
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 148 ਸਰਕਾਰੀ ਸਕੂਲਾਂ ਵਿੱਚ ਸ਼ਬਦ ਗਾਇਨ ਮੁਕਾਬਲੇ ਕਰਵਾਏ
ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਾਹ ’ਤੇ ਚੱਲਣ ਲਈ ਪ੍ਰੇਰਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਸਤੰਬਰ:
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਦੀ ਅਗਵਾਈ ਯੋਗ ਹੇਠ ਵਿੱਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 46 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, 63 ਸਰਕਾਰੀ ਹਾਈ ਸਕੂਲਾਂ ਅਤੇ 39 ਸਰਕਾਰੀ ਮਿਡਲ ਸਕੂਲਾਂ ਵਿੱਚ ਸ਼ਬਦ ਗਾਇਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ ਬਾਣੀ ਵਿੱਚ ਸ਼ਾਮਲ ਸ਼ਬਦਾਂ ਦੇ ਸਹੀ ਅਤੇ ਢੁਕਵੇਂ ਅਰਥ ਸਬੰਧੀ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਨੇ ਪੂਰੀ ਦੁਨੀਆਂ ਨੂੰ ਨਵੀਂ ਸੇਧ ਦੇ ਕੇ ਲੋਕਾਂ ਨੂੰ ਉੱਚੀ ਸੁੱਚੀ ਜੀਵਨ ਜਾਚ ਬਖ਼ਸ਼ੀ ਅਤੇ ਅੌਰਤਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਸੱਚ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਗੁਰੂ ਸਾਹਿਬ ਦੁਆਰਾ ਰਚੀ ਗੁਰਬਾਣੀ ਤੋਂ ਸੇਧ ਲੈ ਕੇ ਜ਼ਿੰਦਗੀ ਬਤੀਤ ਕੀਤੀ ਜਾਵੇ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਾਥੀ ਵਿਦਿਆਰਥੀਆਂ ਅਤੇ ਮਿੱਤਰਚਾਰੇ ਨੂੰ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਜਾਗਰੂਕ ਹੋਣਗੇ ਤਾਂ ਉਹ ਖ਼ੁਦ ਵੀ ਕੁਰਾਹੇ ਪੈਣ ਤੋਂ ਬਚੇ ਰਹਿਣਗੇ ਤੇ ਹੋਰਨਾਂ ਨੂੰ ਜਾਗਰੂਕ ਕਰ ਕੇ ਸਮਾਜ ਦੀ ਤਰੱਕੀ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਸਕਣਗੇ। ਇਸ ਨਾਲ ਸਮਾਜਿਕ ਤਬਦੀਲੀ ਆਵੇਗੀ।