Nabaz-e-punjab.com

ਵਿਸ਼ਵਾਸਘਾਤ ਦਿਵਸ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਮੁਹਾਲੀ ਤੋਂ ਲਾਂਡਰਾਂ ਮੁੱਖ ਸੜਕ ’ਤੇ ਸੋਹਾਣਾ ਵਿੱਚ ਦਿੱਤਾ ਧਰਨਾ, ਏਅਰਪੋਰਟ ਸੜਕ ਤੱਕ ਕੀਤਾ ਰੋਸ ਮਾਰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਮੁਹਾਲੀ ਵਿੱਚ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ ਸਬੰਧੀ ਮੁਹਾਲੀ ਤੋਂ ਲਾਂਡਰਾਂ ਸੜਕ ’ਤੇ ਸੋਹਾਣਾ ਵਿੱਚ ਕੈਪਟਨ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮਗਰੋਂ ਮਾਰੂਤੀ ਸਜ਼ੂਕੀ ਸ਼ੋਅਰੂਮ ਤੋਂ ਲੈ ਕੇ ਏਅਰਪੋਰਟ ਸੜਕ ’ਤੇ ਰੋਸ ਮਾਰਚ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ ਅਤੇ ਮੁੱਖ ਮੰਤਰੀ ਸਮੇਤ ਸਮੁੱਚੀ ਪੰਜਾਬ ਕੈਬਨਿਟ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਇਸ ਦੌਰਾਨ ਕੁਝ ਸਮੇਂ ਲਈ ਸੜਕ ’ਤੇ ਆਵਾਜਾਈ ਵੀ ਪ੍ਰਭਾਵਿਤ ਰਹੀ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦੋ ਸਾਲ ਪਹਿਲਾਂ ਬਣੀ ਕਾਂਗਰਸ ਸਰਕਾਰ ਬਿਲਕੁਲ ਨਿਕੰਮੀ ਸਰਕਾਰ ਸਾਬਤ ਹੋਈ ਹੈ। ਹੁਕਮਰਾਨਾਂ ਨੇ ਨਿੱਜ ਹਿੱਤਾਂ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ ਅਤੇ ਹੁਣ ਚੋਣਾਂ ਵਿੱਚ ਕੀਤੇ ਸਾਰੇ ਵਾਅਦਿਆਂ ਤੋਂ ਮੂੰਹ ਫੇਰ ਲਿਆ। ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਪੁਲੀਸ ਥਾਣਿਆਂ ਵਿੱਚ ਅੌਰਤਾਂ ਨੂੰ ਇਨਸਾਫ਼ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ।
ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵੇਲੇ ਘਰ ਘਰ ਰੁਜ਼ਗਾਰ, ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ ਅਤੇ ਨੌਜਵਾਨਾਂ ਨੂੰ ਸਮਾਰਟ ਮੋਬਾਈਲ ਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਹੁਣ ਤੱਕ ਕੈਪਟਨ ਸਰਕਾਰ ਨੇ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ ਅਤੇ ਮੌਜੂਦਾ ਸਮੇਂ ਵਿੱਚ ਬੇਰੁਜ਼ਗਾਰੀ ’ਚ ਭਾਰੀ ਵਾਧਾ ਹੋਇਆ ਹੈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ ਤੇ ਕਮਲਜੀਤ ਸਿੰਘ ਰੂਬੀ, ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬਲਜਿੰਦਰ ਕੌਰ ਸੈਦਪੁਰ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਸਤਿੰਦਰ ਸਿੰਘ ਗਿੱਲ ਤੇ ਹਰਜਿੰਦਰ ਸਿੰਘ ਬਲੌਂਗੀ, ਸਰਕਲ ਜਥੇਦਾਰ ਗੁਰਮੀਤ ਸਿੰਘ ਸ਼ਾਮਪੁਰ, ਜਥੇਦਾਰ ਬਲਵਿੰਦਰ ਸਿੰਘ ਗੋਬਿੰਦਗੜ੍ਹ, ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਸੁਰਿੰਦਰ ਸਿੰਘ ਰੋਡਾ, ਆਰਪੀ ਸ਼ਰਮਾ, ਕਮਲਜੀਤ ਕੌਰ, ਯੂਥ ਆਗੂ ਅਮਨਿੰਦਰ ਸਿੰਘ ਆਬਿਆਨਾ, ਅਮਨ ਪੁਨੀਆ, ਸਾਬਕਾ ਸਰਪੰਚ ਅਵਤਾਰ ਸਿੰਘ ਗੋਸਲ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…