ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸੂਬਾ ਪੱਧਰੀ ਦਰਬਾਰ ਵਿੱਚ ਦੋ ਦਰਜਨ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ

ਪਿੰਡਾਂ ’ਚ ਪੀਣ ਵਾਲੇ ਸਾਫ਼ ਪਾਣੀ ਤੇ ਸੀਵਰੇਜ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਯੋਜਿਤ ਪਲੇਠੇ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ ਵਿੱਚ ਦੋ ਦਰਜਨ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ ਅਤੇ ਸੀਵਰੇਜ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।
ਮੁਹਾਲੀ ਸਥਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਲਗਾਏ ਆਨਲਾਈਨ ਜਨਤਾ ਦਰਬਾਰ ਵਿੱਚ ਮੁਹਾਲੀ ਸਮੇਤ ਰੂਪਨਗਰ, ਫਾਜ਼ਿਲਕਾ, ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਮਾਨਸਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ’ਚੋਂ ਕੁੱਲ 26 ਸ਼ਿਕਾਇਤਾਂ ਆਈਆਂ। ਜ਼ਿਆਦਾ ਸ਼ਿਕਾਇਤਾਂ ਪਾਣੀ ਦੀ ਸਪਲਾਈ ਨਾਲ ਸਬੰਧਤ ਸਨ।
ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਤੁਰੰਤ ਸ਼ਿਕਾਇਤਾਂ ਦੇ ਨਿਪਟਾਰੇ ਦੇ ਆਦੇਸ਼ ਦਿੱਤੇ ਅਤੇ ਕਈ ਸ਼ਿਕਾਇਤਾਂ ਨੂੰ ਸਮਾਂਬੱਧ ਹੱਲ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਮੌਕੇ ’ਤੇ ਜਾ ਕੇ ਜਾਇਜ਼ਾ ਲੈ ਕੇ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਕਿਹਾ ਕਿ 15 ਦਿਨ ਬਾਅਦ ਦੂਜੇ ਜਨਤਾ ਦਰਬਾਰ ਵਿੱਚ ਉਹ ਅੱਜ ਦੀਆਂ ਸ਼ਿਕਾਇਤਾਂ ਦਾ ਪਹਿਲਾਂ ਰਿਵਿਊ ਕਰਨਗੇ, ਉਪਰੰਤ ਨਵੀਆਂ ਸ਼ਿਕਾਇਤਾਂ ਸੁਣਨਗੇ। ਅੱਜ 25 ਸ਼ਿਕਾਇਤਾਂ ਆਨਲਾਈਨ ਸੁਣੀਆਂ ਅਤੇ ਇਕ ਸ਼ਿਕਾਇਤ ਸਮਾਣਾ ਦੇ ਪਿੰਡ ਫਤਹਿਗੜ੍ਹ ਛੰਨਾ ਤੋਂ ਗੇਜ ਕੌਰ ਨੇ ਮੰਤਰੀ ਸਾਹਮਣੇ ਰੱਖੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਾਣੀ ਦੀ ਪਾਈਪ ਵਿੱਚ ਲਗਾਤਾਰ ਲੀਕੇਜ ਹੋਣ ਕਾਰਨ ਉਸ ਦੇ ਘਰ ਦੀਆਂ ਕੰਧਾਂ ਵਿੱਚ ਤਰੇੜਾਂ ਆ ਰਹੀਆਂ ਹਨ। ਜਿੰਪਾ ਨੇ ਮੌਕੇ ਉੱਤੇ ਹੀ ਅਧਿਕਾਰੀਆਂ ਨੂੰ ਸਥਿਤੀ ਦਾ ਜਾਇਜ਼ਾ ਲੈ ਕੇ ਸਮੱਸਿਆ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਜਿੰਪਾ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਆਨਲਾਈਨ ਸਾਧਨਾਂ ਰਾਹੀਂ ਸ਼ਿਕਾਇਤ ਦਰਜ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਵਿਭਾਗ ਦੇ ਨਜ਼ਦੀਕੀ ਦਫ਼ਤਰ ਨਾਲ ਰਾਬਤਾ ਕਰ ਸਕਦਾ ਹੈ। ਅਧਿਕਾਰੀ ਉਕਤ ਸ਼ਿਕਾਇਤਕਰਤਾ ਨੂੰ ਆਪਣੇ ਦਫ਼ਤਰ ਰਾਹੀਂ ਆਨਲਾਈਨ ਜਨਤਾ ਦਰਬਾਰ ਵਿੱਚ ਮੰਤਰੀ ਸਾਹਮਣੇ ਪੇਸ਼ ਕਰੇਗਾ, ਜਿੱਥੇ ਉਹ ਆਪਣੀ ਸਮੱਸਿਆ ਰੱਖ ਸਕਦਾ ਹੈ। ਜ਼ਿਕਰਯੋਗ ਹੈ ਕਿ ਜਨਤਾ ਦਰਬਾਰ ਵਿੱਚ ਆਈਆਂ ਸ਼ਿਕਾਇਤਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 1 ਮਾਰਚ 2022 ਤੋਂ ਹੁਣ ਤੱਕ ਕੁੱਲ 18 ਹਜ਼ਾਰ 693 ਸ਼ਿਕਾਇਤਾਂ ਆ ਚੁੱਕੀਆਂ ਹਨ। ਜਿਨ੍ਹਾਂ ’ਚੋਂ 18 ਹਜ਼ਾਰ 308 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …