ਗੋਲਕ ਚੋਰੀ ਮਾਮਲਾ: ਐਸਜੀਪੀਸੀ ਨੇ ਇਤਿਹਾਸਕ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਦੀ ਸੁਰੱਖਿਆ ਵਧਾਈ

ਗੁਰਦੁਆਰੇ ਦੇ ਮੁੱਖ ਦੁਆਰ ’ਤੇ ਬਰਛਿਆਂ ਵਾਲੇ ਸੇਵਾਦਾਰ ਤਾਇਨਾਤ, ਚੋਰੀ ਸਬੰਧੀ ਪੁਲੀਸ ਨੂੰ ਨਹੀਂ ਮਿਲਿਆ ਕੋਈ ਠੋਸ ਸੁਰਾਗ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਵਿੱਚ ਬੁੱਧਵਾਰ ਰਾਤ ਨੂੰ ਗੋਲਕ ਚੋਰੀ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗੁਰੂਘਰ ਦੀ ਸੁਰੱਖਿਆ ਵਧਾ ਦਿੱਤੀ ਹੈ। ਗੁਰਦੁਆਰੇ ਦੀ ਪਹਿਰੇਦਾਰੀ ਲਈ ਬਰਛਾਧਾਰੀ ਸੇਵਾਦਾਰ ਨੂੰ ਤਾਇਨਾਤ ਕੀਤਾ ਗਿਆ ਹੈ। ਜੋ ਦਿਨ ਅਤੇ ਰਾਤ ਨੂੰ ਸ਼ਿਫ਼ਟਾਂ ਵਿੱਚ ਸੁਰੱਖਿਆ ਡਿਊਟੀ ਦੇਣਗੇ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਗੋਲਕ ਚੋਰੀ ਸਬੰਧੀ ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਜਾਣੂ ਕਰਵਾਉਂਦਿਆਂ ਗਿਲਾ ਕੀਤਾ ਕਿ ਉਹ ਗੁਰਦੁਆਰਾ ਸਾਹਿਬ ਦੀ ਸਹੀ ਤਰੀਕੇ ਨਾਲ ਸੇਵਾ ਸੰਭਾਲ ਅਤੇ ਬਾਕੀ ਰਹਿੰਦਾ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਕਹਿੰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਐਸਜੀਪੀਸੀ ਦੇ ਸਬੰਧਤ ਸਟਾਫ਼ ਨੇ ਸਹੀ ਤਰੀਕੇ ਨਾਲ ਜ਼ਿੰਮੇਵਾਰੀ ਨਿਭਾਈ ਹੁੰਦੀ ਤਾਂ ਅੱਜ ਗੋਲਕ ਚੋਰੀ ਦੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕਦਾ ਸੀ।
ਬੀਬੀ ਲਾਂਡਰਾਂ ਜ਼ੋਰ ਦੇ ਕੇ ਆਖਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਅਤੇ ਸਰਾਂ ਦਾ ਬਾਕੀ ਰਹਿੰਦਾ ਕੰਮ ਜਲਦੀ ਪੁਰਾ ਕਰਨ ਲਈ ਇਹ ਕੰਮ ਕਾਰਸੇਵਾ ਵਾਲੇ ਬਾਬਿਆਂ ਨੂੰ ਸੌਂਪਿਆ ਜਾਵੇ ਤਾਂ ਐਸਜੀਪੀਸੀ ਖ਼ੁਦ ਬਾਕੀ ਰਹਿੰਦੇ ਕੰਮਾਂ ਨੂੰ ਨੇਪਰੇ ਚਾੜ੍ਹੇ। ਉਨ੍ਹਾਂ ਕਿਹਾ ਕਿ ਚੱਪੜਚਿੜੀ ਵਿੱਚ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਜੰਗੀ ਯਾਦਗਾਰ ’ਤੇ ਨਤਮਸਤਕ ਹੋਣ ਲਈ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਦੁਰ ਦੁਰਾਡੇ ਦੀਆਂ ਸੰਗਤਾਂ ਆਉਂਦੀਆਂ ਹਨ। ਉਨ੍ਹਾਂ ਲਈ ਲੰਗਰ ਅਤੇ ਦਿਨ ਅਤੇ ਰਾਤ ਨੂੰ ਠਹਿਰਨ ਲਈ ਲੋੜੀਂਦੀ ਵਿਵਸਥਾ ਕਰਨ ਦੀ ਸਖ਼ਤ ਲੋੜ ਹੈ।
ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਚੱਪੜਚਿੜੀ ਵਿੱਚ ਇੱਕ ਗਰੰਥੀ ਕਰਤਾਰ ਸਿੰਘ ਦੀ ਪੱਕੀ ਡਿਊਟੀ ਲਗਾਈ ਹੈ। ਇਸ ਤੋਂ ਇਲਾਵਾ ਕੁੱਝ ਹੋਰ ਸੇਵਾਦਾਰ ਤਾਇਨਾਤ ਕੀਤੇ ਗਏ ਸੀ ਲੇਕਿਨ ਹੁਣ ਗੋਲਕ ਚੋਰੀ ਦੀ ਘਟਨਾ ਤੋਂ ਬਾਅਦ ਗੁਰਦੁਆਰੇ ਦੀ ਸੁਰੱਖਿਆ ਵਧਾਈ ਗਈ ਹੈ ਅਤੇ ਐਸਪੀਜੀਸੀ ਵੱਲੋਂ ਸ਼ਸਤਰਧਾਰੀ ਸੇਵਾਦਾਰ ਤਾਇਨਾਤ ਕੀਤੇ ਗਏ ਹਨ, ਜੋ ਸ਼ਿਫ਼ਟਾਂ ਵਿੱਚ ਡਿਊਟੀ ਦੇਣਗੇ। ਉਨ੍ਹਾਂ ਦੱਸਿਆ ਕਿ ਚੋਰੀ ਦੀ ਘਟਨਾ ਸਬੰਧੀ ਵਿਸਥਾਰ ਜਾਣਕਾਰੀ ਅਤੇ ਪੁਲੀਸ ਵੱਲੋਂ ਦਰਜ ਐਫ਼ਆਈਆਰ ਦੀ ਕਾਪੀ ਐਸਜੀਪੀਸੀ ਦਫ਼ਤਰ ਨੂੰ ਅਗਲੀ ਕਾਰਵਾਈ ਲਈ ਭੇਜ ਦਿੱਤੀ ਗਈ ਹੈ।
ਉਧਰ, ਬਲੌਂਗੀ ਥਾਣੇ ਦੇ ਐਸਐਚਓ ਭਗਵੰਤ ਸਿੰਘ ਰਿਆੜ ਨੇ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਗਿੱਲ ਦੇ ਬਿਆਨਾਂ ’ਤੇ ਫਿਲਹਾਲ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਸੇਵਾਦਾਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਲੇਕਿਨ ਅਜੇ ਤਾਈਂ ਚੋਰਾਂ ਬਾਰੇ ਪੁਲੀਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਫਿੰਗਰ ਪ੍ਰਿੰਟ ਮਾਹਰਾਂ ਦੀ ਟੀਮ ਵੱਲੋਂ ਵੀ ਚੋਰਾਂ ਦੇ ਪੈੜਾਂ ਦੇ ਨਿਸ਼ਾਨ ਅਤੇ ਮੌਕੇ ਤੋਂ ਬਰਾਮਦ ਹੋਏ ਅੌਜ਼ਾਰਾਂ ’ਤੇ ਉਂਗਲੀਆਂ ਦੇ ਨਿਸ਼ਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…