
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੌਮੀ ਲੋਕ ਅਦਾਲਤ ਨੂੰ ਸਫਲ ਬਣਾਉਣ ’ਤੇ ਜ਼ੋਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ 11 ਸਤੰਬਰ ਨੂੰ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਆਰ.ਐਸ. ਰਾਏ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਅਦਾਲਤ ਨੂੰ ਸਫਲ ਬਣਾਉਣ ਲਈ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ, ਸਕੱਤਰ ਕੰਵਰ ਜ਼ੋਰਾਵਰ ਸਿੰਘ ਸਮੇਤ ਹੋਰ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐਸ. ਰਾਏ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਦੱਸਿਆ ਕਿ ਜ਼ਿਲ੍ਹਾ ਅਦਾਲਤ ਸਮੇਤ ਸਮੂਹ ਸਬ ਡਵੀਜ਼ਨਾਂ ਦੀਆਂ ਅਦਾਲਤਾਂ ਵਿੱਚ 19 ਅਗਸਤ, 26 ਅਗਸਤ, 2 ਸਤੰਬਰ ਅਤੇ 9 ਸਤੰਬਰ ਨੂੰ ਪ੍ਰੀ-ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀਆਂ ਸਾਰੀਆਂ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਸਮਝੌਤਾ ਕਰਨ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਸਕਣ। ਸੈਸ਼ਨ ਜੱਜ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਉਹ 11 ਸਤੰਬਰ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਆਮ ਲੋਕ ਇਸ ਦਾ ਲਾਭ ਲੈ ਸਕੇ।