
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬਰਸੀ ਸਮਾਗਮ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਖਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬਰਸੀ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਸ਼ੇਰੇ ਪੰਜਾਬ ਕਵੀਸ਼ਰੀ ਜਥੇ ਨੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਿੱਖਾਂ ਦੀਆਂ 12 ਮਿਸਲਾਂ ਨੂੰ ਇਕੱਠਾ ਕਰਕੇ ਕਸ਼ਮੀਰ ਤੋਂ ਲੈ ਕੇ ਅਫ਼ਗਾਨਿਸਤਾਨ ਤੱਕ ਸਿੱਖ ਰਾਜ ਦਾ ਕੇਸਰੀ ਪਰਚਮ ਲਹਿਰਾਉਣ ਦਾ ਪੂਰਾ ਪ੍ਰਸੰਗ ਸੁਣਾਇਆ।
ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਸਿੱਖ ਰਾਜ ਦੇ ਮਹਾਨ ਥੰਮ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਦੱਸਿਆ। ਭਾਈ ਪ੍ਰਿਤਪਾਲ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਧਰਮ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰੀਤ ਸਿੰਘ, ਭਾਈ ਤਾਰਾ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਸੁਖਵਿੰਦਰ ਸਿੰਘ, ਸਰਬ ਸਾਂਝੀ ਮਾਤਾ ਸੁੰਦਰ ਕੌਰ ਸੁਸਾਇਟੀ, ਬੀਬੀ ਉਤਮਜੀਤ ਕੌਰ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖ਼ਸ਼ ਸਿੰਘ ਆਦਿ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।