
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਮੁਹਾਲੀ ਵਿੱਚ ਆਜ਼ਾਦ ਗਰੁੱਪ ਨੂੰ ਸਮਰਥਨ ਦੇਣ ਦਾ ਐਲਾਨ
ਕਾਂਗਰਸ, ਭਾਜਪਾ ਤੇ ਬਾਦਲ ਦਲ ਦੀਆਂ ਗਲਤ ਨੀਤੀਆਂ ਤੋਂ ਸੂਬੇ ਦੇ ਲੋਕ ਬੇਹੱਦ ਦੁਖੀ: ਢੀਂਡਸਾ
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਮੁਹਾਲੀ ਦੇ ਵਿਕਾਸ ਲਈ ਸ਼ਲਾਘਾਯੋਗ ਕੰਮ ਕੀਤਾ: ਕੈਪਟਨ ਸਿੱਧੂ
ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਫੈਸਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਇਕ ਅਹਿਮ ਮੀਟਿੱਗ ਸ਼ੁੱਕਰਵਾਰ ਨੂੰ ਇੱਥੋਂ ਦੇ ਸੈਕਟਰ-82 ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਜਿਸ ਵਿੱਚ ਰਾਜ ਸਭਾ ਦੇ ਮੈਂਬਰ ਤੇ ਪਾਰਟੀ ਮੁਖੀ ਸੁਖਦੇਵ ਸਿੰਘ ਢੀਂਡਸਾ, ਸੀਨੀਅਰ ਆਗੂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਸਮੇਤ ਹੋਰ ਕਈ ਸੀਨੀਅਰ ਆਗੂਆਂ ਨੇ ਆਪਸੀ ਸਹਿਮਤੀ ਨਾਲ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸ੍ਰੀ ਢੀਂਡਸਾ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ (ਬਾਦਲ) ਦੀਆਂ ਗਲਤ ਨੀਤੀਆਂ ਤੋਂ ਮੁਹਾਲੀ ਸਮੇਤ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ। ਜਿਸ ਕਰਕੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਨਗਰ ਨਿਗਮ ਚੋਣਾਂ ਵਿੱਚ ਹਰਾਉਣ ਲਈ ਉਨ੍ਹਾਂ ਦੀ ਪਾਰਟੀ ਆਜ਼ਾਦ ਗਰੁੱਪ ਨੂੰ ਸਮਰਥਨ ਦੇਵੇਗੀ।
ਕੈਪਟਨ ਸਿੱਧੂ ਨੇ ਕਿਹਾ ਕਿ ਕੁਲਵੰਤ ਸਿੰਘ ਨੇ ਬਤੌਰ ਮੇਅਰ ਪਿਛਲੇ ਪੰਜ ਸਾਲਾਂ ਦੌਰਾਨ ਮੁਹਾਲੀ ਦੇ ਵਿਕਾਸ ਲਈ ਸ਼ਲਾਘਾਯੋਗ ਕੰਮ ਕੀਤਾ ਹੈ। ਜਿਸ ਕਰਕੇ ਡੈਮੋਕ੍ਰੇਟਿਕ ਦਲ ਨੇ ਨਿਗਮ ਚੋਣਾਂ ਵਿੱਚ ਆਜ਼ਾਦ ਗਰੁੱਪ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਸਿੱਧੂ ਨੇ ਮੁਹਾਲੀ ਤੋਂ ਆਪਣੀ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੂੰ ਆਜ਼ਾਦ ਗਰੁੱਪ ਦੇ ਹੱਕ ਵਿੱਚ ਭੁਗਤਨ ਅਤੇ ਸਬੰਧਤ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਮੁਹਾਲੀ ਤੋਂ ਪਾਰਟੀ ਦੇ ਕੋਆਰਡੀਨੇਟਰ ਡਾ. ਮੇਜਰ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਸਾਥੀਆਂ ਸਮੇਤ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਪੂਰੀ ਵਾਹ ਲਗਾਉਣਗੇ।