ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਭਾਰਤ ਬੰਦ ਦੀ ਪੂਰਨ ਹਮਾਇਤ ਦਾ ਐਲਾਨ

ਸੁਖਦੇਵ ਸਿੰਘ ਢੀਂਡਸਾ ਵੱਲੋਂ ਕਾਲੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਮਘਦਾ ਰੱਖਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 26 ਮਾਰਚ ਨੂੰ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਦੇ ਅੜੀਅਲ ਅਤੇ ਤਾਨਾਸ਼ਾਹੀ ਰਵੱਈਏ ਦੀ ਨਿਖੇਧੀ ਕਰਦਿਆਂ ਪਾਰਟੀ ਵਰਕਰਾਂ ਸਮੇਤ ਦੇਸ਼ ਵਾਸੀਆਂ ਨੂੰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਦਿਆਂ ਭਾਰਤ ਬੰਦ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣਾ ਚਾਹੀਦਾ ਹੈ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ, ਉਨ੍ਹਾਂ ਦੀ ਸਫਲਤਾ ਲਈ ਹਰ ਪੱਖੋ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਿੰਨ ਲੋਕ ਵਿਰੋਧੀ ਕਾਨੂੰਨ ਲਿਆ ਕੇ ਸਮੁੱਚੇ ਦੇਸ਼ ਦੀ ਖੇਤੀ ਅਤੇ ਖੁਰਾਕ ਬਹੁ-ਕੌਮੀ ਕੰਪਨੀਆਂ ਨੂੰ ਸੌਂਪਣਾ ਚਾਹੁੰਦੀ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ’ਤੇ ਲੀਕ ਮਾਰਨ ਦੀ ਥਾਂ ਕਿਸਾਨ ਅੰਦੋਲਨ ਨੂੰ ਹੀ ਤਾਰਪੀਡੋ ਕਰਨ ਦੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਗਵਾਈ ਵਿੱਚ ਚੱਲ ਰਹੇ ਇਸ ਅੰਦੋਲਨ ਵਿੱਚ ਬੈਠੇ ਕਿਸਾਨ ਕੇਂਦਰ ਦੀਆਂ ਘੁਰਕੀਆਂ ਤੋਂ ਡਰਨ ਵਾਲੇ ਨਹੀਂ ਹਨ ਬਲਕਿ ਸਰਕਾਰੀ ਵਧੀਕੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਨੂੰ ਰੱਦ ਕਰਵਾਉਣਾ ਤੇ ਹੱਕਾਂ ਦੀ ਪ੍ਰਾਪਤੀ ਕਿਸਾਨ ਅੰਦੋਲਨ ਦਾ ਅਸਲ ਟੀਚਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਸ ਵਕਤ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੰਦ ਦੇ ਸੱਦੇ ਦੀ ਹਮਾਇਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਭਾਰਤ ਬੰਦ ਨੂੰ ਸਫਲ ਬਣਾਉਣਾ ਜ਼ਰੂਰੀ ਹੈ।

Load More Related Articles

Check Also

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ ਨਬਜ਼-ਏ-ਪੰ…