੋਂ ਸੂਚੀਬੱਧ 153 ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ: ਡੀਸੀ

ਲੋਕ ਸਿਰਫ਼ ਕੋਵਾ ਐਪ ਤੋਂ ਮੁਲਾਕਾਤ ਦਾ ਸਮਾਂ ਲੈ ਕੇ ਪ੍ਰਾਪਤ ਕਰ ਸਕਦੇ ਹਨ ਸੇਵਾਵਾਂ ਦਾ ਲਾਭ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸੋਮਵਾਰ ਨੂੰ ਮੁਹਾਲੀ ਜ਼ਿਲ੍ਹੇ ਵਿੱਚ 7 ਸੇਵਾ ਕੇਂਦਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁੜ ਤੋਂ ਸੇਵਾਵਾਂ ਚਾਲੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਿਨ੍ਹਾਂ ਵਿੱਚ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਪ੍ਰਾਇਮਰੀ ਹੈਲਥ ਸੈਂਟਰ ਫੇਜ਼-3ਬੀ1, ਐਸਡੀਐਮ ਦਫ਼ਤਰ ਖਰੜ, ਸੰਨੀ ਐਨਕਲੇਵ ਖਰੜ, ਲਾਲੜੂ, ਸਪੋਰਟਸ ਕੰਪਲੈਕਸ ਲੋਹਗੜ੍ਹ ਅਤੇ ਮਾਜਰੀ ਦਾ ਸੇਵਾ ਕੇਂਦਰ ਸ਼ਾਮਲ ਹੈ। ਇਨ੍ਹਾਂ ਸਾਰੇ ਸੇਵਾ ਕੇਂਦਰਾਂ ਵਿੱਚ ਲੋਕਹਿੱਤ ਵਿੱਚ ਸੇਵਾਵਾਂ ਮੁੜ ਤੋਂ ਸ਼ੁਰੂ ਕੀਤੀਆਂ ਗਈਆਂ ਹਨ।
ਡੀਸੀ ਨੇ ਦੱਸਿਆ ਕਿ ਇਹ ਸਾਰੇ ਸੇਵਾ ਕੇਂਦਰ ਮੰਗਲਵਾਰ ਤੋਂ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੜਾਅਵਾਰ ਸੇਵਾਵਾਂ ਪ੍ਰਦਾਨ ਕਰਨਗੇ। ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਨਾਂ ਮੁਲਾਕਾਤ ਤੋਂ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕ ਸਿਰਫ਼ ਕੋਵਾ ਐਪ ਤੋਂ ਮੁਲਾਕਾਤ ਦਾ ਸਮਾਂ ਲੈ ਕੇ ਹੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਸੇਵਾ ਕੇਂਦਰਾਂ ਰਾਹੀਂ ਪਹਿਲੇ ਪੜਾਅ ਵਿੱਚ ਪੰਜਾਬ ਸਰਕਾਰ ਵੱਲੋਂ ਸੂਚੀਬੱਧ 153 ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਟਾਈਪ-1 ਦੇ ਸੇਵਾ ਕੇਂਦਰ ਵਿੱਚ 5 ਅਪਰੇਟਰ ਹੋਣਗੇ, ਟਾਈਪ-2 ਵਿੱਚ 3 ਅਪਰੇਟਰ ਹੋਣਗੇ, ਜਦੋਂਕਿ ਟਾਈਪ-3 ਸੇਵਾ ਕੇਂਦਰ ਵਿੱਚ 2 ਅਪਰੇਟਰ ਹੋਣਗੇ। ਉਨ੍ਹਾਂ ਸੇਵਾ ਕੇਂਦਰਾਂ ਦਾ ਲਾਭ ਲੈਣ ਵਾਲੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਸਮਾਜਿਕ ਦੂਰੀ ਸਮੇਤ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨਬਿੰਨ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ ਅਤੇ ਹਰੇਕ ਸੇਵਾ ਕੇਂਦਰ ਵਿੱਚ ਇਕ ਪੁਲੀਸ ਕਰਮਚਾਰੀ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਨਾਲ ਨਾਲ ਹਰੇਕ ਕਿਸਮ ਦੀ ਅਣਸੁਖਾਵੀਂ ਘਟਨਾ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…