
ਐਸਜੀਪੀਸੀ ਵੱਲੋਂ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ
ਗੁਰਦੁਆਰਾ ਤਾਲਮੇਲ ਕਮੇਟੀ ਤੇ ਅਕਾਲੀ ਦਲ ਹਲਕਾ ਮੁਹਾਲੀ ਦੀ ਮੀਟਿੰਗ ’ਚ ਲਿਆ ਪ੍ਰਬੰਧਾਂ ਦਾ ਜਾਇਜ਼ਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਤਕੀਂ ਚੱਪੜਚਿੜੀ ਜੰਗੀ ਯਾਦਗਾਰ ਵਿਖੇ ਵੱਡੇ ਪੱਧਰ ’ਤੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੀ ਸਾਂਝੀ ਮੀਟਿੰਗ ਵਿੱਚ ਅਗਾਊਂ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਐਸਜੀਪੀਸੀ ਗੁਰਬਖ਼ਸ਼ ਸਿੰਘ ਅਤੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ ਨੇ ਸ਼ਿਰਕਤ ਕੀਤੀ।
ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਪਰਮਜੀਤ ਕੌਰ ਲਾਂਡਰਾਂ, ਪਰਵਿੰਦਰ ਸਿੰਘ ਸੋਹਾਣਾ, ਜੋਗਿੰਦਰ ਸਿੰਘ ਸੌਂਧੀ ਅਤੇ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਬੰਧੀ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਵਿਖੇ 23 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਅਤੇ 25 ਜੂਨ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਉਪਰੰਤ ਉੱਚ ਕੋਟੀ ਦੇ ਕਥਾ ਵਾਚਕ, ਹਜ਼ੂਰੀ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ।
ਮੀਟਿੰਗ ਵਿੱਚ ਆਗੂਆਂ ਨੇ ਫਤਹਿ ਬੁਰਜ ਨੂੰ ਜਾਣ ਵਾਲੀ ਸੜਕ ਅਤੇ ਚੱਪੜਚਿੜੀ ਲਿੰਕ ਸੜਕ ਦੀ ਖ਼ਸਤਾ ਹਾਲਤ ’ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਹੁਕਮਰਾਨਾਂ ਵੱਲੋਂ ਨਾ ਤਾਂ ਚੱਪੜਚਿੜੀ ਜੰਗੀ ਯਾਦਗਾਰ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਰਹੀ ਹੈ ਅਤੇ ਸੜਕ ਦੀ ਮੁਰੰਮਤ ਕੀਤੀ ਗਈ। ਇਸ ਸਬੰਧੀ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਗੁਹਾਰ ਲਗਾਈ ਜਾ ਚੁੱਕੀ ਹੈ ਲੇਕਿਨ ਹੁਣ ਤੱਕ ਸੜਕ ਦੀ ਮੁਰੰਮਤ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦੀ ਸਮਾਗਮ ਤੋਂ ਪਹਿਲਾਂ ਸੜਕ ਬਣਾਈ ਜਾਵੇ।
ਇਸ ਮੌਕੇ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਪ੍ਰਚਾਰਕ ਜਤਿੰਦਰ ਸਿੰਘ, ਜਸਵੰਤ ਸਿੰਘ ਭੁੱਲਰ, ਰਾਜਵਿੰਦਰ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਭਾਈ ਜੈਤਾ ਜੀ, ਪਰਮਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਾਹਵਾ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਮਹਿੰਦਰ ਸਿੰਘ, ਅਮਰਜੀਤ ਸਿੰਘ, ਤਰਲੋਚਨ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਐਨਐਸ ਰਾਣਾ, ਪਰਮਿੰਦਰ ਸਿੰਘ, ਜਸਪਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।