ਐਸਜੀਪੀਸੀ ਦਾ ਵਫ਼ਦ ਸਿੱਖ ਮਸਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲੇਗਾ: ਲੌਂਗੋਵਾਲ

ਨਬਜ਼-ਏ-ਪੰਜਾਬ ਬਿਊਰੋ, ਸ੍ਰੀ ਅਨੰਦਪੁਰ ਸਾਹਿਬ, 30 ਜਨਵਰੀ:
ਸਿੱਖ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇੱਕ ਉੱਚ ਪੱਧਰੀ ਵਫਦ ਜਲਦੀ ਹੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਮਿਲੇਗਾ। ਇਹ ਗੱਲ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਵੱਲੋਂ ਇਹ ਇਕਬਾਲ ਕਰਨਾ ਕਿ ਉਹ ਸੰਨ 1984 ਵਿਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਸਮੇਂ ਰਾਜੀਵ ਗਾਂਧੀ ਨਾਲ ਗੱਡੀ ਵਿਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਗਿਆ ਸੀ, ਉਸਦੇ ਇਸ ਕਤਲੇਆਮ ਵਿੱਚ ਸ਼ਾਮਲ ਹੋਣ ਦੀ ਗਵਾਹੀ ਵਜੋਂ ਹੀ ਮੰਨਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਟਾਈਟਲਰ ਵੱਲੋਂ ਅੱਜ 34 ਸਾਲਾਂ ਬਾਅਦ ਇਹ ਬਿਆਨ ਦੇਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਜੇਕਰ ਉਸਦਾ ਇਹ ਇਕਬਾਲ ਸੱਚ ਹੈ ਤਾਂ ਅੱਧੀ ਸਦੀ ਦੇ ਲਗਭਗ ਸਮਾਂ ਬੀਤਣ ਤਕ ਉਸਨੇ ਪ੍ਰਗਟ ਕਿਉਂ ਨਾ ਕੀਤਾ। ਉਨ੍ਹਾਂ ਕੇਂਦਰ ਦੀਆਂ ਏਜੰਸੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਲੈ ਕੇ ਟਾਈਟਲਰ ਪਾਸੋਂ ਪੁੱਛਗਿਛ ਕਰਨੀ ਚਾਹੀਦੀ ਹੈ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਤੋਂ ਹੀ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੀ ਰਹੀ ਹੈ ਅਤੇ ਉਹ ਹੁਣ ਵੀ ਮੰਗ ਕਰਦੇ ਹਨ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਚਣੇ ਨਹੀਂ ਚਾਹੀਦੇ ਅਤੇ ਸਿੱਖਾਂ ਨੂੰ ਇਸ ਮਾਮਲੇ ਵਿਚ ਨਿਆਂ ਮਿਲਣਾ ਚਾਹੀਦਾ ਹੈ।
ਐਸਜੀਪੀਸੀ ਪ੍ਰਧਾਨ ਨੇ ਧਾਰਾ 25 ਬੀ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਦੀ ਗੱਲ ਕਰਦਿਆਂ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਹੈ ਅਤੇ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਧਾਰਾ 25 ਬੀ ਵਿੱਚ ਸੋਧ ਕਰਨ ਦੀ ਮੰਗ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਲੰਘੇ ਸਮਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸਾਂ ਸਮੇਂ ਇਸ ਸਬੰਧੀ ਮਤੇ ਪਾ ਕੇ ਵੀ ਸਰਕਾਰ ਨੂੰ ਭੇਜੇ ਜਾਂਦੇ ਰਹੇ ਹਨ। ਉਨ੍ਹਾਂ ਗੁਰੂ ਦੇ ਲੰਗਰਾਂ ‘ਤੇ ਲਗਾਏ ਗਏ ਜੀਐਸਟੀ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ, ਵਿੱਤ ਮੰਤਰੀ ਸਮੇਤ ਸੰਸਦ ਮੈਂਬਰਾਂ ਅਤੇ ਵੱਖ-ਵੱਖ ਸੂਬਿਆਂ ਦੇ ਵਿੱਤ ਮੰਤਰੀਆਂ ਨੂੰ ਪੱਤਰ ਲਿਖੇ ਗਏ ਸਨ ਅਤੇ ਭਵਿੱਖ ਵਿੱਚ ਵੀ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜਾਇਬ ਸਿੰਘ ਅਭਿਆਸੀ, ਦਵਿੰਦਰ ਸਿੰਘ ਖੱਟੜਾ, ਦਲਜੀਤ ਸਿੰਘ ਭਿੰਡਰ, ਸੁਖਵਰਸ਼ ਸਿੰਘ ਪੰਨੂ, ਬੀਬੀ ਰਣਜੀਤ ਕੌਰ ਮਾਹਿਲਪੁਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਮੈਨੇਜਰ ਰਣਜੀਤ ਸਿੰਘ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …