ਪੰਥ ਤੇ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਦੀ ਲੋੜ ਨਾ ਕਿ ਕਿਸੇ ਵਿਸ਼ੇਸ਼ ਪਰਿਵਾਰ ਨੂੰ: ਸੋਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਬਾਦਲ ਪਰਿਵਾਰ ’ਤੇ ਸ਼ਬਦੀ ਹਮਲਾ ਕਰਦਿਆਂ ਕਾਰਪੋਰੇਟ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡ ਕੇ ਇੱਕ ਪਾਸੇ ਹੋਣ ਦੀ ਸਲਾਹ ਦਿੰਦਿਆ ਕਿਹਾ ਕਿ ਪੰਥ ਵਿਰੋਧੀ ਪਰਿਵਾਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੁਣ ਕਦੇ ਵੀ ਪੰਥ ਅਤੇ ਪੰਜਾਬ ਦੀ ਅਗਵਾਈ ਕਰਨ ਵਿੱਚ ਕਾਮਯਾਬ ਨਹੀਂ ਹੋ ਸਕਦਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਬਾਦਲ ਪਰਿਵਾਰ ਨੂੰ ਤਿਆਗ ਕੇ ਸ਼੍ਰੋਮਣੀ ਅਕਾਲੀ ਦਲ ਜੋ ਹਮੇਸ਼ਾ ਪੰਥ ਅਤੇ ਪੰਜਾਬ ਦੇ ਭਲੇ ਲਈ ਜੂਝਦਾ ਰਿਹਾ ਹੈ ਪਹਿਲਾਂ ਦੀ ਤਰ੍ਹਾਂ ਅਸਲ ਸਿਧਾਂਤਾ ’ਤੇ ਪਹਿਰਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨਾ ਚਾਹੀਦਾ ਹੈ। ਕਿਉਂਕਿ ਹੁਣ ਵਕਤ ਦੀ ਨਿਜ਼ਾਕਤ ਨੂੰ ਸਮਝਦਿਆਂ ਪੰਥ ਅਤੇ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਦੀ ਲੋੜ ਹੈ ਨਾ ਕਿ ਬਾਦਲ ਪਰਿਵਾਰ।
ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸੁਖਬੀਰ ਬਾਦਲ ਵਿਦੇਸ਼ ਤੋਂ ਐਮਬੀਏ ਦੀ ਪੜ੍ਹਾਈ ਕਰਕੇ ਆਏ ਹਨ ਅਤੇ ਉਨ੍ਹਾਂ ਨੇ ਅਕਾਲੀ ਦਲ ਨੂੰ ਕਾਰਪੋਰੇਟ ਘਰਾਣਿਆਂ ਦੀ ਤਰ੍ਹਾਂ ਵਰਤਣਾ ਸ਼ੁਰੂ ਕਰ ਦਿੱਤਾ ਸੀ। ਜਿਸ ਕਰਕੇ ਅਕਾਲੀ ਦਲ ਦੀ ਹਾਲਾਤ ਏਨੀ ਪਤਲੀ ਹੋ ਗਈ ਹੈ ਕਿ ਅੱਜ ਸੰਗਰੂਰ ਜਿਮਨੀ ਚੋਣ ਲਈ ਉਮੀਦਵਾਰ ਤੱਕ ਨਹੀਂ ਲੱਭ ਰਿਹਾ ਹੈ। ਬੜੇ ਅਫ਼ਸੋਸ ਦੀ ਗੱਲ ਹੈ ਸੋ ਸਾਲ ਤੋਂ ਉੱਪਰ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਵੇਲੇ ਸੁਖਬੀਰ ਬਾਦਲ ਹਾਸ਼ੀਏ ਤੇ ਲੈ ਆਏ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਨਾਮੋਸ਼ੀਜਨਕ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਡਾ ਦੀ ਅਗਵਾਈ ਵਿੱਚ ਹਾਰ ਦਾ ਵਿਸ਼ਲੇਸਣ ਕਰਨ ਲਈ ਗਠਿਤ ਕੀਤੀ ਗਈ 13 ਮੈਂਬਰੀ ਕਮੇਟੀ ਨੇ ਵੀ ਇਹੋ ਨਿਚੋੜ ਕੱਢਿਆ ਸੀ ਕਿ ਬਾਦਲ ਪਰਿਵਾਰ ਨੂੰ ਲਾਂਭੇ ਕੀਤੇ ਬਿਨਾਂ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਨਹੀਂ ਸੁਧਾਰ ਸਕਦੀ ਹੈ। ਇਸ ਕਰਕੇ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਦੇਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ ਸੱਤਾ ਦੇ ਨਸ਼ੇ ਵਿੱਚ ਕੱਲ ਜਿਹਨਾਂ ਨੂੰ ਅਤਿਵਾਦੀ ਤੇ ਖ਼ਾਲਿਸਾਤਾਨੀ ਗਰਦਾਨਦਾ ਰਿਹਾ ਹੈ ਅੱਜ ਉਹਨਾਂ ਲੀਡਰਾਂ ਦੇ ਤਲਵੇਂ ਚੱਟਣ ਲਈ ਮਜ਼ਬੂਰ ਹੋਇਆ ਹੈ।
ਸ੍ਰੀ ਸੋਢੀ ਨੇ ਕਿਹਾ ਕਿ ਬਾਦਲ ਪਰਿਵਾਰ ਅੰਦਰ ਥੋੜ੍ਹੀ ਬਹੁਤ ਹੀ ਅਣਖ ਅਤੇ ਇੱਜ਼ਤ ਬਚੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਪੰਥਕ ਸੰਸਥਾਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਆਪਣਾ ਨਾਤਾ ਤੋੜ ਕੇ ਆਪਣੇ ਬਿਜ਼ਨੈਸ ਵੱਲ ਧਿਆਨ ਦੇਣਾ ਚਾਹੀਦਾ ਜਿਸ ਵਿੱਚ ਉਹ ਬਾਖੂਬੀ ਮਾਹਰਤ ਰੱਖਦੇ ਹਨ। ਕਿਉਂਕਿ ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਸੰਸਥਾਵਾਂ ਆਪਣੇ ਹਿੱਤਾਂ ਲਈ ਵਰਤਣ ਕਰਕੇ ਹੀ ਅੱਜ ਇਹਨਾਂ ਸੰਸਥਾਵਾਂ ਦੀ ਹਾਲਤ ਇੰਨੀ ਪਤਲੀ ਹੋ ਗਈ ਹੈ ਕਿ ਅੱਜ ਪੰਥਕ ਲੋਕਾਂ ਨੂੰ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਕਹਿਣ ਤੇ ਵੀ ਸ਼ਰਮ ਮਹਿਸੂਸ ਹੁੰਦੀ ਹੈ।
ਸ੍ਰੀ ਸੋਢੀ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਹੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰਨ ਦੇ ਯੋਗ ਹਨ ਇਸ ਲਈ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਬਾਦਲ ਪਰਿਵਾਰ ਦਾ ਤਿਆਗ ਕਰਕੇ ਇੱਕ ਝੰਡੇ ਥੱਲੇ ਇਕੱਠੇ ਹੋ ਕੇ ਅਸਲ ਸਿਧਾਂਤਾ ਅਤੇ ਅਸੂਲਾਂ ਤੇ ਪੈਰ੍ਹਾਂ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਸੁਰਜੀਤ ਕਰਕੇ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੋਣ ਦੀ ਜ਼ਰੂਰਤ ਹੈ। ਇਸ ਕਰਕੇ ਪੰਥ ਅਤੇ ਪੰਜਾਬ ਹਿਤੈਸ਼ੀ ਅਤੇ ਜਾਗ ਦੀ ਜ਼ਮੀਰ ਵਾਲਿਆਂ ਨੂੰ ਬੇਨਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਇੱਕਜੁੱਟ ਹੋ ਕੇ ਕਦਮ ਚੁੱਕਣੇ ਚਾਹੀਦੇ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…