Nabaz-e-punjab.com

ਸ਼ਹੀਦੀ ਪੰਦਰਵਾੜਾ: ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ

ਵਿਦਿਆਰਥੀਆਂ ਨੂੰ ਇਤਿਹਾਸ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਬਾਰੇ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼ਹੀਦੀ ਪੰਦਰਵਾੜੇ ਤਹਿਤ ਸੋਮਵਾਰ ਨੂੰ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਵੱਲੋਂ ਧਰਮ ਦੀ ਰੱਖਿਆ ਖ਼ਾਤਰ ਦਿੱਤੀਆਂ ਲਾਸਾਨੀ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਅੱਜ ਇੱਥੋਂ ਦੇ ਫੇਜ਼-9 ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ। ਸਕੂਲ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ।
ਐੱਸਸੀਈਆਰਟੀ ਦੇ ਡਾਇਰੈਕਟਰ-ਕਮ-ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਮੂਹ ਐਲੀਮੈਂਟਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਡਰਾਇੰਗ ਵਿਸ਼ੇ ਦੇ ਪੀਰੀਅਡ ਦੌਰਾਨ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਦੀਆਂ ਵੱਖ-ਵੱਖ ਇਤਿਹਾਸਕ ਘਟਨਾਵਾਂ ਨੂੰ ਵੱਖ-ਵੱਖ ਕਲਾਕ੍ਰਿਤੀਆਂ ਰਾਹੀਂ ਪੇਸ਼ ਕੀਤਾ। ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਦਰਸਾਉਂਦੀਆਂ ਵੱਖ-ਵੱਖ ਪੇਂਟਿੰਗਾਂ ਤਿਆਰ ਕੀਤੀਆਂ ਗਈਆਂ।
ਡੀਪੀਆਈ ਨੇ ਦੱਸਿਆ ਕਿ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਭਲਕੇ 24 ਦਸੰਬਰ ਨੂੰ ਸਾਰੇ ਸਰਕਾਰੀ ਐਲੀਮੈਂਟਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਦੇ ਪੀਰੀਅਡ ਦੌਰਾਨ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਕੀਤੀਆਂ ਕੁਰਬਾਨੀਆਂ ਸਬੰਧੀ ਲੇਖ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਗੁਰੂ ਸਾਹਿਬਾਨ ਦੇ ਸਮੁੱਚੇ ਪਰਿਵਾਰ ਦੇ ਬਲੀਦਾਨ ਬਾਰੇ ਜਾਣੂ ਕਰਵਾਉਣ ਲਈ 30 ਦਸੰਬਰ ਤੱਕ ਸਕੂਲਾਂ ਵਿੱਚ ‘ਸ਼ਹੀਦੀ ਪੰਦਰਵਾੜਾ’ ਮਨਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…