
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ
ਪਰਮਾਰ ਤੇ ਹੋਰਨਾਂ ਵਿਰੁੱਧ ਤਾਜ਼ਾ ਕਾਰਵਾਈ ਤੋਂ ਬਾਅਦ ਵਿਜੀਲੈਂਸ ਭਵਨ ਵਿੱਚ ਸੰਨਾਟਾ ਛਾਇਆ
ਨਬਜ਼-ਏ-ਪੰਜਾਬ, ਮੁਹਾਲੀ, 25 ਅਪਰੈਲ:
ਪੰਜਾਬ ਸਰਕਾਰ ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਸਮੇਤ ਐੱਸਐੱਸਪੀ ਵਿਜੀਲੈਂਸ ਸਵਰਨਪ੍ਰੀਤ ਸਿੰਘ ਅਤੇ ਏਆਈਜੀ ਹਰਪ੍ਰੀਤ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਕਈ ਹੋਰਨਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕਰਨ ਬਾਰੇ ਦੱਸਿਆ ਜਾ ਰਿਹਾ ਹੈ। ਫਿਲਹਾਲ 1994 ਬੈਚ ਦੇ ਸੀਨੀਅਰ ਆਈਪੀਐਸ ਪ੍ਰਵੀਨ ਸਿਨਹਾ ਨੂੰ ਵਿਜੀਲੈਂਸ ਚੀਫ਼ ਦਾ ਚਾਰਜ ਦਿੱਤਾ ਗਿਆ ਹੈ। ਪੰਜਾਬ ਦੀ ‘ਆਪ’ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਇਹ ਸਭ ਤੋਂ ਵੱਡੀ ਕਾਰਵਾਈ ਹੈ। 1997 ਬੈਚ ਦੇ ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ ਨੇ ਮਹੀਨਾ ਕੁ ਪਹਿਲਾਂ ਹੀ ਵਿਜੀਲੈਂਸ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਸੀ। ਪੰਜਾਬ ਦੇ ਗ੍ਰਹਿ ਮਾਮਲਿਆਂ ਵਿਭਾਗ (ਗ੍ਰਹਿ-1 ਸ਼ਾਖਾ) ਨੇ ਬੀਤੀ 26 ਮਾਰਚ ਨੂੰ ਪ੍ਰਸ਼ਾਸਨਿਕ ਅਧਾਰ ’ਤੇ ਵਿਜੀਲੈਂਸ ਬਿਊਰੋ ਦੇ ਤਤਕਾਲੀ ਚੀਫ਼ ਡਾਇਰੈਕਟਰ ਨਾਗੇਸ਼ਵਰ ਰਾਓ ਦਾ ਤਬਾਦਲਾ ਕਰਕੇ ਉਨ੍ਹਾਂ ਦੀ ਥਾਂ ’ਤੇ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਵਿਜੀਲੈਂਸ ਦਾ ਨਵਾਂ ਮੁਖੀ ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਉਹ ਏਡੀਜੀਪੀ (ਲਾਅ ਐਂਡ ਆਰਡਰ) ਵਜੋਂ ਸੇਵਾਵਾਂ ਨਿਭਾ ਰਹੇ ਸਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਆਈਪੀਐਸ ਪਰਮਾਰ ਤੇ ਹੋਰਨਾਂ ਅਫ਼ਸਰਾਂ ਵਿਰੁੱਧ ਸੂਬਾ ਸਰਕਾਰ ਦੀ ਤਾਜ਼ਾ ਕਾਰਵਾਈ ਤੋਂ ਬਾਅਦ ਮੁਹਾਲੀ ਦੇ ਸੈਕਟਰ-68 ਸਥਿਤ ਪੰਜਾਬ ਵਿਜੀਲੈਂਸ ਵਿਜੀਲੈਂਸ ਭਵਨ ਦੇ ਮੁੱਖ ਦਫ਼ਤਰ ਵਿੱਚ ਸੰਨਾਟਾ ਪਸਰ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਕੁੱਝ ਦਿਨ ਪਹਿਲਾਂ ਹੀ ਸੂਬੇ ਵਿੱਚ ਡਰਾਈਵਿੰਗ ਲਾਇਸੈਂਸ ਘੁਟਾਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵਿਜੀਲੈਂਸ ਵੱਲੋਂ ਬੀਤੀ 7 ਅਪਰੈਲ ਨੂੰ ਪੰਜਾਬ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦਫ਼ਤਰਾਂ ਸਮੇਤ ਡਰਾਈਵਿੰਗ ਟੈੱਸਟ ਸੈਂਟਰਾਂ ਵਿੱਚ ਛਾਪੇਮਾਰੀ ਕੀਤੀ ਗਈ ਸਨ। ਇਸ ਦੌਰਾਨ ਲਾਇਸੈਂਸ ਘੁਟਾਲੇ ਬਾਬਤ ਲਗਪਗ 16 ਐਫ਼ਆਈਆਰ ਦਰਜ ਕੀਤੀਆਂ ਗਈਆਂ ਸਨ ਅਤੇ ਸਬੰਧਤ ਵਿਅਕਤੀਆਂ ਕੋਲੋਂ 40,900 ਰੁਪਏ ਜ਼ਬਤ ਕਰਨ ਦੀ ਗੱਲ ਕਹੀ ਜਾ ਰਹੀ ਹੈ ਪ੍ਰੰਤੂ ਵਿਜੀਲੈਂਸ ਦੀ ਢਿੱਲਮੱਠ ਕਾਰਨ ਘੁਟਾਲੇ ਵਿੱਚ ਸ਼ਾਮਲ ਲੋਕ ਫ਼ਰਾਰ ਹੋ ਗਏ। ਉਕਤ ਅਧਿਕਾਰੀਆਂ ’ਤੇ ਦੋਸ਼ ਹੈ ਕਿ ਵਿਜੀਲੈਂਸ ਵੱਲੋਂ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ।