
ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਫੌਜਾ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਭਾਈ ਤਾਰੂ ਸਿੰਘ ਵੱਲੋਂ ਧਰਮ ਦੀ ਖ਼ਾਤਰ (ਗੁਰਸਿੱਖੀ ਦੀ ਮੋਹਰ) ਕੇਸਾਂ ਨੂੰ ਕਤਲ ਕਰਵਾਉਣ ਦੀ ਥਾਂ ਆਪਣੀ ਖੋਪਰੀ ਲੂਹਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੁਣਾਇਆ। ਭਾਈ ਤਰਲੋਚਨ ਸਿੰਘ ਦੇ ਜਥੇ ਨੇ ਭਾਈ ਤਾਰੂ ਸਿੰਘ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਰਵਿੰਦਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ।
ਇਸ ਮੌਕੇ ਭਾਈ ਹਰਕੰਵਲ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਗੁਰਤੇਗ ਸਿੰਘ, ਭਾਈ ਲਖਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।