
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਪਿੰਡ ਜਗਤਪੁਰਾ ’ਚ ਦਿੱਤਾ ਧਰਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਡਾ. ਮੇਜਰ ਸਿੰਘ ਦੀ ਅਗਵਾਈ ਵਿੱਚ ਪਿੰਡ ਜਗਤਪੁਰਾ ਵਿੱਚ ਪਾਰਟੀ ਵਰਕਰਾਂ ਨੇ ਆਪਣੇ ਹੱਥਾਂ ਵਿੱਚ ਕਿਸਾਨੀ ਝੰਡਾ ਫੜ ਕੇ ਸ਼ਾਂਤਮਈ ਧਰਨਾ ਦਿੱਤਾ। ਧਰਨੇ ਵਿੱਚ ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਬੋਲਦਿਆਂ ਡਾ. ਮੇਜਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਪਹਿਲੇ ਦਿਨ ਤੋਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਅਤੇ ਪਾਰਟੀ ਵਰਕਰ ਬਿਨਾਂ ਕਿਸੇ ਸਿਆਸੀ ਲਾਹੇ ਤੋਂ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਅਤੇ ਪਾਰਟੀ ਹਾਈ ਕਮਾਂਡ ਵੱਲੋਂ ਤੈਅ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦਾ ਸਮਰਥਨ ਕੀਤਾ ਜਾਵੇਗਾ। ਧਰਨੇ ਨੂੰ ਬਲਜੀਤ ਸਿੰਘ ਜਗਤਪੁਰਾ, ਜਗਤਾਰ ਸਿੰਘ, ਬਚਿੱਤਰ ਸਿੰਘ, ਗੁਰਜੰਟ ਸਿੰਘ, ਬਲਿਹਾਰ ਸਿੰਘ, ਸ਼ਰਨਜੀਤ ਸਿੰਘ, ਦਲਜੀਤ ਸਿੰਘ, ਸਤਬੀਰ ਸਿੰਘ, ਕਮਲ ਸੇਖੋਂ ਅਤੇ ਭੁਪਿੰਦਰ ਸੇਖੋਂ ਨੇ ਵੀ ਸੰਬੋਧਨ ਕੀਤਾ।
ਡਾ. ਮੇਜਰ ਸਿੰਘ ਨੇ ਅੱਗੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਪਹਿਲੇ ਅਜਿਹੇ ਲੀਡਰ ਹਨ ਜਿਨ੍ਹਾ ਨੇ ਸਭਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਨ੍ਹਾ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਉਹ ਇਸਦੇ ਵਿਰੁੱਧ ਰਾਸ਼ਟਰੀ ਅਤੇ ਅੰਤਰਾਸ਼ਰਟੀ ਪੱਧਰ ’ਤੇ ਵੀ ਆਵਾਜ਼ ਚੁੱਕਦੇ ਆਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਢੀਂਡਸਾ ਨੇ ਰਾਜ ਸਭਾ ਵਿੱਚ ਵੀ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਨੂੰ ਘੇਰਿਆ ਸੀ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਫੌਰੀ ਰੱਦ ਕਰਨ ਦੀ ਮੰਗ ਕੀਤੀ ਸੀ।