ਗੈਂਗਸਟਰ ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਅਸਲੇ ਸਣੇ ਗ੍ਰਿਫ਼ਤਾਰ, 3 ਦਿਨ ਦੇ ਰਿਮਾਂਡ ’ਤੇ ਭੇਜਿਆ

ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ ਮੁਲਜ਼ਮ, ਦਾਰਾ ਸਟੂਡੀਓ ਨੇੜਿਓਂ ਕੀਤਾ ਕਾਬੂ

ਨਬਜ਼-ਏ-ਪੰਜਾਬ, ਮੁਹਾਲੀ, 21 ਅਗਸਤ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਗੈਂਗਸਟਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਸਿਮਰਨਜੀਤ ਸਿੰਘ ਉਰਫ਼ ਸਿੰਮੀ (25) ਵਾਸੀ ਪਿੰਡ ਵਾਲੀਓ, ਸਮਰਾਲਾ (ਲੁਧਿਆਣਾ) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮ ਕੋਲੋਂ .30 ਬੋਰ ਦਾ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਸਮਰਾਲਾ ਥਾਣੇ ਵਿੱਚ ਦਰਜ ਕਤਲ ਮਾਮਲੇ ਵਿੱਚ ਪੁਲੀਸ ਨੂੰ ਲੋੜੀਂਦਾ ਸੀ ਅਤੇ ਉਸ ਦੇ ਖ਼ਿਲਾਫ਼ ਹੋਰ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।
ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗਤੀਵਿਧੀਆਂ ਬਾਰੇ ਪੁਖ਼ਤਾ ਜਾਣਕਾਰੀ ਮਿਲੀ ਸੀ। ਜਿਸ ਦੇ ਆਧਾਰ ’ਤੇ ਸਪੈਸ਼ਲ ਅਪਰੇਸ਼ਨ ਸੈੱਲ ਦੀਆਂ ਟੀਮਾਂ ਨੇ ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮ ਪਟਿਆਲਾ ਤੋਂ ਆਪਣੇ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਜਾ ਰਿਹਾ ਸੀ। ਮੁੱਢਲੀ ਜਾਂਚ ਵਿੱਚ ਇਹ ਪਤਾ ਲੱਗਾ ਕਿ ਮੁਲਜ਼ਮ ਸਿਮਰਨਜੀਤ, ਗੈਂਗਸਟਰ ਬੰਬੀਹਾ ਗਰੋਹ ਦੇ ਇੱਕ ਹੋਰ ਪ੍ਰਮੁੱਖ ਮੈਂਬਰ ਜਸਵਿੰਦਰ ਸਿੰਘ ਉਰਫ਼ ਖੱਟੂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਖੱਟੂ ਹਾਲ ਹੀ ਵਿੱਚ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ ਅਤੇ ਜਾਅਲੀ ਪਛਾਣ ਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਸਪੋਰਟ ਬਣਵਾ ਕੇ ਵਿਦੇਸ਼ ਚਲਾ ਗਿਆ ਸੀ। ਉਸ ਵਿਰੁੱਧ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਧਾਰਾ 25, 25(7), 25(8) ਅਤੇ 120ਬੀ ਤਹਿਤ ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਥਾਣਾ ਫੇਜ਼-1, ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…