Nabaz-e-punjab.com

ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਰੂਪਨਗਰ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 10 ਟਰੱਕ ਭੇਜੇ

ਪੰਜਾਬ ਵਿੱਚ ਹੜ੍ਹਾਂ ਕਾਰਨ ਮਚੀ ਤਬਾਹੀ ਲਈ ਕੈਪਟਨ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ: ਚੰਦੂਮਾਜਰਾ

ਹੜ੍ਹ ਪੀੜਤ ਪਰਿਵਾਰਾਂ ਦੇ ਮੁੜ ਬਸੇਵੇ ਅਤੇ ਜਲ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ: ਹਰਿੰਦਰਪਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਵਰਕਰਾਂ, ਹਲਕਾ ਸਨੌਰ, ਘਨੌਰ ਦੀ ਸੰਗਤ ਅਤੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਅਤੇ ਯੂਥ ਵਿੰਗ ਦੇ ਸਹਿਯੋਗ ਨਾਲ ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹ ਕਾਰਨ ਮਚੀ ਤਬਾਹੀ ਨੂੰ ਦੇਖਦੇ ਹੋਏ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕਾ ਅਤੇ ਰੂਪਨਗਰ ਦੇ ਹੜ ਪੀੜਤਾਂ ਦੀ ਮਦਦ ਲਈ ਆਟਾ, ਦਾਲਾਂ, ਪਾਣੀ ਦੀਆਂ ਬੋਤਲਾਂ, ਮੱਛਰਦਾਨੀਆਂ ਅਤੇ ਹੋਰ ਨਿੱਤ ਵਰਤੋਂ ਦਾ ਘਰੇਲੂ ਸਮਾਨ ਭੇਜਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਪਿੰਡ ਸੋਹਾਣਾ ਤੋਂ ਰਾਹਤ ਸਮੱਗਰੀ ਦੇ 10 ਟਰੱਕਾਂ ਨੂੰ ਅੱਜ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਰਵਾਨਾ ਕੀਤਾ। ਇਨ੍ਹਾਂ ਟਰੱਕਾਂ ਵਿੱਚ ਨਿੱਤ ਵਰਤੋਂ ਦੇ ਸਮਾਨ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਵੱਖ-ਵੱਖ ਕਿਸਮਾਂ ਦੀਆਂ ਦਵਾਈਆਂ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਰਾਹਤ ਸਮੱਗਰੀ ਦੇ ਦੋ ਟਰੱਕ ਜਲੰਧਰ ਨੇੜੇ ਪਿੰਡ ਲੋਹੀਆਂ ਵਿੱਚ ਭੇਜੇ ਜਾ ਚੁੱਕੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਪਿਛਲੇ ਦਿਨੀਂ ਪੰਜਾਬ ਵਿੱਚ ਕੁਦਰਤ ਦੀ ਕਰੋਪੀ ਕਾਰਨ ਹੜ੍ਹ ਆਏ ਹਨ ਪ੍ਰੰਤੂ ਪੰਜਾਬ ਦੀ ਕੈਪਟਨ ਸਰਕਾਰ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ ਹੈ। ਕਿਉਂਕਿ ਜੇ ਸਰਕਾਰ ਮੁਸਤੈਦੀ ਨਾਲ ਕੰਮ ਕਰਦੀ ਜਾਂ ਮੌਸਮ ਵਿਭਾਗ ਦੀ ਚਿਤਾਵਨੀ ਨੂੰ ਦੇਖਦੇ ਹੋਏ ਕੀਤੇ ਹੁੰਦੇ ਤਾਂ ਹੜ੍ਹ ਨਾਲ ਮਚੀ ਤਬਾਹੀ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਦੀ ਬਦ-ਇੰਤਜ਼ਾਮੀ ਕਾਰਨ ਲੋਕਾਂ ਦਾ ਕਰੋੜਾ ਰੁਪਏ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਖੜਾ ਡੈਮ, ਬਿਆਸ ਅਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਥੱਲੇ ਸੀ, ਜੇਕਰ ਉਦੋਂ ਸਿਆਣਪ ਤੋਂ ਕੰਮ ਲੈਂਦੇ ਹੋਏ ਹੌਲੀ ਹੌਲੀ ਪਾਣੀ ਛੱਡਿਆ ਹੁੰਦਾ ਤਾਂ ਅੱਜ ਪੰਜਾਬ ਦੇ ਇਹ ਹਾਲਾਤ ਨਹੀਂ ਹੋਣੇ ਸੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤਾਂ ਸਮੇਂ ਸਿਰ ਸੂਬਾ ਸਰਕਾਰ ਨੂੰ ਸੰਭਾਵਿਤ ਹੜ੍ਹਾਂ ਦੇ ਖ਼ਤਰੇ ਬਾਰੇ ਰਿਪੋਰਟਾਂ ਭੇਜ ਦਿੱਤੀਆਂ ਸਨ ਪ੍ਰੰਤੂ ਮੁੱਖ ਮੰਤਰੀ ਇਨ੍ਹਾਂ ਰਿਪੋਰਟਾਂ ਨੂੰ ਆਪਣੇ ਸਰਹਾਣੇ ਥੱਲੇ ਦੱਬ ਕੇ ਬੈਠੇ ਰਹੇ। ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤ ਸੂਬਿਆਂ ਦੀ ਘੋਸ਼ਣਾ ਸੂਚੀ ’ਚੋਂ ਪੰਜਾਬ ਬਾਹਰ ਰਹਿ ਗਿਆ।
ਇਸ ਮੌਕੇ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਹਰਭਾਗ ਸਿੰਘ ਦੇਸੂਮਾਜਰਾ, ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ, ਸਤਵੀਰ ਸਿੰਘ ਧਨੋਆ, ਸੁਖਦੇਵ ਸਿੰਘ ਪਟਵਾਰੀ, ਕਮਲਜੀਤ ਸਿੰਘ ਰੂਬੀ, ਭਾਜਪਾ ਆਗੂ ਬੌਬੀ ਕੰਬੋਜ, ਗੁਰਮੀਤ ਸਿੰਘ ਸ਼ਾਮਪੁਰ, ਨੰਬਰਦਾਰ ਹਰਵਿੰਦਰ ਸਿੰਘ, ਹਰਸੰਗਤ ਸਿੰਘ, ਮਨਮੋਹਨ ਸਿੰਘ, ਜਗਜੀਤ ਸਿੰਘ ਕੋਹਲੀ, ਗੁਰਚਰਨ ਸਿੰਘ ਚੇਚੀ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
(ਬਾਕਸ ਆਈਟਮ)
ਹਲਕਾ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ਵਿੰਗ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਖਾਣ ਪੀਣ ਦਾ ਸਮਾਨ ਅਤੇ ਦਵਾਈਆਂ ਭੇਜੀਆਂ ਜਾ ਰਹੀਆਂ ਹਨ ਅਤੇ ਅਗਲੇ ਦਿਨਾਂ ਵਿੱਚ ਹੋਰਨਾਂ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਪਹੁੰਚਾਈ ਜਾਵੇ ਅਤੇ ਉਨ੍ਹਾਂ ਦੇ ਮੁੜ ਬਸੇਵੇ ਅਤੇ ਜਲ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਜੂਨੀਅਰ ਚੰਦੂਮਾਜਰਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣ ਦਾ ਵੀ ਐਲਾਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…