
ਮ੍ਰਿਤਕ ਸੀਵਰਮੈਨ ਦੀ ਵਿਧਵਾ ਪਤਨੀ ਨੂੰ ਨਗਰ ਨਿਗਮ ਦਫ਼ਤਰ ’ਚ ਦਿੱਤੀ ਨੌਕਰੀ
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬਲਵਿੰਦਰ ਕੌਰ ਨੂੰ ਦਿੱਤਾ ਨਿਯੁਕਤੀ ਪੱਤਰ
ਮ੍ਰਿਤਕ ਕਰਮਚਾਰੀ ਦੇ ਪਰਿਵਾਰ ਦੀ ਦੇਖ ਭਾਲ ਨਿਗਮ ਦੀ ਨੈਤਿਕ ਜ਼ਿੰਮੇਵਾਰੀ: ਮੇਅਰ ਜੀਤੀ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਡਿਊਟੀ ਦੌਰਾਨ ਫੌਤ ਹੋਏ ਸੀਵਰਮੈਨ ਹਰਪਾਲ ਸਿੰਘ ਦੀ ਪਤਨੀ ਬਲਵਿੰਦਰ ਕੌਰ ਨੂੰ ਤਰਸ ਦੇ ਆਧਾਰ ’ਤੇ ਨਗਰ ਨਿਗਮ ਵਿੱਚ ਨੌਕਰੀ ਦਿੱਤੀ ਗਈ। ਬਲਵਿੰਦਰ ਕੌਰ ਨੂੰ ਨਿਗਮ ਦਫ਼ਤਰ ਵਿੱਚ ਸੇਵਾਦਾਰ ਦੀ ਨੌਕਰੀ ਸਬੰਧੀ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਡਾ. ਕਮਲ ਗਰਗ ਅਤੇ ਕੌਂਸਲਰ ਬਲਜੀਤ ਕੌਰ ਵੀ ਹਾਜ਼ਰ ਸਨ।
ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼ਹਿਰ ਵਿੱਚ ਬੰਦ ਸੀਵਰੇਜ ਲਾਈਨ ਦੀ ਸਫ਼ਾਈ ਦੌਰਾਨ ਦੋ ਸੀਵਰਮੈਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ’ਚੋਂ ਇਕ ਮ੍ਰਿਤਕ ਕਰਮਚਾਰੀ ਹਰਪਾਲ ਸਿੰਘ ਦੇ ਪਰਿਵਾਰ ਨੂੰ ਪਹਿਲਾਂ ਹੀ ਨਗਰ ਨਿਗਮ ਵੱਲੋਂ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੱਤਾ ਜਾ ਚੁੱਕਾ ਹੈ। ਮ੍ਰਿਤਕ ਸੀਵਰਮੈਨ ਹਰਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਹਾਲਾਂਕਿ ਸੀਵਰਮੈਨ ਹਰਪਾਲ ਸਿੰਘ ਸਿੱਧੇ ਤੌਰ ’ਤੇ ਨਗਰ ਨਿਗਮ ਦਾ ਕਰਮਚਾਰੀ ਨਹੀਂ ਸੀ ਪ੍ਰੰਤੂ ਉਹ ਮੁਹਾਲੀ ਵਿੱਚ ਸੀਵਰੇਜ ਦੀ ਸਫ਼ਾਈ ਦੇ ਕੰਮ ਉੱਤੇ ਲੱਗਿਆ ਹੋਇਆ ਸੀ ਅਤੇ ਡਿਊਟੀ ਦੌਰਾਨ ਉਸ ਦੀ ਦਰਦਨਾਕ ਮੌਤ ਹੋ ਗਈ ਸੀ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਨੇ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਮ੍ਰਿਤਕ ਹਰਪਾਲ ਸਿੰਘ ਦੀ ਪਤਨੀ ਬਲਜਿੰਦਰ ਕੌਰ ਨੂੰ ਸੇਵਾਦਾਰ ਦੀ ਨੌਕਰੀ ਦਿੱਤੀ ਗਈ ਹੈ ਤਾਂ ਜੋ ਉਹ ਆਪਣੇ ਤਿੰਨ ਛੋਟੇ ਛੋਟੇ ਬੱਚਿਆਂ ਦਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਕਰ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਦੂਜੇ ਮ੍ਰਿਤਕ ਸੀਵਰਮੈਨ ਦੇ ਪਰਿਵਾਰ ਨਾਲ ਵੀ ਨਿਗਮ ਅਧਿਕਾਰੀਆਂ ਦੀ ਗੱਲਬਾਤ ਚੱਲ ਰਹੀ ਹੈ ਅਤੇ ਉਸ ਦੇ ਪਰਿਵਾਰ ਨੂੰ ਵੀ ਨਗਰ ਨਿਗਮ ਵੱਲੋਂ ਜਲਦੀ ਰਾਹਤ ਦਿੱਤੀ ਜਾਵੇਗੀ।