ਪੰਜਾਬ ਵਿਧਾਨ ਸਭਾ ਚੋਣਾਂ ਲੜੇਗਾ ਸ਼ਹੀਦ ਫੇਰੂਮਾਨ ਅਕਾਲੀ ਦਲ: ਮਹੰਤ ਜਸਬੀਰ ਦਾਸ

ਸ਼ਹੀਦ ਫੇਰੂਮਾਨ ਅਕਾਲੀ ਦਲ ਸੱਤਾ ਵਿੱਚ ਆਉਣ ’ਤੇ ਪੰਜਾਬ ਵਿੱਚ ਦੇਵੇਗਾ ਅਫ਼ੀਮ ਦੀ ਖੇਤੀ ਕਰਨ ਦੀ ਮਨਜ਼ੂਰੀ

ਰਵਾਇਤੀ ਪਾਰਟੀਆਂ ਨੇ ਹੁਣ ਤੱਕ ਲੋਕਾਂ ਨੂੰ ਗੁਮਰਾਹ ਕਰਕੇ ਸਿਰਫ਼ ਸਿਆਸੀ ਰੋਟੀਆਂ ਸੇਕੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਸ਼ਹੀਦ ਫੇਰੂਮਾਨ ਅਕਾਲੀ ਦਲ ਨੇ ਇਸ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਸ ਗੱਲ ਦਾ ਖੁਲਾਸਾ ਸ਼ਹੀਦ ਫੇਰੂਮਾਨ ਅਕਾਲੀ ਦਲ ਦੇ ਕੌਮੀ ਪ੍ਰਧਾਨ ਮਹੰਤ ਜਸਬੀਰ ਦਾਸ ਨੇ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਗੁਮਰਾਹ ਕਰਕੇ ਸਿਰਫ਼ ਆਪਣੀ ਰਾਜਨੀਤਕ ਇੱਛਾਵਾਂ ਦੀ ਪੂਰਤੀ ਕੀਤੀ ਹੈ ਅਤੇ ਲੋਕਾਂ ਦੀਆਂ ਜ਼ਰੂਰਤ ਵੱਲ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਐਤਕੀਂ ਸ਼ਹੀਦ ਫੇਰੂਮਾਨ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਲਿਆ ਹੈ। ਉਹ ਵੀ ਕਿਸਾਨ ਵਿਰੋਧੀ ਬਿੱਲ ਵਾਪਸ ਕਰਵਾਉਣ ਲਈ ਸਿੰਘੂ ਬਾਰਡਰ ’ਤੇ 47 ਦਿਨ ਮਰਨ ਵਰਤ ’ਤੇ ਸਨ ਪਰ ਕਿਸਾਨ ਜਥੇਬੰਦੀਆਂ ਅਤੇ ਸਾਧੂ ਸਮਾਜ ਦੇ ਕਹਿਣ ’ਤੇ ਹੀ ਉਨ੍ਹਾਂ ਨੇ ਮਰਨ ਵਰਤ ਖ਼ਤਮ ਕੀਤਾ ਸੀ।
ਮਹੰਤ ਜਸਬੀਰ ਦਾਸ ਨੇ ਕਿਹਾ ਕਿ ਪੰਜਾਬੀਆਂ ਨੂੰ ਕੋਈ ਵੀ ਚੀਜ਼ ਮੁਫ਼ਤ ਨਹੀਂ ਬਲਕਿ ਸਹੀ ਭਾਅ ’ਤੇ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਸ ਲੈਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਏਕਤਾ ਨੇ ਦੇਸ਼ ਦੇ ਹੁਕਮਰਾਨਾਂ ਨੂੰ ਗੋਡੇ ਟੇਕਣ ਲਈ ਮਜਬੂਰ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਦਾ ਹੈ। ਜੇਕਰ ਪੰਜਾਬ ਦੇ ਕਿਸਾਨਾਂ ਨੇ ਖੇਤੀਬਾੜੀ ਦਾ ਧੰਦਾ ਬੰਦ ਕਰ ਦਿੱਤਾ ਤਾਂ ਦੇਸ਼ ਦੇ ਹਾਲਾਤ ਬਦਤਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਨਾਂਅ ’ਤੇ ਕੁੱਝ ਲੋਕ ਮਾਹੌਲ ਖ਼ਰਾਬ ਕਰਨ ਦਾ ਯਤਨ ਕਰ ਰਹੇ ਹਨ ਪਰ ਉਨ੍ਹਾਂ ਦੀ ਪਾਰਟੀ ਅਜਿਹੇ ਅਨਸਰਾਂ ਨੂੰ ਸਫਲ ਨਹੀਂ ਹੋਣ ਦੇਵੇਗੀ।
ਮਹੰਤ ਜਸਬੀਰ ਦਾਸ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਣ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਉਪਲਬਧ ਕਰੇਗੀ ਅਤੇ ਸਰਕਾਰੀ ਨੌਕਰੀਆਂ ਵਿੱਚ ਅੌਰਤਾਂ ਲਈ 40 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਬੀਐਸਐਫ਼ ਦਾ ਅਧਿਕਾਰ ਖੇਤਰ 50 ਕਿੱਲੋਮੀਟਰ ਤੱਕ ਵਧਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਅਜਿਹਾ ਕਰਕੇ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ ਮਾਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬੀਐਸਐਫ਼ ਦਾ ਅਧਿਕਾਰ ਖੇਤਰ ਵਧਾਉਣ ਦੀ ਬਜਾਏ ਇਸ ਨੂੰ ਘਟਾ ਕੇ 10 ਕਿੱਲੋਮੀਟਰ ਤੱਕ ਕੀਤਾ ਜਾਵੇ ਤਾਂ ਜੋ ਬੀਐਸਐਫ਼ ਪੂਰੀ ਮੁਸਤੈਦੀ ਨਾਲ ਸਰਹੱਦਾਂ ’ਤੇ ਸਖ਼ਤ ਪਹਿਰਾ ਦੇ ਸਕੇ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…